ਬਾਰਵੀਂ ਦੀ 20 ਫਰਵਰੀ, ਦਸਵੀਂ ਜਮਾਤ ਦੀ 24 ਫ਼ਰਵਰੀ ਅਤੇ ਅੱਠਵੀਂ ਜਮਾਤ ਦੀ 25 ਫਰਵਰੀ ਨੂੰ ਸ਼ੁਰੂ ਹੋਵੇਗੀ ਪ੍ਰੀਖਿਆ -ਬਿਕਰਮਜੀਤ ਥਿੰਦ
ਜ਼ਿਲ੍ਹੇ ਵਿੱਚ 60 ਪ੍ਰੀਖਿਆ ਕੇਂਦਰ ਬਣਾਏ ਗਏ -ਦਲਜੀਤ ਕੌਰ
ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਜ਼ਿਲ੍ਹੇ ਵਿੱਚ ਬਾਰ੍ਹਵੀਂ, ਦਸਵੀਂ ਤੇ ਅੱਠਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਨੂੰ ਮੁੱਖ ਰੱਖਦਿਆਂ ਵਿਭਾਗ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਦਲਜੀਤ ਕੌਰ ਜ਼ਿਲਾ ਸਿੱਖਿਆ ਅਧਿਕਾਰੀ ਸੈਕੰਡਰੀ ਤੇ ਬਿਕਰਮਜੀਤ ਸਿੰਘ ਥਿੰਦ ਉੱਪ ਜਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 20 ਫਰਵਰੀ ਨੂੰ ਬਾਰਵੀਂ ਦੀ ਪ੍ਰੀਖਿਆ ਲਈ ਜਾ ਰਹੀ ਹੈ ਤੇ ਪਰੀਖਿਆ ਨੂੰ ਸੁਚਾਰੂ ਤਰੀਕੇ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲੇ ਦੀਆਂ ਵੱਖ ਵੱਖ ਸਕੂਲਾਂ ਵਿੱਚ ਬੋਰਡ ਵੱਲੋਂ ਪ੍ਰੀਖਿਆ ਕੇਂਦਰ ਬਣਾਏ ਗਏ ਹਨ । ਜਿਨ੍ਹਾਂ ਵਿਚ ਬਾਰ੍ਹਵੀਂ ਜਮਾਤ ਦੇ 8393 ਵਿਦਿਆਰਥੀ ਪ੍ਰੀਖਿਆ ਦੇਣਗੇ। ਉਨ੍ਹਾਂ ਕਿਹਾ ਕਿ ਪ੍ਰੀਖਿਆ ਨੂੰ ਮੁੱਖ ਰੱਖਦਿਆਂ 17 ਫਰਵਰੀ ਨੂੰ ਜ਼ਿਲੇ ਵਿਚ ਸਾਰੇ ਪ੍ਰੀਖਿਆ ਕੇਂਦਰ ਖੋਲ੍ਹੇ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਇਸ ਤਰ੍ਹਾਂ 8ਵੀਂ ਜਮਾਤ ਦੀ ਪ੍ਰੀਖਿਆ 25 ਫਰਵਰੀ ਨੂੰ ਆਰੰਭ ਹੋ ਰਹੀ ਹੈ। ਇਸ ਪ੍ਰੀਖਿਆ ਵਿਚ 7813 ਵਿਦਿਆਰਥੀ ਪ੍ਰੀਖਿਆ ਦੇਣਗੇ।
ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਇਸੇ ਤਰ੍ਹਾਂ ਦਸਵੀ ਜਮਾਤ ਦੀ ਪ੍ਰੀਖਿਆ 24 ਮਾਰਚ ਨੂੰ ਹੋ ਰਹੀ ਹੈ ਤੇ ਇਸ ਪ੍ਰੀਖਿਆ ਵਿਚ ਦਸਵੀਂ ਜਮਾਤ ਦੇ 7670 ਵਿਦਿਆਰਥੀ ਬੈਠਣਗੇ । ਦਲਜੀਤ ਕੌਰ ਤੇ ਬਿਕਰਮਜੀਤ ਸਿੰਘ ਥਿੰਦ ਨੇ ਦੱਸਿਆ ਕਿ ਪ੍ਰੀਖਿਆ ਦਾ ਸੰਚਾਲਨ ਲਈ 500 ਦੇ ਕਰੀਬ ਸੁਪਰਡੈਂਟ, ਡਿਪਟੀ ਸੁਪਰਡੈਂਟ ਤੇ ਹੋਰ ਅਮਲਾ ਤੈਨਾਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬੋਰਡ ਦੀਆਂ ਪ੍ਰੀਖਿਆਵਾਂ ਨੂੰ ਮੁੱਖ ਰੱਖਦਿਆਂ ਜਿਲ੍ਹਾ ਮੈਜਿਸਟ੍ਰੇਟ ਵਿਸ਼ੇਸ ਸਾਰੰਗਲ ਵੱਲੋਂ ਪ੍ਰੀਖਿਆ ਕੇਂਦਰਾਂ ਦੇ 200 ਮੀਟਰ ਦੇ ਘੇਰੇ ਵਿੱਚ ਦਫਾ 144 ਲਾਗੂ ਕਰ ਦਿੱਤੀ ਗਈ ਹੈ । ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੇ 100ਪ੍ਰਤੀਸ਼ਤ ਮਿਸ਼ਨ ਨੂੰ ਸਫਲ ਬਣਾਉਣ ਲਈ ਸਕੂਲ ਮੁੱਖੀਆਂ ਨੇ ਬੱਚਿਆਂ ਨੂੰ ਪੂਰੀ ਮਿਹਨਤ ਤੇ ਲਗਨ ਨਾਲ ਪੜ੍ਹਾਈ ਕਰਵਾਈ ਹੈ। ਉਹਨਾਂ ਆਸ ਪਰਗਟ ਕੀਤੀ ਕਿ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਸਾਲ ਵੀ ਜ਼ਿਲ੍ਹਾ ਕਪੂਰਥਲਾ ਲਗਭਗ ਬੋਰਡ ਦੀਆਂ ਪ੍ਰੀਖਿਆਵਾਂ ਵਿੱਚ ਵੱਖ-ਵੱਖ ਜਮਾਤਾਂ ਦੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਮੈਰਿਟ ਸੂਚੀ ਵਿੱਚ ਆਪਣਾ ਨਾਂ ਦਰਜ ਕਰਵਾ ਕੇ ਜ਼ਿਲ੍ਹੇ ਦਾ ਨਾਂ ਰੌਸ਼ਨ ਕਰਨਗੇ।