ਕਿਸਾਨਾਂ ਨੂੰ ਖ਼ਰੀਦੀ ਫ਼ਸਲ ਦੀ 205.91 ਕਰੋੜ ਰੁਪਏ ਦੀ ਕੀਤੀ ਗਈ ਅਦਾਇਗੀ
ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਣਕ ਦੇ ਸਮੁੱਚੇ ਸੀਜ਼ਨ ਦੌਰਾਨ ਅਨਾਜ ਮੰਡੀਆਂ ਵਿਚ ਆਪਣੀ ਜਿਨਸ ਵੇਚਣ ਲਈ ਆਉਣ ਵਾਲੇ ਕਿਸਾਨਾਂ ਦੀ ਹਰ ਪੱਖੋਂ ਸੁਵਿਧਾ ਨੂੰ ਯਕੀਨੀ ਬਣਾਉਣ ਦੇ ਦਿੱਤੇ ਦਿਸ਼ਾ-ਨਿਰਦੇਸ਼ਾਂ ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀਆਂ ਮੰਡੀਆਂ ਵਿਚ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਦੱਸਿਆ ਕਿ ਅੱਜ ਸ਼ਾਮ ਤੱਕ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿਚ ਆਈ ਸਾਰੀ 89045 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ ਅਤੇ ਸਰਕਾਰ ਵੱਲੋਂ ਕੀਤੇ ਪ੍ਰਬੰਧਾਂ ਤੋਂ ਕਿਸਾਨ ਖੁਸ਼ ਹਨ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਖ਼ਰੀਦੀ ਫ਼ਸਲ ਦੀ 205.91 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੀ ਫ਼ਸਲ ਦੀ ਸਮੇਂ ਸਿਰ ਖ਼ਰੀਦ ਅਤੇ ਲਿਫ਼ਟਿੰਗ ਕਰਕੇ, ਕਣਕ ਦੇ ਖ਼ਰੀਦ ਸੀਜ਼ਨ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹੇ ਵਿਚ ਖ਼ਰੀਦ ਲਈ ਲੋੜੀਂਦੀ ਮਾਤਰਾ ਵਿਚ ਬਾਰਦਾਨਾ ਮੌਜੂਦ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁਚਾਰੂ ਅਤੇ ਨਿਰਵਿਘਨ ਖ਼ਰੀਦ ਲਈ ਸੁੱਕੀ ਕਣਕ ਹੀ ਲੈ ਕੇ ਆਉਣ। ਉਨ੍ਹਾਂ ਇਹ ਵੀ ਕਿਹਾ ਕਿ ਅਧਿਕਾਰੀਆਂ ਨੂੰ ਕਿਸਾਨਾਂ ਦੀ ਸਹੂਲਤ ਲਈ ਪੀਣ ਵਾਲੇ ਪਾਣੀ ਦੀ ਉਪਲਬੱਧਤਾ, ਸਾਫ-ਸਫਾਈ, ਬੈਠਣ ਵਾਸਤੇ ਪ੍ਰਬੰਧਾਂ, ਬਾਥਰੂਮਾਂ ਦੀ ਸਫ਼ਾਈ ਸਮੇਤ ਹੋਰ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਸਮੁੱਚੇ ਸੀਜਨ ਦੌਰਾਨ ਕਿਸੇ ਵੀ ਧਿਰ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।