- ਕੈਪਟਨ ਦੀ ਪਾਰਟੀ ਨੂੰ 37 ਸੀਟਾਂ ਮਿਲੀਆਂ
- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) 15 ਸੀਟਾਂ ’ਤੇ ਲੜੇਗਾ ਚੋਣ
ਨਵੀਂ ਦਿੱਲੀ (ਸਮਾਜ ਵੀਕਲੀ): ਪੰਜਾਬ ਵਿੱਚ ਭਾਜਪਾ ਆਪਣੀਆਂ ਭਾਈਵਾਲ ਪਾਰਟੀਆਂ ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨਾਲ ਰਲ ਕੇ ਵਿਧਾਨ ਸਭਾ ਚੋਣਾਂ ਲੜੇਗੀ ਜਿਸ ਲਈ ਅੱਜ ਸੀਟਾਂ ’ਤੇ ਸਹਿਮਤੀ ਬਣ ਗਈ ਹੈ। ਭਾਜਪਾ 65, ਪੰਜਾਬ ਲੋਕ ਕਾਂਗਰਸ 37 ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) 15 ਸੀਟਾਂ ’ਤੇ ਚੋਣ ਲੜੇਗੀ। ਭਾਜਪਾ ਦੇ ਕੌਮੀ ਪ੍ਰਧਾਨ ਜੇ ਪੀ ਨੱਢਾ ਨੇ 20 ਫਰਵਰੀ ਨੂੰ ਪੰਜਾਬ ’ਚ ਹੋਣ ਵਾਲੀਆਂ ਚੋਣਾਂ ਲਈ ਭਾਈਵਾਲ ਪਾਰਟੀਆਂ ਵਿਚਕਾਰ ਸੀਟਾਂ ਦੀ ਵੰਡ ਦੇ ਸਮਝੌਤੇ ਦਾ ਐਲਾਨ ਕੀਤਾ। ਇਸ ਮੌਕੇ ਪੰਜਾਬ ਲੋਕ ਕਾਂਗਰਸ ਦੇ ਸੁਪਰੀਮੋ ਕੈਪਟਨ ਅਮਰਿੰਦਰ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਮੁਖੀ ਸੁਖਦੇਵ ਸਿੰਘ ਢੀਂਡਸਾ ਵੀ ਹਾਜ਼ਰ ਸਨ।
ਦੇਸ਼ ਦੀ ਰੱਖਿਆ ਅਤੇ ਖੁਰਾਕ ਸੁਰੱਖਿਆ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਦੱਸਦਿਆਂ ਸ੍ਰੀ ਨੱਢਾ ਨੇ ਕਿਹਾ ਕਿ ਅੱਜ ਸੂਬੇ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ ਅਤੇ ਡਬਲ ਇੰਜਣ ਵਾਲੀ ਸਰਕਾਰ ਹੋਣ ’ਤੇ ਪੰਜਾਬ ਨੂੰ ਲਾਹਾ ਮਿਲੇਗਾ। ਇੱਥੇ ਭਾਜਪਾ ਹੈੱਡਕੁਆਰਟਰ ’ਤੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਭਾਜਪਾ ਪ੍ਰਧਾਨ ਨੇ ਕਿਹਾ,‘‘ਰਾਸ਼ਟਰੀ ਸੁਰੱਖਿਆ ਅਤੇ ਸੂਬੇ ਦੀ ਭਲਾਈ ਲਈ ਤਿੰਨੋਂ ਪਾਰਟੀਆਂ ਇਕਜੁੱਟ ਹੋਈਆਂ ਹਨ। ਅਸੀਂ ਚੋਣਾਂ ਪੂਰੀ ਗੰਭੀਰਤਾ ਨਾਲ ਲੜਾਂਗੇ। ਦੋ-ਤਿੰਨ ਸੀਟਾਂ ਇਧਰ-ਉਧਰ ਹੋ ਸਕਦੀਆਂ ਹਨ। ਸਰਹੱਦੀ ਸੂਬਾ ਹੋਣ ਕਰਕੇ ਪੰਜਾਬ ’ਚ ਮਜ਼ਬੂਤ ਸਰਕਾਰ ਦੀ ਲੋੜ ਹੈ।’’
ਉਨ੍ਹਾਂ ਕਿਹਾ ਕਿ ਪਠਾਨਕੋਟ ਤੋਂ ਫਾਜ਼ਿਲਕਾ ਤੱਕ ਦੀ 600 ਕਿਲੋਮੀਟਰ ਸਰਹੱਦ ਪਾਕਿਸਤਾਨ ਨਾਲ ਲੱਗਦੀ ਹੈ ਅਤੇ ਸਰੱਹਦ ਪਾਰੋਂ ਨਸ਼ਿਆਂ ਤੇ ਹਥਿਆਰਾਂ ਦੀ ਤਸਕਰੀ ਦੀਆਂ ਕੋਸ਼ਿਸ਼ਾਂ ਹੁੰਦੀਆਂ ਰਹਿੰਦੀਆਂ ਹਨ। ਉਨ੍ਹਾਂ ਕਿਹਾ ਕਿ ਡਰੋਨਾਂ ਰਾਹੀਂ ਵੀ ਪੰਜਾਬ ਅਤੇ ਦੇਸ਼ ਦੀ ਸੁਰੱਖਿਆ ਨੂੰ ਸੰਨ੍ਹ ਲਾਉਣ ਦੀਆਂ ਕੋਸ਼ਿਸ਼ਾਂ ਹੁੰਦੀਆਂ ਤੇ ਲੋਕਾਂ ਨੂੰ ਵੋਟਾਂ ਵੇਲੇ ਦੇਸ਼ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਣਾ ਚਾਹੀਦਾ ਹੈ। ਸ੍ਰੀ ਨੱਢਾ ਨੇ ਕਿਹਾ,‘‘ਮੁਲਕ ਦੀ ਤਰੱਕੀ ਨੂੰ ਲੀਹੋਂ ਲਾਹੁਣ ਦੀਆਂ ਕੋਸ਼ਿਸ਼ਾਂ ਦੇਸ਼ ਵਿਰੋਧੀ ਤਾਕਤਾਂ ਕਰਦੀਆਂ ਹਨ ਅਤੇ ਪੰਜਾਬ ’ਚ ਅਜਿਹੀ ਕੋਸ਼ਿਸ਼ ਵਾਰ ਵਾਰ ਹੁੰਦੀ ਰਹੀ ਹੈ। ਭਾਜਪਾ ਦਾ ਮਕਸਦ ਸੱਤਾ ਤਬਦੀਲੀ ਨਹੀਂ ਸਗੋਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸੁਰੱਖਿਅਤ ਕਰਨਾ ਵੀ ਹੈ।’’ ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਅਤੇ ਗੁਰੂ ਤੇਗ਼ ਬਹਾਦਰ ਦੇ ਬਲੀਦਾਨ ਨੂੰ ਦੇਸ਼ ਹਮੇਸ਼ਾ ਯਾਦ ਰੱਖੇਗਾ। ਉਨ੍ਹਾਂ ਸ਼ਹੀਦ ਭਗਤ ਸਿੰਘ, ਮਾਸਟਰ ਤਾਰਾ ਸਿੰਘ ਅਤੇ ਪੰਜਾਬ ਦੇ ਹੋਰ ਸੂਰਬੀਰਾਂ ਨੂੰ ਵੀ ਯਾਦ ਕੀਤਾ। ਪੰਜਾਬ ’ਤੇ 3 ਲੱਖ ਕਰੋੜ ਦਾ ਕਰਜ਼ਾ ਚੜ੍ਹਿਆ ਹੋਣ ਦਾ ਦਾਅਵਾ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਗੱਠਜੋੜ ਦੀ ਸਰਕਾਰ ਬਣੀ ਤਾਂ ਸੂਬੇ ਨੂੰ ਆਰਥਿਕ ਪੱਖੋਂ ਅੱਗੇ ਲਿਜਾਇਆ ਜਾਵੇਗਾ।
ਇਸ ਦੌਰਾਨ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਅਤੇ ਸਿੱਖਾਂ ਲਈ ਉਠਾਏ ਗਏ ਕਦਮਾਂ ਦੀ ਜਾਣਕਾਰੀ ਵੀ ਦਿੱਤੀ। ਉਧਰ ਕੈਪਟਨ ਅਮਰਿੰਦਰ ਸਿੰਘ ਨੇ .ਦੇਸ਼ ਅਤੇ ਸੂਬੇ ਦੀ ਸੁਰੱਖਿਆ ਦਾ ਅੱਜ ਮੁੜ ਜ਼ਿਕਰ ਕੀਤਾ। ਉਨ੍ਹਾਂ ਸਰਹੱਦਾਂ ਤੋਂ 50 ਕਿਲੋਮੀਟਰ ਅੰਦਰ ਤੱਕ ਪੰਜਾਬ ਦੇ ਇਲਾਕੇ ਬੀਐੱਸਐੱਫ ਹਵਾਲੇ ਕਰਨ ਦੇ ਫ਼ੈਸਲੇ ਦੀ ਪ੍ਰੋੜ੍ਹਤਾ ਕੀਤੀ। ਇਸ ਦੌਰਾਨ ਸ੍ਰੀ ਢੀਂਡਸਾ ਨੇ ਕਿਹਾ ਕਿ ਪੰਜਾਬ ਨੂੰ ਮੁੜ ਪੈਰਾਂ ’ਤੇ ਕਰਨ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਚੋਣਾਂ ਰਲ ਕੇ ਲੜੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਰਵਾਸੀਆਂ ਦੀਆਂ ਮੰਗਾਂ ਅਤੇ ਬੰਦੀ ਸਿੱਖਾਂ ਨੂੰ ਰਿਹਾਅ ਕਰਨ ਬਾਰੇ ਵੀ ਉਹ ਕੇਂਦਰ ਸਰਕਾਰ ਨਾਲ ਗੱਲ ਕਰ ਚੁੱਕੇ ਹਨ। ਇਸ ਮੌਕੇ ਕੇਂਦਰੀ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਪੁਰੀ, ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਭਾਜਪਾ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਅਤੇ ਸੰਸਦ ਮੈਂਬਰ ਸੋਮ ਪ੍ਰਕਾਸ਼ ਵੀ ਹਾਜ਼ਰ ਸਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly