ਸਿੰਜਾਈ ਘਪਲਾ: ਸਾਬਕਾ ਮੰਤਰੀ ਜਨਮੇਜਾ ਸੇਖੋਂ ਤੇ ਸ਼ਰਨਜੀਤ ਢਿੱਲੋਂ ਮੁੜ ਤਲਬ

ਚੰਡੀਗੜ੍ਹ (ਸਮਾਜ ਵੀਕਲੀ) : ਪੰਜਾਬ ਵਿਜੀਲੈਂਸ ਬਿਊਰੋ ਨੇ ਸਿੰਜਾਈ ਘੁਟਾਲੇ ਦੀ ਜਾਂਚ ’ਚ ਤੇਜ਼ੀ ਲਿਆਉਂਦਿਆਂ ਦੋ ਸਾਬਕਾ ਮੰਤਰੀਆਂ ਜਨਮੇਜਾ ਸਿੰਘ ਸੇਖੋਂ, ਸ਼ਰਨਜੀਤ ਸਿੰਘ ਢਿੱਲੋਂ ਸਮੇਤ ਤਿੰਨ ਸੇਵਾ-ਮੁਕਤ ਆਈਏਐੱਸ ਅਧਿਕਾਰੀਆਂ ਸਰਵੇਸ਼ ਕੌਸ਼ਲ, ਕੇ.ਬੀ.ਐੱਸ. ਸਿੱਧੂ ਅਤੇ ਕਾਹਨ ਸਿੰਘ ਪੰਨੂ ਨੂੰ ਮੁੜ ਪੁੱਛਗਿੱਛ ਲਈ ਸੱਦ ਲਿਆ ਹੈ। ਵਿਜੀਲੈਂਸ ਅਨੁਸਾਰ ਇਨ੍ਹਾਂ ਵਿਅਕਤੀਆਂ ਤੋਂ ਪਹਿਲੀ ਤੋਂ ਤਿੰਨ ਫਰਵਰੀ ਤਕ ਪੁੱਛ-ਪੜਤਾਲ ਕੀਤੀ ਜਾਵੇਗੀ। ਵੇਰਵਿਆਂ ਅਨੁਸਾਰ ਕਾਹਨ ਸਿੰਘ ਪੰਨੂ ਅਤੇ ਸ਼ਰਨਜੀਤ ਢਿੱਲੋਂ ਨੂੰ ਪਹਿਲੀ ਫਰਵਰੀ, ਸਰਵੇਸ਼ ਕੌਸ਼ਲ ਤੇ ਜਨਮੇਜਾ ਸਿੰਘ ਸੇਖੋਂ ਨੂੰ 2 ਫਰਵਰੀ ਤੇ ਕੇ.ਬੀ.ਐੱਸ. ਸਿੱਧੂ ਨੂੰ 3 ਫਰਵਰੀ ਨੂੰ ਜਾਂਚ ’ਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ।

ਵਿਜੀਲੈਂਸ ਵੱਲੋਂ ਇਨ੍ਹਾਂ ਵਿਅਕਤੀਆਂ ਨੂੰ ਮੁੜ ਜਾਂਚ ’ਚ ਸ਼ਾਮਲ ਹੋਣ ਲਈ ਕਹਿਣ ਬਾਰੇ ਅਹਿਮ ਪਹਿਲੂ ਇਹ ਹੈ ਕਿ ਇਸ ਵਾਰ ਪੰਜਾਂ ਜਣਿਆਂ ਨੂੰ ਬੈਂਕ ਖਾਤਿਆਂ ਅਤੇ ਜਾਇਦਾਦ ਦੇ ਵੇਰਵੇ ਨਾਲ ਲਿਆਉਣ ਲਈ ਕਿਹਾ ਗਿਆ ਹੈ। ਵਿਜੀਲੈਂਸ ਅਨੁਸਾਰ ਇਸ ਤੋਂ ਪਹਿਲਾਂ ਵੀ ਇਨ੍ਹਾਂ ਸਾਰੇ ਵਿਅਕਤੀਆਂ ਨੂੰ ਸੱਦਿਆ ਗਿਆ ਸੀ ਤੇ ਸਿੰਜਾਈ ਘੁਟਾਲੇ ਨਾਲ ਜੁੜੇ ਅਹਿਮ ਸਵਾਲ ਪੁੱਛੇ ਗਏ ਸਨ। ਵਿਜੀਲੈਂਸ ਮੁਤਾਬਕ ਪਹਿਲਾਂ ਕੀਤੀ ਤਫ਼ਤੀਸ਼ ਦੌਰਾਨ ਪੁੱਛੇ ਗਏ ਸਵਾਲਾਂ ਦੀ ਲੜੀ ਵਿੱਚ ਹੀ ਤਫ਼ਤੀਸ਼ ਨੂੰ ਅੱਗੇ ਤੋਰਿਆ ਜਾਵੇਗਾ। ਬੈਂਕ ਖਾਤਿਆਂ ਅਤੇ ਜਾਇਦਾਦ ਦੇ ਵੇਰਵਿਆਂ ਤੋਂ ਬਾਅਦ ਹੀ ਵਿਜੀਲੈਂਸ ਵੱਲੋਂ ਇਸ ਮਾਮਲੇ ਵਿੱਚ ਤਫ਼ਤੀਸ਼ ਨੂੰ ਅੱਗੇ ਵਧਾਉਣ ਦੇ ਸੰਕੇਤ ਦਿੱਤੇ ਗਏ ਹਨ।

ਜ਼ਿਕਰਯੋਗ ਹੈ ਕਿ ਕਾਂਗਰਸ ਸਰਕਾਰ ਸਮੇਂ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 17 ਅਗਸਤ 2017 ਨੂੰ ਧਾਰਾ 406, 409, 420, 467, 468, 471, 477, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਠੇਕੇਦਾਰ ਗੁਰਿੰਦਰ ਸਿੰਘ ਅਤੇ ਸਿੰਜਾਈ ਵਿਭਾਗ ਦੇ ਇੰਜੀਨੀਅਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਮਹੱਤਵਪੂਰਨ ਤੱਥ ਇਹ ਹੈ ਕਿ ਠੇਕੇਦਾਰ ਗੁਰਿੰਦਰ ਸਿੰਘ ਵੱਲੋਂ ਵਿਜੀਲੈਂਸ ਕੋਲ ਇਕਬਾਲੀਆ ਬਿਆਨ ਦਰਜ ਕਰਵਾਇਆ ਗਿਆ ਸੀ ਜਿਸ ਵਿੱਚ ਉਸ ਨੇ ਇੱਕ ਸੇਵਾ-ਮੁਕਤ ਅਧਿਕਾਰੀ ਨੂੰ 5.50 ਕਰੋੜ, ਦੂਜੇ ਅਧਿਕਾਰੀ ਨੂੰ 8.50 ਕਰੋੜ ਤੇ ਤੀਜੇ ਅਧਿਕਾਰੀ ਨੂੰ 7 ਕਰੋੜ ਰੁਪਏ ਦੀ ਰਿਸ਼ਵਤ ਦੇਣਾ ਮੰਨਿਆ ਸੀ। ਠੇਕੇਦਾਰ ਨੇ ਵਿਭਾਗ ਤੋਂ ਬਿਲ ਪਾਸ ਕਰਾਉਣਾ, ਕੰਮ ਅਲਾਟ ਕਰਾਉਣ ਅਤੇ ਮਸ਼ੀਨਾਂ ਦੀ ਖ਼ਰੀਦ ਆਦਿ ਲਈ ਕਥਿਤ ਰਿਸ਼ਵਤ ਦੇਣ ਦੀ ਗੱਲ ਕਬੂਲ ਕੀਤੀ ਸੀ।

ਠੇਕੇਦਾਰ ਨੇ ਦੋ ਸਾਬਕਾ ਮੰਤਰੀਆਂ ਅਤੇ ਮੰਤਰੀਆਂ ਦੇ ਨਿੱਜੀ ਸਹਾਇਕਾਂ ਨੂੰ ਵੀ ਵਿੱਤੀ ਗੱਫਾ ਦੇਣ ਦਾ ਖੁਲਾਸਾ ਕੀਤਾ ਸੀ। ਇਸ ਦਸਤਾਵੇਜ਼ ’ਚ ਇੱਕ ਮੰਤਰੀ ਦੇ ਪੀਏ ਨੂੰ 2.50 ਕਰੋੜ ਰੁਪਏ ਤੇ ਸਾਬਕਾ ਮੰਤਰੀ ਨੂੰ 7 ਕਰੋੜ 35 ਲੱਖ ਰੁਪਏ ਦੇਣ ਦਾ ਇਕਬਾਲ ਕੀਤਾ ਗਿਆ ਹੈ। ਗੁਰਿੰਦਰ ਸਿੰਘ ਨੇ ਦੂਸਰੇ ਮੰਤਰੀ ਨੂੰ 4 ਕਰੋੜ ਰੁਪਏ ਤੇ ਮੰਤਰੀ ਦੇ ਨਿੱਜੀ ਸਹਾਇਕ ਨੂੰ 50 ਲੱਖ ਰੁਪਏ ਦੇਣਾ ਮੰਨਿਆ ਹੈ। ਇਹ ਕੇਸ ਭਾਵੇਂ ਕਾਂਗਰਸ ਸਰਕਾਰ ਸਮੇਂ ਦਰਜ ਹੋਇਆ ਸੀ ਪਰ ਕਾਂਗਰਸ ਸਰਕਾਰ ਨੇ ਸੇਵਾ-ਮੁਕਤ ਅਧਿਕਾਰੀਆਂ ਅਤੇ ਸਾਬਕਾ ਮੰਤਰੀਆਂ ਦੀ ਭੂਮਿਕਾ ਦੀ ਜਾਂਚ ਦੀ ਪ੍ਰਵਾਨਗੀ ਨਹੀਂ ਦਿੱਤੀ ਸੀ। ਪੰਜਾਬ ਵਿੱਚ ‘ਆਪ’ ਸਰਕਾਰ ਦੇ ਗਠਨ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਮੁੜ ਜਾਂਚ ਦੀ ਪ੍ਰਵਾਨਗੀ ਦਿੱਤੀ ਜਿਸ ਉਪਰੰਤ ਵਿਜੀਲੈਂਸ ਬਿਊਰੋ ਨੇ ਸਿੰਜਾਈ ਘੁਟਾਲੇ ਦੀ ਮੁੜ ਤੋਂ ਤਫ਼ਤੀਸ਼ ਆਰੰਭੀ ਹੋਈ ਹੈ।

 

Previous articleਹਾਕੀ ਵਿਸ਼ਵ ਕੱਪ: ਦੱਖਣੀ ਅਫ਼ਰੀਕਾ ਨੂੰ ਹਰਾ ਕੇ ਭਾਰਤ ਨੂੰ 9ਵਾਂ ਸਥਾਨ
Next articleਰਾਹੁਲ ਵੱਲੋਂ ਪੁਲਵਾਮਾ ਦੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ