ਮਾਨਸਾ, 10 ਜੁਲਾਈ (ਸਮਾਜ ਵੀਕਲੀ) – ਡਾਕਟਰ ਅਸ਼ਵਨੀ ਕੁਮਾਰ ਸਿਵਲ ਸਰਜਨ ਮਾਨਸਾ ਅਤੇ ਡਾਕਟਰ ਹਰਦੀਪ ਸ਼ਰਮਾ ਐਸ. ਐਮ. ਓ. ਸਿਹਤ ਬਲਾਕ ਖਿਆਲਾ ਕਲਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵੱਖ ਵੱਖ ਪਿੰਡਾਂ ਦੇ ਸਕੂਲਾਂ ਵਿੱਚ ਸਿਹਤ ਕਰਮਚਾਰੀਆਂ ਵੱਲੋਂ ਡੇਂਗੂ ਮਲੇਰੀਆ ਅਤੇ ਹੱਥਾਂ ਦੀ ਸਾਫ਼ ਸਫ਼ਾਈ ਬਾਰੇ ਜਾਣਕਾਰੀ ਕੈਂਪਾਂ ਦਾ ਆਯੋਜਨ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਗਲ ਕਲਾਂ ਵਿਖੇ ਵਿਦਿਆਰਥੀਆਂ ਨੂੰ ਡੇਂਗੂ, ਮਲੇਰੀਆ ਅਤੇ ਹੱਥਾਂ ਦੀ ਸਫਾਈ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਜਾਣਕਾਰੀ ਦਿੰਦਿਆਂ ਸਿਹਤ ਕਰਮਚਾਰੀ ਚਾਨਣ ਦੀਪ ਸਿੰਘ ਨੇ ਦੱਸਿਆ ਕਿ ਗਰਮੀ ਅਤੇ ਬਰਸਾਤ ਦੇ ਮੌਸਮ ਵਿੱਚ ਮੱਛਰ ਦੇ ਵਧੇਰੇ ਪੈਦਾ ਹੋਣ ਨਾਲ ਡੇਂਗੂ ਮਲੇਰੀਆ ਦਾ ਖ਼ਤਰਾ ਵੱਧ ਜਾਂਦਾ ਹੈ। ਇਸ ਲਈ ਸਾਨੂੰ ਘਰਾਂ ਵਿੱਚ ਅਤੇ ਆਲੇ ਦੁਆਲੇ ਪਾਣੀ ਇਕੱਠਾ ਨਹੀਂ ਹੋਣ ਦੇਣਾ ਚਾਹੀਦਾ।
ਇਸ ਤੋਂ ਇਲਾਵਾ ਮੱਛਰ ਤੋਂ ਬਚਾਅ ਲਈ ਮੱਛਰਦਾਨੀਆਂ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਸ਼ਰੀਰ ਨੂੰ ਪੂਰਾ ਢੱਕਣ ਵਾਲੇ ਕੱਪੜੇ ਪਹਿਨਣੇ ਚਾਹੀਦੇ ਹਨ। ਮੱਛਰ ਤੋਂ ਬਚਾਅ ਲਈ ਘਰਾਂ ਦੀਆਂ ਛੱਤਾਂ ਤੇ ਟੁੱਟੇ ਭਾਂਡੇ, ਟਾਇਰ ਆਦਿ ਵਾਧੂ ਕਬਾੜ ਇਕੱਠਾ ਨਹੀਂ ਹੋਣ ਦੇਣਾ ਚਾਹੀਦਾ। ਇਸ ਤੋਂ ਇਲਾਵਾ ਫਰਿਜ਼ ਦੇ ਪਿੱਛੇ ਲੱਗੀਆਂ ਟਰੇਆਂ ਅਤੇ ਕੂਲਰ ਦੇ ਪਾਣੀ ਨੂੰ ਹਫਤੇ ਵਿੱਚ ਇੱਕ ਵਾਰ ਜਰੂਰ ਬਦਲਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਬੁਖ਼ਾਰ ਹੋਣ ਦੀ ਸੂਰਤ ਵਿੱਚ ਤੁਰੰਤ ਨੇੜਲੇ ਸਿਹਤ ਕੇਂਦਰ ਵਿੱਚ ਖੂਨ ਦੀ ਜਾਂਚ ਅਤੇ ਇਲਾਜ ਕਰਵਾਉਣਾ ਚਾਹੀਦਾ ਹੈ। ਇਸ ਮੌਕੇ ਰਮਨਦੀਪ ਏ ਐਨ ਐਮ ਨੇ ਸਕੂਲੀ ਬੱਚਿਆਂ ਨੂੰ ਹੱਥਾਂ ਦੀ ਸਫਾਈ ਰੱਖਣ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਖਾਣਾ ਖਾਣ ਤੋਂ ਪਹਿਲਾਂ ਅਤੇ ਬਾਥਰੂਮ ਜਾਣ ਤੋਂ ਬਾਅਦ ਹੱਥਾਂ ਨੂੰ ਸਾਬਣ ਤੇ ਪਾਣੀ ਨਾਲ ਚੰਗੀ ਤਰ੍ਹਾਂ ਧੋਵੋ। ਇਸ ਮੌਕੇ ਉਨ੍ਹਾਂ ਬੱਚਿਆਂ ਨੂੰ ਹੱਥਾਂ ਨੂੰ ਧੋਣ ਦੀ ਤਕਨੀਕ ਦੇ ਪੰਜ ਪੜਾਵਾਂ ਬਾਰੇ ਵੀ ਜਾਣੂ ਕਰਵਾਇਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਿੰਸੀਪਲ ਸੁਨੀਲ ਕੱਕੜ, ਸਮੂਹ ਸਕੂਲ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly