ਅੰਮ੍ਰਿਤਸਰ (ਸਮਾਜ ਵੀਕਲੀ): ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਇੱਥੋਂ ਦੇ ਰਣਜੀਤ ਐਵੇਨਿਊ ਨੇੜੇ ਆਨੰਦ ਅੰਮ੍ਰਿਤ ਪਾਰਕ ਵਿੱਚ ਸਾਕਾ ਜੱਲ੍ਹਿਆਂਵਾਲਾ ਬਾਗ ਦੀ ਯਾਦਗਾਰ ਦਾ ਉਦਘਾਟਨ ਕੀਤਾ ਗਿਆ। ਇਹ ਯਾਦਗਾਰ 13 ਅਪਰੈਲ 1919 ਨੂੰ ਵਾਪਰੇ ਸਾਕੇ ਦੀ ਸ਼ਤਾਬਦੀ ਅਤੇ ਇਸ ਦੇ ਗੁੰਮਨਾਮ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਕੀਤੀ ਗਈ ਹੈ। ਸ਼ਹੀਦਾਂ ਦੇ ਪਰਿਵਾਰਾਂ ਦੀ ਮੌਜੂਦਗੀ ਵਿਚ ਮੁੱਖ ਮੰਤਰੀ ਨੇ ਯਾਦਗਾਰ ਦਾ ਉਦਘਾਟਨ ਕਰਦਿਆਂ ਕਿਹਾ ਕਿ ਇਹ ਦੂਜੀ ਯਾਦਗਾਰ ਉਨ੍ਹਾਂ ਸ਼ਹੀਦਾਂ ਨੂੰ ਸਮਰਪਿਤ ਕੀਤੀ ਗਈ ਹੈ, ਜਿਨ੍ਹਾਂ ਦੀ ਹਾਲੇ ਪਛਾਣ ਨਹੀਂ ਹੋ ਸਕੀ। ਇਸ ਮੌਕੇ ਮੁੱਖ ਮੰਤਰੀ ਨੇ 29 ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ।
ਉਨ੍ਹਾਂ ਕਿਹਾ ਕਿ ਇਸ ਦੁਖਾਂਤ ਵਿੱਚ ਜਾਨਾਂ ਗੁਆ ਚੁੱਕੇ ਲੋਕਾਂ ਦੀ ਹਾਲੇ ਸਹੀ ਗਿਣਤੀ ਨਹੀਂ ਹੋ ਸਕੀ। ਡਿਪਟੀ ਕਮਿਸ਼ਨਰ ਦਫ਼ਤਰ ਕੋਲ ਸਿਰਫ 488 ਵਿਅਕਤੀਆਂ ਦੇ ਨਾਵਾਂ ਦੀ ਸੂਚੀ ਹੈ। ਉਨ੍ਹਾਂ ਕਿਹਾ ਕਿ ਉਸ ਦਿਨ 1250 ਗੋਲੀਆਂ ਚੱਲੀਆਂ, ਜਿਸ ਕਰਕੇ ਅਸਲ ਵਿੱਚ ਗਿਣਤੀ ਹਜ਼ਾਰਾਂ ਵਿਚ ਹੋਵੇਗੀ। ਉਨ੍ਹਾਂ ਦੱਸਿਆ ਕਿ ਸੂਬੇ ਦੀਆਂ ਵੱਖ-ਵੱਖ ਥਾਵਾਂ ਤੋਂ ਮਿੱਟੀ ਲਿਆ ਕੇ ਇਸ ਸਮਾਰਕ ਦਾ ਨਿਰਮਾਣ ਕੀਤਾ ਗਿਆ ਹੈ। ਮੌਜੂਦਾ ਸਮੇਂ ਇਸ ਯਾਦਗਾਰ ’ਤੇ ਸਰਕਾਰੀ ਤੌਰ ਉਤੇ ਸ਼ਨਾਖਤ ਕੀਤੇ ਗਏ 488 ਸ਼ਹੀਦਾਂ ਦੇ ਨਾਂ ਉਕਰੇ ਹੋਏ ਹਨ। ਇਸ ਨਵੇਂ ਸਮਾਰਕ ਵਿੱਚ ਚਿੱਟੇ ਪੱਥਰ ਦੇ ਪੰਜ ਥੰਮ੍ਹ ਬਣਾਏ ਗਏ ਹਨ, ਜੋ ਸ਼ਹੀਦਾਂ ਦੀ ਸਰਵਉੱਚ ਭਾਵਨਾ ਦਾ ਪ੍ਰਤੀਕ ਹਨ।
ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ‘ਸੰਤ ਪ੍ਰੇਮ ਸਿੰਘ ਮੁਰਾਲੇ ਵਾਲੇ’ ਦੇ ਨਾਂ ’ਤੇ ਚੇਅਰ ਸਥਾਪਤ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਸ਼ੂਟਿੰਗ ਰੇਂਜ, ਸਪੋਰਟਸ ਹੋਸਟਲ (ਲੜਕੇ), ਗੋਲਡਨ ਜੁਬਲੀ ਸੈਂਟਰ, ਸਕੂਲ ਆਫ ਐਜੂਕੇਸ਼ਨ ਸਕੀਮ, ਮਾਸ ਕਮਿਊਨੀਕੇਸ਼ਨ ਵਿਭਾਗ ਅਤੇ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਵਿਭਾਗ ਦਾ ਉਦਘਾਟਨ ਵੀ ਕੀਤਾ। ਜ਼ਿਕਰਯੋਗ ਹੈ ਕਿ ‘ਸੰਤ ਪ੍ਰੇਮ ਸਿੰਘ ਮੁਰਾਲੇ ਵਾਲੇ’ ਲੱਖੀ ਸ਼ਾਹ ਵਣਜਾਰੇ ਦੇ ਵਾਰਸ ਸਨ। ਉਨ੍ਹਾਂ ਅਨਪੜ੍ਹਤਾ ਨੂੰ ਦੂਰ ਕਰਨ ਲਈ 1921 ਵਿਚ ਗੁਰੂ ਗੋਬਿੰਦ ਸਿੰਘ ਕਾਲਜ ਲੁਬਾਣਾ ਸਥਾਪਤ ਕੀਤਾ ਸੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੌਜੂਦਾ ਵਿੱੱਤੀ ਸਾਲ ਲਈ ਇਕ ਕਰੋੜ ਰੁਪਏ ਦੀ ਗ੍ਰਾਂਟ ਦਿੰਦਿਆਂ ਉਮੀਦ ਜ਼ਾਹਰ ਕੀਤੀ ਕਿ ਇਹ ਪ੍ਰਾਜੈਕਟ ’ਵਰਸਿਟੀ ਨੂੰ ਮੁਲਕ ਦੀਆਂ ਉੱਚ ਦਰਜੇ ਦੀਆਂ ਯੂਨੀਵਰਸਿਟੀਆਂ ਵਿਚ ਆਪਣਾ ਸਥਾਨ ਹੋਰ ਮਜ਼ਬੂਤ ਕਰਨ ਵਿਚ ਸਹਾਈ ਹੋਣਗੇ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly