ਸੰਸਦ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨ ਰੱਦ ਕਰਨੇ ਅਸੰਭਵ: ਭਾਜਪਾ ਆਗੂ

ਚੰਡੀਗੜ੍ਹ (ਸਮਾਜ ਵੀਕਲੀ):  ਪੰਜਾਬ ਭਾਜਪਾ ਦੇ ਜਨਰਲ ਸਕੱਤਰ ਜੀਵਨ ਗੁਪਤਾ ਨੇ ਕਿਸਾਨ ਯੂਨੀਅਨਾਂ ਦੇ ਸਾਰੇ ਨੇਤਾਵਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੱਤਭੇਦ ਭੁਲਾ ਕੇ ਕੇਂਦਰ ਸਰਕਾਰ ਨਾਲ ਸਾਰਥਕ ਗੱਲਬਾਤ ਕਰਨ। ਇੱਕ ਬਿਆਨ ਰਾਹੀਂ ਉਨ੍ਹਾਂ ਕਿਹਾ ਕਿ ਕਿਸਾਨ ਨੇਤਾਵਾਂ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਦੇ ਫਾਇਦੇ ਅਤੇ ਪੰਜਾਬ ਦੇ ਭਲੇ ਲਈ ਇੱਕ ਚੰਗਾ ਖਰੜਾ ਤਿਆਰ ਕਰਕੇ ਕੇਂਦਰ ਸਰਕਾਰ ਦੇ ਸਾਹਮਣੇ ਰੱਖਣ ਤਾਂ ਜੋ ਕਿਸਾਨਾਂ ਅਤੇ ਪੰਜਾਬ ਨੂੰ ਲਾਭ ਪੁੱਜ ਸਕੇ। ਉਨ੍ਹਾਂ ਕਿਹਾ ਕਿ ਸੰਵਿਧਾਨ ਨੂੰ ਸਮਝਣ ਵਾਲੇ ਚੰਗੀ ਤਰ੍ਹਾਂ ਜਾਣਦੇ ਹਨ ਕਿ ਸੰਸਦ ਵੱਲੋਂ ਪਾਸ ਕੀਤੇ ਗਏ ਕਾਨੂੰਨਾਂ ਨੂੰ ਰੱਦ ਕਰਨਾ ਅਸੰਭਵ ਹੈ। ਜੀਵਨ ਗੁਪਤਾ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਕਿਸਾਨਾਂ ਦੇ ਹਿੱਤਾਂ ਲਈ ਬਹੁਤ ਕੰਮ ਕੀਤੇ ਹਨ ਪਰ ਅੱਜ ਕਿਸਾਨ ਸਿਰਫ ਸਿਆਸੀ ਹਿੱਤਾਂ ਅਤੇ ਵਿਰੋਧੀ ਪਾਰਟੀਆਂ ਦੇ ਗੁਮਰਾਹ ਹੋਣ ਕਾਰਨ ਕੇਂਦਰ ਸਰਕਾਰ ਦਾ ਵਿਰੋਧ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨਵੇਂ ਪਾਸ ਕੀਤੇ ਖੇਤੀਬਾੜੀ ਕਾਨੂੰਨਾਂ ਵਿੱਚ ਸੋਧ ਲਈ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਲਈ ਕਿਸੇ ਵੀ ਸਮੇਂ ਤਿਆਰ ਹੈ। ਕੇਂਦਰ ਸਰਕਾਰ ਨੇ ਸਨਮਾਨ ਨਿਧੀ ਸਕੀਮ ਤਹਿਤ ਕਿਸਾਨਾਂ ਦੇ ਖਾਤਿਆਂ ਵਿੱਚ ਸਾਲਾਨਾ 6,000 ਸਿੱਧੇ ਪਾ ਕੇ ਅਤੇ ਹੋਰ ਸਹੂਲਤਾਂ ਦੇ ਕੇ ਕਿਸਾਨ ਪੱਖੀ ਹੋਣ ਦਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਫ਼ਸਲਾਂ ਦੀ ਖਾਤਿਆਂ ਵਿੱਚ ਸਿੱਧੀ ਅਦਾਇਗੀ ਸ਼ੁਰੂ ਕਰ ਦਿੱਤੀ ਹੈ, ਜਿਸ ਦੀ ਕਿਸਾਨ ਲੰਮੇ ਸਮੇਂ ਤੋਂ ਮੰਗ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨ ਆਗੂ ਗੱਲਬਾਤ ਜਾਂ ਸੋਧ ਲਈ ਇੱਕ ਕਦਮ ਅੱਗੇ ਵਧਾਉਂਦੇ ਹਨ ਤਾਂ ਭਾਰਤ ਸਰਕਾਰ ਉਨ੍ਹਾਂ ਲਈ ਦੋ ਕਦਮ ਚੁੱਕੇਗੀ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਬੇਅਦਬੀ ਕਾਂਡ: ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਡੇਰੇ ਦੀਆਂ ਰਿਹਾਇਸ਼ੀ ਕਲੋਨੀਆਂ ’ਤੇ ਛਾਪਾ
Next articleਆਰਥਿਕ ਤੰਗੀ ਕਾਰਨ ਨਿਹਾਲੂਵਾਲ ਦੇ ਗ੍ਰੰਥੀ ਵੱਲੋਂ ਖੁਦਕੁਸ਼ੀ