ਸ਼ਿਮਲਾ (ਸਮਾਜ ਵੀਕਲੀ) : ਭਾਰਤ ਦੇ ਪਹਿਲੇ ਵੋਟਰ ਸ਼ਿਆਮ ਸਰਨ ਨੇਗੀ ਦਾ ਅੱਜ ਸਵੇਰੇ ਉਨ੍ਹਾਂ ਦੀ ਕਿੰਨੌਰ ਵਿਚਲੀ ਰਿਹਾਇਸ਼ ’ਤੇ ਦੇਹਾਂਤ ਹੋ ਗਿਆ। ਉਹ 106 ਸਾਲਾਂ ਦੇ ਸਨ। ਚੋਣ ਕਮਿਸ਼ਨ ਨੇ ਦੱਸਿਆ ਕਿ ਨੇਗੀ ਨੇ ਤਿੰਨ ਨਵੰਬਰ ਨੂੰ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਪੋਸਟਲ ਬੈਲੇਟ ਰਾਹੀਂ ਵੋਟ ਪਾਈ ਸੀ।
ਮੁੱਖ ਮੰਤਰੀ ਜੈਰਾਮ ਠਾਕੁਰ ਨੇ ਟਵਿੱਟਰ ’ਤੇ ਉਨ੍ਹਾਂ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਤੇ ਕਿਹਾ ਕਿ ਨੇਗੀ ਨੇ ਖਰਾਬ ਸਿਹਤ ਦੇ ਬਾਵਜੂਦ ਕੁਝ ਦਿਨ ਪਹਿਲਾਂ ਵੋਟ ਪਾਈ ਸੀ। ਇਹ ਗੱਲ ਉਨ੍ਹਾਂ ਨੂੰ ਹਮੇਸ਼ਾ ਭਾਵੁਕ ਕਰੇਗੀ। ਕਿੰਨੌਰ ਦੇ ਡਿਪਟੀ ਕਮਿਸ਼ਨਰ ਆਦਿਬ ਹੁਸੈਨ ਸਾਦਿਕ ਨੇ ਕਿਹਾ ਕਿ ਨੇਗੀ ਦਾ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ ਹੈ। ਡਿਪਟੀ ਕਮਿਸ਼ਨ ਨੇ ਨੇਗੀ ਦੇ ਦੋ ਦਿਨ ਪਹਿਲਾਂ ਵੋਟ ਪਾਉਣ ਤੋਂ ਬਾਅਦ ਉਨ੍ਹਾਂ ਦੀ ਰਿਹਾਇਸ਼ ’ਤੇ ਉਨ੍ਹਾਂ ਦਾ ਸਨਮਾਨ ਕੀਤਾ ਸੀ। ਹਿਮਾਚਲ ਪ੍ਰਦੇਸ਼ ਦੇ ਮੁੱਖ ਚੋਣ ਅਧਿਕਾਰੀ ਮਨੀਸ਼ ਗਰਗ ਨੇ ਕਿਹਾ ਕਿ ਨੇਗੀ ਚੋਣ ਕਮਿਸ਼ਨ ਦੇ ਬਰਾਂਡ ਅੰਬੈਸਡਰ ਸਨ ਤੇ ਜ਼ਿਲ੍ਹੇ ਦੇ ਚੋਣ ਅਧਿਕਾਰੀ ਉਨ੍ਹਾਂ ਦੇ ਸਸਕਾਰ ’ਚ ਸ਼ਾਮਲ ਹੋਣਗੇ।
ਚੋਣ ਕਮਿਸ਼ਨ ਨੇ ਨੇਗੀ ਦੇ ਦੇਹਾਂਤ ’ਤੇ ਦੁੱਖ ਜ਼ਾਹਿਰ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਲੋਕਤੰਤਰ ’ਚ ਬਹੁਤ ਵਿਸ਼ਵਾਸ ਸੀ। ਚੋਣ ਕਮਿਸ਼ਨ ਨੇ ਟਵੀਟ ਕੀਤਾ, ‘ਉਨ੍ਹਾਂ ਲੱਖਾਂ ਲੋਕਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਅਤੇ ਆਪਣੇ ਦੇਹਾਂਤ ਤੋਂ ਪਹਿਲਾਂ ਦੋ ਨਵੰਬਰ ਨੂੰ ਪੋਸਟਲ ਬੈਲੇਟ ਰਾਹੀਂ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਵੋਟ ਪਾਈ।’ ਇਸੇ ਦੌਰਾਨ ਕਾਂਗਰਸ ਤੇ ਭਾਜਪਾ ਨੇ ਵੀ ਸ਼ਿਆਮ ਸਰਨ ਨੇਗੀ ਦੇ ਦੇਹਾਂਤ ’ਤੇ ਦੁੱਖ ਜ਼ਾਹਿਰ ਕੀਤਾ ਹੈ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly