
ਹੁਸ਼ਿਆਰਪੁਰ (ਸਮਾਜ ਵੀਕਲੀ) (ਤਰਸੇਮ ਦੀਵਾਨਾ ) ਸਿਹਤ ਵਿਭਾਗ ਹੁਸ਼ਿਆਰਪੁਰ ਵੱਲੋਂ ਜ਼ਿਲਾ ਸਿਖਲਾਈ ਕੇਂਦਰ ਦਫ਼ਤਰ ਹੁਸ਼ਿਆਰਪੁਰ ਵਿਖੇ ਸਿਵਲ ਸਰਜਨ ਡਾ.ਪਵਨ ਕੁਮਾਰ ਸ਼ਗੋਤਰਾ ਦੀ ਪ੍ਰਧਾਨਗੀ ਅਤੇ ਏਸੀਐਸ ਡਾ.ਕਮਲੇਸ਼ ਕੁਮਾਰੀ ਦੀ ਅਗਵਾਈ ਅਧੀਨ 39ਵੇਂ ਅੱਖਾਂ ਦਾਨ ਪੰਦਰਵਾੜੇ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਲੋਕਾਂ ਨੂੰ ਅੱਖਾਂ ਦਾਨ ਕਰਨ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਸਿਹਤ ਵਿਭਾਗ ਹੁਸ਼ਿਆਰਪੁਰ ਵੱਲੋਂ ਆਈ ਡੋਨੇਸ਼ਨ ਐਸੋਸੀਏਸ਼ਨ (ਰਜਿ) ਦੇ ਸਹਿਯੋਗ ਨਾਲ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਅੱਖਾਂ ਦੇ ਮਾਹਿਰ ਡਾ. ਮੀਨੂੰ, ਡਿਪਟੀ ਮਾਸ ਮੀਡੀਆ ਅਫ਼ਸਰ ਡਾ ਤ੍ਰਿਪਤਾ ਦੇਵੀ, ਡਿਪਟੀ ਮਾਸ ਮੀਡੀਆ ਅਫ਼ਸਰ ਮੈਡਮ ਰਮਨਦੀਪ ਕੌਰ, ਜ਼ਿਲਾ ਬੀਸੀਸੀ ਕੁਆਰਡੀਨੇਟਰ ਅਮਨਦੀਪ ਸਿੰਘ,ਪ੍ਧਾਨ ਸੁਰੇਸ਼ ਕਪਾਟੀਆ, ਜਨਰਲ ਸਕੱਤਰ ਬਲਜੀਤ ਸਿੰਘ ਅਤੇ ਨੇਤਰਦਾਨ ਸੰਸਥਾ ਦੇ ਸਮੂਹ ਮੈਂਬਰ ਸਾਹਿਬਾਨ ਅਤੇ ਨਰਸਿੰਗ ਸਕੂਲ ਦੀਆਂ ਵਿਦਿਆਰਥਣਾਂ ਨੇ ਹਿੱਸਾ ਲਿਆ। ਜਨਰਲ ਸੱਕਤਰ ਬਲਜੀਤ ਸਿੰਘ ਨੇ ਸਾਰੇ ਮਹਿਮਾਨਾਂ ਨੂੰ ਜੀ ਆਇਆਂ ਆਖਿਆ।ਸੈਮੀਨਾਰ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ. ਪਵਨ ਕੁਮਾਰ ਨੇ ਇਸ ਪੰਦਰਵਾੜੇ ਦੌਰਾਨ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਅੱਖਾਂ ਦੇ ਦਾਨ ਨਾਲ ਜੁੜੀਆਂ ਮਿੱਥਾਂ ਅਤੇ ਗਲਤ ਧਾਰਨਾਵਾਂ ਨੂੰ ਜਾਗਰੂਕਤਾ ਜ਼ਰੀਏ ਦੂਰ ਕੀਤਾ ਜਾ ਸਕਦਾ ਹੈ। ਉਹਨਾਂ ਕਿਹਾ ਕਿ ਜਾਗਰੂਕਤਾ ਦੀ ਕਮੀ ਦੇ ਚਲਦਿਆਂ ਲੋਕ ਮ੍ਰਿਤਕ ਵਿਅਕਤੀ ਦੇ ਨਾਲ ਉਸ ਦੀਆਂ ਜੀਵਤ ਅੱਖਾਂ ਜੋ ਕਿਸੀ ਹੋਰ ਦ੍ਰਿਸ਼ਟੀਹੀਣ ਵਿਅਕਤੀ ਦੇ ਕੰਮ ਆ ਸਕਦੀਆਂ ਹਨ ਨੂੰ ਵੀ ਨਾਲ ਹੀ ਜਲਾ ਦਿੰਦੇ ਹਨ। ਇਸ ਸੰਬੰਧੀ ਸਾਨੂੰ ਜਾਗਰੂਕ ਹੋਣ ਦੀ ਲੋੜ ਹੈ। ਉਹਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਅੱਗੇ ਆਉਣ ਅਤੇ ਮੌਤ ਤੋਂ ਬਾਅਦ ਅੱਖਾਂ ਦਾਨ ਕਰਨ ਦੀ ਸੌਂਹ ਚੁੱਕਣ ਅਤੇ ਲੋੜਵੰਦਾਂ ਨੂੰ ਦ੍ਰਿਸ਼ਟੀ ਦਾ ਤੋਹਫ਼ਾ ਦੇਣ ਵਰਗੇ ਨੇਕ ਕੰਮ ਵਿੱਚ ਹਿੱਸਾ ਪਾਉਣ।ਅੱਖਾਂ ਦੇ ਮਾਹਿਰ ਡਾ.ਮੀਨੂ ਨੇ ਦੱਸਿਆ ਕਿ ਵਿਸ਼ਵ ਸਿਹਤ ਸੰਗਠਨ ਅਨੁਸਾਰ ਮੋਤੀਆ ਅਤੇ ਗਲੂਕੋਮਾ ਤੋਂ ਬਾਅਦ ਕੌਰਨੀਆ ਸੰਬੰਧੀ ਬਿਮਾਰੀਆਂ ਅੱਖਾਂ ਦੇ ਨੁਕਸਾਨ ਅਤੇ ਅੰਨ੍ਹੇਪਣ ਦੇ ਮੁੱਖ ਕਾਰਨ ਹਨ। ਅੱਖਾਂ ਦੇ ਦਾਨ ਸੰਬੰਧੀ ਰਜਿਸਟ੍ਰੇਸ਼ਨ ਫ਼ਾਰਮ ਜਿਲ੍ਹਾ ਹਸਪਤਾਲ, ਸਬ-ਡਵੀਜ਼ਨ ਹਸਪਤਾਲਾਂ ਅਤੇ ਨਜ਼ਰ ਕੇਂਦਰਾਂ ‘ਤੇ ਉਪਲੱਬਧ ਹੈ।ਆਈ ਡੋਨੇਸ਼ਨ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਮੈਂਬਰਾ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਸਹਿਯੋਗ ਨਾਲ ਉਹਨਾਂ ਵਲੋਂ ਹੁਣ ਤੱਕ ਦਾਨੀਆਂ ਵੱਲੋਂ ਦਾਨ ਕੀਤੀਆਂ ਗਈਆਂ 1100 ਤੋਂ ਵੱਧ ਆਈਬਾਲ ਪ੍ਰਾਪਤ ਕਰਕੇ ਲੋੜਵੰਦਾਂ ਨੂੰ ਮੁਹੱਈਆ ਕਰਵਾਈਆਂ ਗਈਆਂ ਹਨ ਅਤੇ ਹੁਣ ਤੱਕ ਇੱਕ ਲੱਖ ਤੋਂ ਵੱਧ ਪਲੈਜ ਫਾਰਮ ਭਰੇ ਜਾ ਚੁੱਕੇ ਹਨ। ਡਿਪਟੀ ਮਾਸ ਮੀਡੀਆ ਅਫਸਰ ਡਾ.ਤ੍ਰਿਪਤਾ ਦੇਵੀ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ ਇਸ ਪੰਦਰਵਾੜੇ ਦੌਰਾਨ ਆਈ ਓਪੀਡੀ ਅਤੇ ਸਕੂਲਾਂ ਕਾਲਜਾਂ ਵਿਚ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਏਗਾ। ਆਈਈਸੀ ਸਮੱਗਰੀ ਵੰਡੀ ਜਾਵੇਗੀ। ਸੁਰੇਸ਼ ਕਪਾਟੀਆ ਨੇ ਨੇਤਰ ਦਾਨ ਐਸੋਸੀਏਸ਼ਨ ਹੁਸ਼ਿਆਰਪੁਰ ਦੀਆਂ ਪ੍ਰਾਪਤੀਆਂ ਸੰਬੰਧੀ ਗੱਲਬਾਤ ਕਰਦਿਆਂ ਦੱਸਿਆ ਕਿ ਐਸੋਸੀਏਸ਼ਨ ਦੀ ਇਸ ਮਿਹਨਤ ਨਾਲ ਹੀ 2014 ਵਿਚ ਹੁਸ਼ਿਆਰਪੁਰ ਜ਼ਿਲੇ ਨੂੰ ਕੋਰਨੀਅਲ ਫ੍ਰੀ ਘੋਸ਼ਿਤ ਕੀਤਾ ਗਿਆ ਸੀ। ਅੰਤ ਵਿਚ ਉਹਨਾਂ ਆਏ ਹੋਏ ਸਾਰੇ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly