ਅੰਮ੍ਰਿਤਸਰ (ਸਮਾਜ ਵੀਕਲੀ): ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖ਼ਿਲਾਫ਼ ਦੋਸ਼ ਲਾਇਆ ਕਿ ਉਨ੍ਹਾਂ ਦੇ ਹਲਕੇ ਵਿਚ ਰੇਤੇ ਦੀ ਨਾਜਾਇਜ਼ ਮਾਈਨਿੰਗ ਦਾ ਕਾਰੋਬਾਰ ਚੱਲ ਰਿਹਾ ਹੈ। ਇਸ ਦੀ ਜਾਂਚ ਹੋੋਵੇ ਅਤੇ ਕੇਸ ਦਰਜ ਹੋਣਾ ਚਾਹੀਦਾ ਹੈ। ਇੱਥੇ ਹਵਾਈ ਅੱਡੇ ’ਤੇ ਮੀਡੀਆ ਨਾਲ ਗੱਲ ਕਰਦਿਆਂ ਸ੍ਰੀ ਕੇਜਰੀਵਾਲ ਨੇ ਆਖਿਆ ਕਿ ਇਸ ਸਬੰਧ ’ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਦੋਸ਼ ਲਾਏ ਗਏ ਹਨ। ਉਨ੍ਹਾਂ ਕਿਹਾ ਕਿ ਰੇਤ ਦੀ ਗ਼ੈਰ-ਕਾਨੂੰਨੀ ਮਾਈਨਿੰਗ ਦੇ ਕਾਰੋਬਾਰ ਵਿੱਚ ਕਈ ਮੰਤਰੀ ਤੇ ਵਿਧਾਇਕ ਵੀ ਸ਼ਾਮਲ ਹਨ।
ਸੱਤਾਧਾਰੀ ਕਾਂਗਰਸ ’ਤੇ ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਅੰਦਰ ਇਕੱਲੇ ਰੇਤ ਖਣਨ ਦਾ ਹੀ 20 ਹਜ਼ਾਰ ਕਰੋੜ ਰੁਪਏ ਤੋਂ ਵੱਧ ਦਾ ਗੈਰ-ਕਾਨੂੰਨੀ ਧੰਦਾ ਚੱਲ ਰਿਹਾ ਹੈ, ਜਿਸ ’ਚ ਸੱਤਾਧਾਰੀ ਧਿਰ ਦੇ ਵਿਧਾਇਕ, ਵਜ਼ੀਰ ਤੇ ਖ਼ੁਦ ਮੁੱਖ ਮੰਤਰੀ ਸਮੇਤ ਇਨ੍ਹਾਂ ਦੇ ਕਰੀਬੀਆਂ ਉੱਪਰ ਸਿੱਧੇ ਤੌਰ ’ਤੇ ਸ਼ਾਮਲ ਹੋਣ ਦੇ ਗੰਭੀਰ ਦੋਸ਼ ਲੱਗ ਰਹੇ ਹਨ। ਉਨ੍ਹਾਂ ਕਿਹਾ ਕਿ 2022 ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਗੈਰ-ਕਾਨੂੰਨੀ ਤੌਰ ’ਤੇ ਚੱਲ ਰਹੇ ਰੇਤ ਖਣਨ ਸਮੇਤ ਸਾਰੇ ਕਾਲੇ ਧੰਦੇ ਬੰਦ ਕੀਤੇ ਜਾਣਗੇ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly