ਨਵੀਂ ਦਿੱਲੀ, (ਸਮਾਜ ਵੀਕਲੀ) : ਭਾਰਤ ਸਰਕਾਰ ਨੇ ਅੱਜ ਕਿਹਾ ਕਿ ਉਹ ਕਾਬੁਲ ਹਵਾਈ ਅੱਡੇ ’ਤੇ ਫਸੇ ਭਾਰਤੀਆਂ, ਜਿਨ੍ਹਾਂ ਨੂੰ ਤਾਲਿਬਾਨ ਨੇ ਪੁੱਛਗਿੱਛ ਲਈ ਹਿਰਾਸਤ ਵਿੱਚ ਲੈਣ ਮਗਰੋਂ ਰਿਹਾਅ ਕਰ ਦਿੱਤਾ ਹੈ, ਨੂੰ ਜਲਦੀ ਹੀ ਉਥੋਂ ਵਾਪਸ ਲੈ ਆਏਗਾ। ਭਾਰਤ ਨੇ ਆਪਣੇ ਨਾਗਰਿਕਾਂ ਨੂੰ ਹਵਾਈ ਅੱਡੇ ਨਜ਼ਦੀਕ ਹੀ ਉਡੀਕ ਕਰਨ ਲਈ ਕਿਹਾ ਹੈ। ਇਸ ਤੋਂ ਪਹਿਲਾਂ ਅੱਜ ਸਵੇਰੇ ਤਾਲਿਬਾਨ ਨੇ ਹਿਰਾਸਤ ਵਿੱਚ ਲਏ 200 ਤੋਂ ਵੱਧ ਲੋਕਾਂ ਨੂੰ ਰਿਹਾਅ ਕੀਤਾ ਸੀ, ਜਿਨ੍ਹਾਂ ਵਿੱਚ ਵੱਡੀ ਗਿਣਤੀ ਭਾਰਤੀ ਨਾਗਰਿਕਾਂ ਦੀ ਸੀ ਤੇ ਇਨ੍ਹਾਂ ਵਿੱਚ ਕੁਝ ਅਫ਼ਗ਼ਾਨ ਸਿੱਖ ਤੇ ਹਿੰਦੂ ਵੀ ਸ਼ਾਮਲ ਸਨ।
ਜਾਣਕਾਰੀ ਅਨੁਸਾਰ ਜਿਵੇਂ ਹੀ ਇਹ ਲੋਕ ਕਾਬੁਲ ਹਵਾਈ ਅੱਡੇ ’ਤੇ ਪੁੱਜੇ ਤਾਂ ਤਾਲਿਬਾਨੀ ਲੜਾਕਿਆਂ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ। ਭਾਰਤੀ ਨਾਗਰਿਕਾਂ ਨੂੰ ਉਨ੍ਹਾਂ ਦੇ ਦਸਤਾਵੇਜ਼ਾਂ ਦੀ ਤਸਦੀਕ ਲਈ ਜਿੱਥੇ ਸਥਾਨਕ ਪੁਲੀਸ ਸਟੇਸ਼ਨ ਲਿਜਾਇਆ ਗਿਆ, ਉਥੇ ਅਫ਼ਗਾਨ ਸਿੱਖਾਂ ਤੇ ਹਿੰਦੂਆਂ ਨੂੰ ਵਾਪਸ ਮੋੜ ਦਿੱਤਾ ਗਿਆ। ਇਸ ਤੋਂ ਪਹਿਲਾਂ ਅਲ-ਇਤਿਹਾ ਨੇ ਆਪਣੀ ਇਕ ਰਿਪੋਰਟ ਵਿੱਚ ਦਾਅਵਾ ਕੀਤਾ ਸੀ ਕਿ ਤਾਲਿਬਾਨ ਨਾਲ ਹੱਕਾਨੀ ਨੈੱਟਵਰਕ ਦੇ ਲੜਾਕਿਆਂ ਨੇ ਹਾਮਿਦ ਕਰਜ਼ਈ ਕੌਮਾਂਤਰੀ ਹਵਾਈ ਅੱਡੇ ਨਜ਼ਦੀਕ 150 ਦੇ ਕਰੀਬ ਲੋਕਾਂ, ਜਿਨ੍ਹਾਂ ਵਿੱਚ ਵੱਡੀ ਗਿਣਤੀ ਭਾਰਤੀ ਨਾਗਰਿਕ ਹਨ, ਨੂੰ ਅਗਵਾ ਕਰ ਲਿਆ ਹੈ। ਤਾਲਿਬਾਨ ਦੇ ਤਰਜਮਾਨ ਅਹਿਮਦੁੱਲ੍ਹਾ ਵਸੀਕ ਨੇ ਇਕ ਰੋਜ਼ਨਾਮਚੇ ਨੂੰ ਦਿੱਤੀ ਇੰਟਰਵਿਊ ਵਿੱਚ ਹਾਲਾਂਕਿ ਅਗਵਾ ਕਰਨ ਦੇ ਦੋਸ਼ਾਂ ਤੋਂ ਇਨਕਾਰ ਕੀਤਾ ਸੀ। ਤਰਜਮਾਨ ਨੇ ਕਿਹਾ ਕਿ ਕੌਮਾਂਤਰੀ ਹਵਾਈ ਅੱਡੇ ਦੇ ਬਾਹਰ ਉਨ੍ਹਾਂ ਦੇ ਸਾਥੀ ਮੌਜੂਦ ਸਨ , ਜਿਨ੍ਹਾਂ ਲੋਕਾਂ ਨੂੰ ਅੰਦਰ ਜਾਣ ਤੋਂ ਰੋਕਿਆ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly