ਚੰਡੀਗੜ੍ਹ (ਸਮਾਜ ਵੀਕਲੀ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਰੇਤ ਦੇ ਠੇਕੇਦਾਰਾਂ ਨੂੰ ਸੂਬੇ ਵੱਲੋਂ ਤੈਅ ਕੀਤੇ ਗਏ ਰੇਟਾਂ ’ਤੇ ਲੋਕਾਂ ਨੂੰ ਰੇਤ ਦੀ ਨਿਰਵਿਘਨ ਅਤੇ ਸੁਚੱਜੀ ਸਪਲਾਈ ਯਕੀਨੀ ਬਣਾਉਣ ਲਈ ਅਤੇ ਸੂਬਾ ਸਰਕਾਰ ਨਾਲ ਕੀਤੇ ਸਮਝੌਤੇ ਅਨੁਸਾਰ ਨਿਰਧਾਰਤ ਮਾਈਨਿੰਗ ਸ਼ਰਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਕੀਤੀ ਹੈ। ਉਹ ਅੱਜ ਇੱਥੇ ਖਣਨ ਵਿਭਾਗ ਦੇ ਅਧਿਕਾਰੀਆਂ ਅਤੇ ਠੇਕੇਦਾਰਾਂ ਨਾਲ ਮੀਟਿੰਗ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਮੌਜੂਦਾ ਖਣਨ ਨੀਤੀ ਦੀ ਬਾਰੀਕੀ ਨਾਲ ਸਮੀਖਿਆ ਕੀਤੀ ਜਾ ਰਹੀ ਹੈ ਤਾਂ ਜੋ ਨਵੀਂ ਵਿਆਪਕ ਖਣਨ ਨੀਤੀ ਤਿਆਰ ਕੀਤੀ ਜਾ ਸਕੇ।
ਠੇਕੇਦਾਰਾਂ ਨੇ ਸਥਾਨਕ ਆਗੂਆਂ ਤੇ ਮਾਮੂਲੀ ਸਿਆਸਤਦਾਨਾਂ ਦੇ ਇਸ਼ਾਰੇ ’ਤੇ ਕੰਮ ਕਰਨ ਵਾਲੇ ਲੋਕਾਂ ਤੋਂ ਇਲਾਵਾ ਪੁਲੀਸ ਵੱਲੋਂ ਤੰਗ-ਪ੍ਰੇਸ਼ਾਨ ਕੀਤੇ ਜਾਣ ਦਾ ਮੁੱਦਾ ਉਠਾਇਆ, ਜਿਸ ਦੇ ਜਵਾਬ ਵਿੱਚ ਭਗਵੰਤ ਮਾਨ ਨੇ ਉਨ੍ਹਾਂ ਨੂੰ ਕਿਸੇ ਵੀ ਮੰਤਰੀ, ਵਿਧਾਇਕ ਜਾਂ ਪਾਰਟੀ ਵਾਲੰਟੀਅਰਾਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਦਖਲਅੰਦਾਜ਼ੀ ਜਾਂ ਕੋਈ ਸਿਆਸੀ ਦਬਾਅ ਨਾ ਪਾਏ ਜਾਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਬਖਸ਼ਿਆ ਨਹੀਂ ਜਾਵੇਗਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly