ਚੰਡੀਗੜ੍ਹ (ਸਮਾਜ ਵੀਕਲੀ) : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਨਸ਼ਿਆਂ ਬਾਰੇ ਵਿਸ਼ੇਸ਼ ਟਾਸਕ ਫੋਰਸ (ਐੱਸਟੀਐੱਫ) ਦੀ ਰਿਪੋਰਟ ਦੇ ਮਾਮਲੇ ’ਚ ਅੱਜ ਮੁੜ ਚੰਨੀ ਸਰਕਾਰ ਨੂੰ ਹਲੂਣਾ ਦਿੱਤਾ ਹੈ। ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਨਸ਼ਾ ਤਸਕਰੀ ਦੇ ਕੇਸਾਂ ਬਾਰੇ ਸ਼ਨਿੱਚਰਵਾਰ ਨੂੰ ਇੱਕ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ, ਜਿਸ ਦੀ ਅਗਵਾਈ ਮੁੱਖ ਸਕੱਤਰ ਪੰਜਾਬ ਕਰਨਗੇ। ਰੰਧਾਵਾ ਨੇ ਤਿੰਨ ਮੈਂਬਰੀ ਕਮੇਟੀ ਨੂੰ ਹਫ਼ਤੇ ਵਿਚ ਰਿਪੋਰਟ ਦੇਣ ਦੀ ਹਦਾਇਤ ਕੀਤੀ ਹੈ। ਉਂਜ ਰੰਧਾਵਾ ਨੇ ਆਪਣੇ ਹੁਕਮਾਂ ’ਚ ਇਹ ਸਵਾਲ ਵੀ ਕੀਤਾ ਹੈ ਕਿ ਕੀ ਐੱਸਟੀਐੱਫ ਵਾਲੇ ਕੇਸਾਂ ਵਿਚ ਕਾਰਵਾਈ ਲਈ ਜਾਣਬੁੱਝ ਕੇ ਦੇਰੀ ਕੀਤੀ ਗਈ ਹੈ। ਉਧਰ ਸ਼੍ਰੋਮਣੀ ਅਕਾਲੀ ਦਲ ਨੇ ਲੰਘੇ ਕੱਲ੍ਹ ਗ੍ਰਿਫ਼ਤਾਰੀਆਂ ਦੇ ਕੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਖਿਲਾਫ਼ ਝੂਠਾ ਕੇਸ ਦਰਜ ਕਰਨ ਦਾ ਖ਼ਦਸ਼ਾ ਜ਼ਾਹਿਰ ਕੀਤਾ ਹੈ। ਪੰਜਾਬ ਚੋਣਾਂ ਦੇ ਨਜ਼ਦੀਕ ਆਉਂਦੇ ਹੀ ਨਸ਼ਿਆਂ ਦਾ ਮਾਮਲਾ ਭਖ ਗਿਆ ਹੈ।
ਕਾਂਗਰਸ ਪ੍ਰਧਾਨ ਨੇ ਅੱਜ ਆਪਣੇ ਟਵਿੱਟਰ ਖਾਤੇ ’ਤੇ ਰੰਧਾਵਾ ਵੱਲੋਂ ਬਣਾਈ ਤਿੰਨ ਮੈਂਬਰੀ ਕਮੇਟੀ ਦੀ ਖ਼ਬਰ ਸਾਂਝੀ ਕਰਦਿਆਂ ਕਿਹਾ ਹੈ ਕਿ ਇਸ ਰਿਪੋਰਟ ’ਤੇ ਫ਼ੌਰੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਇਸ (ਰਿਪੋਰਟ) ’ਚ ਕੁੱਝ ਨਹੀਂ ਹੈ ਤਾਂ ਕੈਪਟਨ ਜ਼ਿੰਮੇਵਾਰ ਹੋਣਗੇ, ਅਤੇ ਜੇ ਕੁਝ ਹੈ ਤਾਂ ਫ਼ੌਰੀ ਐਕਸ਼ਨ ਲਿਆ ਜਾਵੇ। ਉਧਰ ਸ਼੍ਰੋਮਣੀ ਅਕਾਲੀ ਦਲ ਆਖ ਚੁੱਕਾ ਹੈ ਕਿ ਚੰਨੀ ਤੇ ਸਿੱਧੂ ਵੱਲੋਂ ਮਜੀਠੀਆ ਖ਼ਿਲਾਫ਼ ਨਸ਼ਿਆਂ ਦੇ ਮਾਮਲੇ ’ਤੇ ਸਾਜ਼ਿਸ਼ ਘੜੀ ਜਾ ਰਹੀ ਹੈ ਜਦੋਂ ਕਿ ਨਵਜੋਤ ਸਿੱਧੂ ਇਸੇ ਮਾਮਲੇ ’ਤੇ ਆਪਣਾ ਪੱਖ ਸਪਸ਼ਟ ਕਰ ਚੁੱਕੇ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly