ਚੰਡੀਗੜ੍ਹ(ਸਮਾਜ ਵੀਕਲੀ): ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪਰਵਾਸੀ ਪੰਜਾਬੀਆਂ ਨੂੰ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਅੱਗੇ ਆਉਣ ਦਾ ਸੱਦਾ ਦਿੱਤਾ ਹੈ। ਸ੍ਰੀ ਧਾਲੀਵਾਲ ਨੇ ਅੱਜ ਇੱਥੇ ਪਰਵਾਸੀ ਭਾਰਤੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਪਰਵਾਸੀ ਭਾਰਤੀਆਂ (ਐੱਨ.ਆਰ.ਆਈਜ਼) ਨੂੰ ਆਪਣੀ ਮਾਤ ਭੂਮੀ ਦੀ ਬਿਹਤਰੀ ਅਤੇ ਖ਼ੁਸਹਾਲੀ ਲਈ ਮੋਹਰੀ ਭੂਮਿਕਾ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਦੇ ਸੁਫ਼ਨਿਆਂ ਨੂੰ ਸਾਕਾਰ ਕਰਨ ਲਈ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ ਦਿੱਤਾ ਜਾਵੇਗਾ।
ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਦੋ ਹਫ਼ਤਿਆਂ ਵਿੱਚ ਐੱਨ.ਆਰ.ਆਈ ਨੀਤੀ ਦਾ ਖਰੜਾ ਪੇਸ਼ ਕੀਤਾ ਜਾਵੇ। ਇਸ ਨੂੰ ਮੁੱਖ ਮੰਤਰੀ ਨਾਲ ਵਿਚਾਰਨ ਮਗਰੋਂ ਪ੍ਰਵਾਨਗੀ ਦਿੱਤੀ ਜਾਵੇਗੀ। ਮੰਤਰੀ ਨੇ ਕਿਹਾ ਕਿ ਪਰਵਾਸੀ ਭਾਰਤੀਆਂ ਦੀ ਭਲਾਈ ਤੇ ਸੁਵਿਧਾ ਲਈ ਪਾਰਦਰਸ਼ੀ ਅਤੇ ਤਰਕਸੰਗਤ ਨੀਤੀ ਤਿਆਰ ਕੀਤੀ ਜਾਵੇ। ਮੰਤਰੀ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦੇ ਜ਼ਿਆਦਾਤਰ ਪੰਜਾਬੀ ਆਪਣੇ ਜੱਦੀ ਪਿੰਡਾਂ ਦੀ ਬਿਹਤਰੀ ਲਈ ਵੱਡੇ ਯੋਗਦਾਨ ਪਾਉਣਾ ਚਾਹੁੰਦੇ ਹਨ। ਸਿਹਤ, ਖੇਡਾਂ, ਸਿੱਖਿਆ ਦੇ ਖੇਤਰਾਂ ਅਤੇ ਪਿੰਡਾਂ ਦੇ ਛੱਪੜਾਂ ਦੀ ਨੁਹਾਰ ਬਦਲਣ ਵਿੱਚ ਪਰਵਾਸੀ ਭਾਰਤੀਆਂ ਦੇ ਸਹਿਯੋਗ ਤੇ ਯੋਗਦਾਨ ਦਾ ਸਵਾਗਤ ਕਰਦਿਆਂ ਮੰਤਰੀ ਨੇ ਕਿਹਾ ਕਿ ਨਵੀਂ ਨੀਤੀ ਸਾਰੀਆਂ ਰੁਕਾਵਟਾਂ ਦੂਰ ਕਰੇਗੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly