- ਬਰਾਮਦ ਨਗ਼ਦੀ ’ਚ ਮੁੱਖ ਮੰਤਰੀ ਦੇ ਨਜ਼ਦੀਕੀ ਘਰੋਂ ਮਿਲੇ 4 ਕਰੋੜ ਰੁਪਏ ਵੀ ਸ਼ਾਮਲ
ਚੰਡੀਗੜ੍ਹ (ਸਮਾਜ ਵੀਕਲੀ): ਪੰਜਾਬ ਵਿੱਚ ਅਗਾਮੀ ਚੋਣਾਂ ਤੋਂ ਪਹਿਲਾਂ ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ‘ਰੇਤ ਮਾਫ਼ੀਆ’ ਤੇ ਗੈਰਕਾਨੂੰਨੀ ਮਾਈਨਿੰਗ ਖਿਲਾਫ਼ ਵਿੱਢੀ ਜਾਂਚ ਨੂੰ ਲੈ ਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ ਦੀ ਲੁਧਿਆਣਾ ਸਥਿਤ ਰਿਹਾਇਸ਼ ਸਮੇਤ ਸੂਬੇ ਦੇ ਦਰਜਨਾਂ ਹੋਰ ਟਿਕਾਣਿਆਂ ’ਤੇ ਛਾਪੇ ਮਾਰੇ। ਈਡੀ ਨੇ ਛਾਪਿਆਂ ਦੌਰਾਨ 6 ਕਰੋੜ ਰੁਪਏ ਦੀ ਨਗ਼ਦੀ ਕਬਜ਼ੇ ਵਿੱਚ ਲੈਣ ਦਾ ਦਾਅਵਾ ਕੀਤਾ ਹੈ, ਜਿਨ੍ਹਾਂ ਵਿੱਚ ਹਨੀ ਦੀ ਰਿਹਾਇਸ਼ ਤੋਂ ਮਿਲੇ 4 ਕਰੋੜ ਰੁਪੲੇ ਵੀ ਸ਼ਾਮਲ ਹੈ।
ਅਧਿਕਾਰੀਆਂ ਨੇ ਕਿਹਾ ਕਿ ਜਾਂਚ ਏਜੰਸੀ ਨੇ ਮਨੀ ਲਾਂਡਰਿੰਗ ਨਾਲ ਜੁੜੇ ਕੇਸ ਵਿੱਚ ਚੰਡੀਗੜ੍ਹ, ਮੁਹਾਲੀ, ਲੁਧਿਆਣਾ ਤੇ ਪਠਾਨਕੋਟ ਸਮੇਤ ਸੂਬੇ ਦੀਆਂ ਦਰਜਨਾਂ ਲੋਕੇਸ਼ਨਾਂ ’ਤੇ ਇਕੋ ਵੇਲੇ ਛਾਪੇ ਮਾਰੇ ਹਨ। ਇਸ ਮੌਕੇ ਈਡੀ ਨਾਲ ਸੀਆਰਪੀਐੱਫ ਦਾ ਹਥਿਆਰਬੰਦ ਅਮਲਾ ਵੀ ਮੌਜੂਦ ਸੀ। ਅਧਿਕਾਰੀਆਂ ਨੇ ਕਿਹਾ ਕਿ ਛਾਪੇ ਕਾਲੇ ਧਨ ਨੂੰ ਸਫ਼ੇਦ ਬਣਾਉਣ ਤੋਂ ਰੋਕਣ ਲਈ ਬਣੇ ਐਕਟ (ਪੀਐੱਮਐੱਲਏ) ਤਹਿਤ ਮਾਰੇ ਗਏ ਹਨ। ਸੂਤਰਾਂ ਨੇ ਦੱਸਿਆ ਕਿ ਛਾਪਿਆਂ ਦੌਰਾਨ ਈਡੀ ਵੱਲੋਂ ਭੁਪਿੰਦਰ ਸਿੰਘ ਉਰਫ਼ ਹਨੀ ਦੇ ਟਿਕਾਣੇ ’ਤੇ ਵੀ ਫਰੋਲਾ-ਫਰਾਲੀ ਕੀਤੀ ਗਈ। ਹਨੀ ਮੁੱਖ ਮੰਤਰੀ ਚੰਨੀ ਦਾ ਕਰੀਬੀ ਰਿਸ਼ਤੇਦਾਰ ਦੱਸਿਆ ਜਾਂਦਾ ਹੈ। ਸੂਤਰਾਂ ਮੁਤਾਬਕ ਈਡੀ ਹਨੀ ਦੇ ਅੱਗੇ ਇਕ ਹੋਰ ਵਿਅਕਤੀ ਜਿਸ ਦੀ ਪਛਾਣ ਕੁਦਰਤਦੀਪ ਸਿੰਘ ਵਜੋਂ ਦੱਸੀ ਗਈ ਹੈ, ਨਾਲ ਸਬੰਧਾਂ ਦੀ ਵੀ ਜਾਂਚ ਕਰ ਰਹੀ ਹੈ।
ਸੂਤਰਾਂ ਨੇ ਕਿਹਾ ਕਿ ਈਡੀ ਨੇ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਪੁਲੀਸ ਵੱਲੋਂ ਸਾਲ 2018 ਵਿੱਚ ਦਰਜ ਕੇਸ ਤੇ ਕੁਝ ਹੋਰਨਾਂ ਕੰਪਨੀਆਂ ਤੇ ਵਿਅਕਤੀ ਵਿਸ਼ੇਸ਼ ਖਿਲਾਫ਼ ਨਾਜਾਇਜ਼ ਖਣਨ ਮਾਮਲੇ ਵਿੱਚ ਦਰਜ ਪੁਲੀਸ ਸ਼ਿਕਾਇਤਾਂ ਦਾ ਨੋਟਿਸ ਲੈਂਦਿਆਂ ਤਫ਼ਤੀਸ਼ ਵਿੱਢੀ ਹੈ। ਇਨ੍ਹਾਂ ਐੱਫਆਈਆਰਾਂ ਵਿੱਚ ਰੇਤਾਂ ਦੇ ਗੈਰਕਾਨੂੰਨੀ ਖਣਨ ਵਿੱਚ ਸ਼ਾਮਲ ਟਰੱਕ ਡਰਾਈਵਰਾਂ ਤੇ ਹੋਰਨਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਪੰਜਾਬ ਤੋਂ ਇਲਾਵਾ ਹਰਿਆਣਾ ਦੇ ਪੰਚਕੂਲਾ ਵਿੱਚ ਵੀ ਛਾਪੇਮਾਰੀ ਦੀ ਗੱਲ ਕਹੀ ਜਾ ਰਹੀ ਹੈ। ਇਸ ਦੌਰਾਨ ਵੱਖ-ਵੱਖ ਥਾਣਿਆਂ ਵਿੱਚ ਐੱਫ਼ਆਈਆਰ ਦਰਜ ਕਰਨ ਤੇ ਇਕ ਦੋ ਜਣਿਆਂ ਨੂੰ ਹਿਰਾਸਤ ਵਿੱਚ ਲੈਣ ਦੇ ਚਰਚੇ ਵੀ ਜ਼ੋਰਾਂ ’ਤੇ ਹਨ, ਪਰ ਕੋਈ ਵੀ ਅਧਿਕਾਰੀ ਆਪਣਾ ਮੂੰਹ ਤੱਕ ਖੋਲ੍ਹਣ ਨੂੰ ਤਿਆਰ ਨਹੀਂ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly