- ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਪੰਜਾਬ ਦੇ ਰੇਲ ਮਾਰਗਾਂ ’ਤੇ ਪਹੀਆ ਰਿਹਾ ਜਾਮ
ਚੰਡੀਗੜ੍ਹ (ਸਮਾਜ ਵੀਕਲੀ) : ਪੰਜਾਬ ਭਰ ’ਚ ਅੱਜ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ 6 ਘੰਟਿਆਂ ਲਈ ਰੇਲਾਂ ਦਾ ਮੁਕੰਮਲ ਚੱਕਾ ਜਾਮ ਕੀਤਾ ਗਿਆ। ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਲਖੀਮਪੁਰ ਖੀਰੀ ਦੀ ਘਟਨਾਂ ਦੇ ਸਬੰਧ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਖਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਕਿਸਾਨਾਂ ਅਤੇ ਹੋਰਨਾਂ ਵਰਗਾਂ ਦੇ ਲੋਕ ਅੱਜ ਰੇਲ ਪਟੜੀਆਂ ’ਤੇ ਨਿਤਰੇ। ਸੂਬੇ ਦੇ ਪ੍ਰਮੁੱਖ ਰੇਲ ਮਾਰਗਾਂ ’ਤੇ 80 ਦੇ ਕਰੀਬ ਥਾਵਾਂ ’ਤੇ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮੀਂ 4 ਵਜੇ ਤੱਕ ਕਿਸਾਨਾਂ ਨੇ ਧਰਨੇ ਦਿੱਤੇ। ਪੰਜਾਬ ਦੇ ਲੁਧਿਆਣਾ, ਅੰਮ੍ਰਿਤਸਰ, ਜਲੰਧਰ, ਮੋਗਾ, ਪਟਿਆਲਾ ਤੇ ਫਿਰੋਜ਼ਪੁਰ ਵਿੱਚ ਕਿਸਾਨਾਂ ਨੇ ਵੱਖ ਵੱਖ ਥਾਈਂ ਧਰਨੇ ਦਿੱਤੇ।
ਸੰਯੁਕਤ ਕਿਸਾਨ ਮੋਰਚੇ ’ਚ ਸ਼ਾਮਲ ਵੱਲੋਂ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐੱਮਐੱਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ 108 ਥਾਵਾਂ ’ਤੇ ਜਾਰੀ ਧਰਨੇ ਅੱਜ 383ਵੇਂ ਦਿਨ ਵੀ ਪੂਰੇ ਜੋਸ਼ ਨਾਲ ਜਾਰੀ ਰਹੇ। ਕਿਸਾਨ ਆਗੂਆਂ ਸੁਖਦੇਵ ਸਿੰਘ ਕੋਕਰੀ ਕਲਾਂ, ਬਲਬੀਰ ਸਿੰਘ ਰਾਜੇਵਾਲ, ਬੂਟਾ ਸਿੰਘ ਬੁਰਜ ਗਿੱਲ, ਜਗਮੋਹਨ ਸਿੰਘ, ਰਾਜਿੰਦਰ ਸਿੰਘ ਦੀਪ ਸਿੰਘ ਵਾਲਾ, ਡਾ. ਦਰਸ਼ਨ ਪਾਲ, ਹਰਦੀਪ ਸਿੰਘ ਲੱਖੋਵਾਲ, ਜਗਜੀਤ ਸਿੰਘ ਡੱਲੇਵਾਲ, ਹਰਮੀਤ ਸਿੰਘ ਕਾਦੀਆਂ, ਰਮਿੰਦਰ ਸਿੰਘ ਪਟਿਆਲਾ, ਰੁਲਦੂ ਸਿੰਘ ਮਾਨਸਾ ਆਦਿ ਨੇ ਦੱਸਿਆ ਕਿ ਭਾਰੀ ਗਿਣਤੀ ਵਿੱਚ ਔਰਤਾਂ ਅਤੇ ਨੌਜਵਾਨਾਂ ਸਮੇਤ ਸਾਰੇ ਥਾਵਾਂ ’ਤੇ ਸੈਂਕੜੇ ਹਜ਼ਾਰਾਂ ਦੀ ਤਾਦਾਦ ਵਿੱਚ ਕਿਸਾਨਾਂ ਮਜ਼ਦੂਰਾਂ ਤੋਂ ਇਲਾਵਾ ਹਮਾਇਤ ਵਜੋਂ ਮੁਲਾਜ਼ਮ, ਠੇਕਾ ਕਾਮੇ ਅਤੇ ਹੋਰ ਕਿਰਤੀ ਲੋਕਾਂ ਨੇ ਵੀ ਸ਼ਮੂਲੀਅਤ ਕੀਤੀ।
ਬੁਲਾਰਿਆਂ ਨੇ ਮੋਦੀ ਸਰਕਾਰ ਉੱਤੇ ਕਿਸਾਨ ਘੋਲ ਨੂੰ ਢਾਹ ਲਾਉਣ ਲਈ ਲਖੀਮਪੁਰ ਖੀਰੀ ਅਤੇ ਸਿੰਘੂ ਬਾਰਡਰ ਵਰਗੀਆਂ ਸਾਜ਼ਿਸ਼ਾਂ ਰਚਣ ਦਾ ਦੋਸ਼ ਲਾਇਆ। ਉਨ੍ਹਾਂ ਮੰਗ ਕੀਤੀ ਕਿ ਲਖੀਮਪੁਰ ਕਾਂਡ ਦੇ ਸਾਜ਼ਿਸ਼ ਕਰਤਾ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਤੁਰੰਤ ਬਰਖਾਸਤ ਕਰਕੇ ਗ੍ਰਿਫਤਾਰ ਕੀਤਾ ਜਾਵੇ ਅਤੇ 5 ਕਿਸਾਨਾਂ ਨੂੰ ਗੱਡੀਆਂ ਥੱਲੇ ਕੁਚਲ ਕੇ ਮਾਰਨ ਦੇ ਦੋਸ਼ੀ ਉਸ ਦੇ ਪੁੱਤਰ ਆਸ਼ੀਸ਼ ਮਿਸ਼ਰਾ ਸਮੇਤ ਹੋਰਨਾਂ ਨੂੰ ਗ੍ਰਿਫਤਾਰ ਕਰਕੇ ਵਿਸ਼ੇਸ਼ ਅਦਾਲਤੀ ਕਾਰਵਾਈ ਰਾਹੀਂ ਫਾਂਸੀ ਦੀ ਸਜ਼ਾ ਦਿੱਤੀ ਜਾਵੇ। ਕਿਸਾਨਾਂ ਦੀਆਂ ਮੁੱਖ ਮੰਗਾਂ ਤਿੰਨੋਂ ਕਾਲੇ ਖੇਤੀ ਕਾਨੂੰਨ, ਬਿਜਲੀ ਬਿੱਲ ਤੇ ਪਰਾਲੀ ਆਰਡੀਨੈਂਸ ਤੁਰੰਤ ਰੱਦ ਕਰਨ ਸਮੇਤ ਸਾਰੀਆਂ ਫਸਲਾਂ ਦੇ ਲਾਭਕਾਰੀ ਐੱਮਐੱਸਪੀ ਮਿਥ ਕੇ ਪੂਰੀ ਖਰੀਦ ਦੀ ਕਾਨੂੰਨੀ ਗਾਰੰਟੀ ਦਿੱਤੀ ਜਾਵੇ ਅਤੇ ਜਨਤਕ ਵੰਡ ਪ੍ਰਣਾਲੀ ਮਜ਼ਬੂਤ ਕਰਕੇ ਸਾਰੇ ਗਰੀਬਾਂ ਨੂੰ ਜਿਉਂਦੇ ਰਹਿਣ ਲਈ ਜ਼ਰੂਰੀ ਸਾਰੀਆਂ ਵਸਤਾਂ ਸਸਤੇ ਰੇਟਾਂ ’ਤੇ ਦਿੱਤੀਆਂ ਜਾਣ। ਬੀਤੇ ਦਿਨੀਂ ਸਿੰਘੂ ਬਾਰਡਰ ’ਤੇ ਵਾਪਰੇ ਘਿਣਾਉਣੇ ਕਤਲ ਦੀ ਨਿਰਪੱਖ ਅਦਾਲਤੀ ਜਾਂਚ ਕਰਵਾ ਕੇ ਸਾਜ਼ਿਸ਼ਘਾੜਿਆਂ ਸਮੇਤ ਹੋਰਨਾਂ ਦੋਸ਼ੀਆਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly