ਇਫਟੂ ਵੱਲੋਂ ਪੰਜਾਬ ਸਰਕਾਰ ਦੇ ਪਾਵਰਕੌਮ ਦੇ ਠੇਕਾ ਮੁਲਾਜ਼ਮਾਂ ਉੱਤੇ ਐਸਮਾ ਲਾਉਣ ਦੀ ਨਿੰਦਾ

ਨਵਾਂਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨਜ਼ (ਇਫਟੂ) ਪੰਜਾਬ ਨੇ ਪੰਜਾਬ ਸਰਕਾਰ ਵੱਲੋਂ ਪਾਵਰਕੌਮ ਦੇ ਹੜਤਾਲੀ ਮੁਲਾਜਮਾਂ ਉੱਤੇ ਐਸਮਾ ਲਾਉਣ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਇਫਟੂ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਸੂਬਾ ਪ੍ਰੈਸ ਸਕੱਤਰ ਜਸਬੀਰ ਦੀਪ ਨੇ ਆਖਿਆ ਹੈ ਕਿ ਆਮ ਆਦਮੀ ਪਾਰਟੀ ਦੀ ਮਾਨ ਸਰਕਾਰ ਦਾ ਮੁਲਾਜ਼ਮ ਵਿਰੋਧੀ ਚਿਹਰਾ ਬੇਪਰਦ ਹੋ ਗਿਆ ਹੈ। ਪੰਜਾਬ ਸਰਕਾਰ ਨੇ ਆਪਣੇ ਹੁਕਮਾਂ ਵਿੱਚ ਕਿਹਾ ਹੈ ਕਿ ਜੇਕਰ ਪਾਵਰਕੌਮ ਦੇ ਠੇਕਾ ਮੁਲਾਜ਼ਮ ਹੜਤਾਲ ਉੱਤੇ ਜਾਣਗੇ ਤਾਂ ਐਸਮਾ ਤਹਿਤ ਉਹਨਾਂ ਦੀ ਜਬਰੀ ਛੁੱਟੀ ਕਰ ਦਿੱਤੀ ਜਾਵੇਗੀ। ਇੱਥੇ ਵਰਨਣਯੋਗ ਹੈ ਕਿ ਪਾਵਰਕੌਮ ਦੇ ਠੇਕਾ ਮੁਲਾਜ਼ਮਾਂ ਨੇ 11,12 ਅਤੇ 13 ਸਤੰਬਰ ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਉੱਤੇ ਜਾਣ ਦਾ ਐਲਾਨ ਕੀਤਾ ਹੋਇਆ ਹੈ। ਆਗੂਆਂ ਨੇ ਕਿਹਾ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਕਰਨਾ ਮੁਲਾਜ਼ਮਾਂ ਦਾ ਸੰਵਿਧਾਨਕ ਹੱਕ ਹੈ।ਉਹਨਾਂ ਕਿਹਾ ਕਿ ਇਸਤੋਂ ਪਹਿਲਾਂ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਅਰਵਿੰਦ ਕੇਜਰੀਵਾਲ ਦੀ ਸਰਕਾਰ ਨੇ ਦਿੱਲੀ ਦੀਆਂ ਹੜਤਾਲੀ ਆਂਗਣਵਾੜੀ ਵਰਕਰਾਂ ਉੱਤੇ ਐਸਮਾ ਲਾਇਆ ਸੀ ਅਤੇ ਹੁਣ ਪੰਜਾਬ ਦੀ ਮਾਨ ਸਰਕਾਰ ਪਾਵਰਕੌਮ ਦੇ ਹੜਤਾਲੀ ਠੇਕਾ ਮੁਲਾਜ਼ਮਾਂ ਨਾਲ ਅਜਿਹਾ ਹੀ ਕਰ ਰਹੀ ਹੈ। ਉਹਨਾਂ ਕਿਹਾ ਕਿ ਮਾਨ ਸਰਕਾਰ ਨੂੰ ਐਸਮਾ ਲਾਉਣ ਦੀ ਥਾਂ ਪਾਵਰਕੌਮ ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਵੱਲ ਧਿਆਨ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਫਟੂ ਪਾਵਰਕੌਮ ਦੇ ਠੇਕਾ ਮੁਲਾਜ਼ਮਾਂ ਦੇ ਸੰਘਰਸ਼ ਦੀ ਹਮਾਇਤ ਵਿੱਚ ਉਹਨਾਂ ਦੇ ਨਾਲ ਖੜ੍ਹੀ ਹੈ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦਾਦ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਉਤਸਵ ਮਨਾਇਆ
Next articleਨਵਤੇਜ ਗੜ੍ਹਦੀਵਾਲਾ ਦੀ ਪੁਸਤਕ ‘ਸਤਿਗੁਰ ਰਵਿਦਾਸ ਬਾਣੀ – ਕ੍ਰਾਂਤੀਕਾਰੀ ਸੰਦੇਸ਼’ ਉੱਤੇ ਹੋਈ ਵਿਚਾਰ-ਚਰਚਾ