ਜੰਮੂ (ਸਮਾਜ ਵੀਕਲੀ): ਭਾਰਤ ਤੇ ਪਾਕਿਸਤਾਨ ਵਿਚਾਲੇ ਟੀ-20 ਵਿਸ਼ਵ ਕੱਪ ਮੈਚ ਤੋਂ ਬਾਅਦ ਸਾਂਬਾ ਜ਼ਿਲ੍ਹੇ ਦੇ ਲੋਕਾਂ ਵੱਲੋਂ ਇੱਕ-ਦੂਜੇ ਖ਼ਿਲਾਫ਼ ਕਥਿਤ ਤੌਰ ’ਤੇ ਇਤਰਾਜ਼ਯੋਗ ਨਾਅਰੇ ਮਾਰੇ ਜਾਣ ਦੀ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਮਗਰੋਂ ਜੰਮੂ ਕਸ਼ਮੀਰ ਪੁਲੀਸ ਨੇ ਛੇ ਜਣਿਆਂ ਨੂੰ ਹਿਰਾਸਤ ’ਚ ਲਿਆ ਹੈ। ਅਧਿਕਾਰੀਆਂ ਨੇ ਅੱਜ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਇਸ ਵੀਡੀਓ ਨੂੰ ਲੈ ਕੇ ਸਾਂਬਾ ਜ਼ਿਲ੍ਹੇ ’ਚ ਵੱਖ ਵੱਖ ਸਮਾਜਿਕ ਜਥੇਬੰਦੀਆਂ ਨੇ ਵੱਡੇ ਪੱਧਰ ’ਤੇ ਰੋਸ ਪ੍ਰਦਰਸ਼ਨ ਕੀਤੇ ਹਨ। ਵੀਡੀਓ ’ਚ ਦਿਖਾਈ ਦੇ ਰਿਹਾ ਹੈ ਕਿ ਇਕ ਖਾਸ ਭਾਈਚਾਰੇ ਦੇ 24 ਤੋਂ ਵੱਧ ਜਣੇ ਭਾਰਤ ਖ਼ਿਲਾਫ਼ ਪਾਕਿਸਤਾਨ ਕ੍ਰਿਕਟ ਟੀਮ ਦੀ ਜਿੱਤ ਦਾ ਜਸ਼ਨ ਮਨਾ ਰਹੇ ਹਨ ਤੇ ਐਤਵਾਰ ਰਾਤ ਨੂੰ ਉਨ੍ਹਾਂ ਇਤਰਾਜ਼ਯੋਗ ਨਾਅਰੇਬਾਜ਼ੀ ਕੀਤੀ ਹੈ।
ਸਾਂਬਾ ਦੀ ਡਿਪਟੀ ਕਮਿਸ਼ਨਰ ਅਨੁਰਾਧਾ ਗੁਪਤਾ ਨੇ ਕਿਹਾ, ‘ਇਸ ਸਬੰਧ ’ਚ ਛੇ ਜਣਿਆਂ ਨੂੰ ਹਿਰਾਸਤ ’ਚ ਲਿਆ ਗਿਆ ਹੈ ਅਤੇ ਜਾਂਚ ਚੱਲ ਰਹੀ ਹੈੈ।’ ਪੁਲੀਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਐੱਫਆਈਆਰ ਦਰਜ ਕਰ ਲਈ ਗਈ ਹੈ। ਸਾਂਬਾ ਦੇ ਐੱਸਐੱਸਪੀ ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਹਿਰਾਸਤ ’ਚ ਲਏ ਗਏ ਲੋਕਾਂ ਤੋਂ ਘਟਨਾ ਦੇ ਸਬੰਧ ’ਚ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਪੁੱਛ ਪੜਤਾਲ ਲਈ ਹੋਰ ਲੋਕਾਂ ਨੂੰ ਵੀ ਸੱਦਿਆ ਜਾ ਸਕਦਾ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly