ਅੰਮ੍ਰਿਤਸਰ (ਸਮਾਜ ਵੀਕਲੀ): ਪੰਜਾਬ ਸਟੂਡੈਂਟਸ ਯੂਨੀਅਨ ਨੇ ਅੱਜ ਇੱਥੇ ਵਿਦਿਆਰਥੀ ਮੰਗਾਂ ਅਤੇ ਹੋਰ ਮਾਮਲਿਆਂ ਨੂੰ ਲੈ ਕੇ ਰੋਸ ਵਿਖਾਵਾ ਕੀਤਾ। ਵਿਦਿਆਰਥੀਆਂ ਨੇ ਆਪਣੀਆਂ ਮੰਗਾਂ ਸਬੰਧੀ ਪੱਤਰ ਡਿਪਟੀ ਕਮਿਸ਼ਨਰ ਦਫਤਰ ਨੂੰ ਸੌਂਪਿਆ। ਜਥੇਬੰਦੀ ਦੀ ਆਗੂ ਹਰਦੀਪ ਕੌਰ ਕੋਟਲਾ ਨੇ ਇਸ ਮੌਕੇ ਸੰਬੋਧਨ ਕਰਦਿਆਂ ਵਿਦਿਆਰਥੀ ਮੰਗਾਂ ਦਾ ਜ਼ਿਕਰ ਕੀਤਾ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਫਿਰਕੂ ਏਜੰਡੇ ਤਹਿਤ ਕੰਮ ਕਰ ਰਹੀ ਹੈ। ਇਸੇ ਤਹਿਤ ਇਤਿਹਾਸਿਕ ਇਮਾਰਤਾਂ ਨਾਲ ਛੇੜਛਾੜ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਉਨ੍ਹਾਂ ਨੇ ਜੱਲ੍ਹਿਆਂਵਾਲਾ ਬਾਗ ਦੀ ਮਿਸਾਲ ਦਿੱਤੀ। ਉਨ੍ਹਾਂ ਦੋਸ਼ ਲਾਇਆ ਕਿ ਸ਼ਹੀਦੀ ਯਾਦਗਾਰ ਦਾ ਮੂਲ ਸਰੂਪ ਬਦਲ ਦਿੱਤਾ ਗਿਆ ਹੈ।
ਇਸ ਮੌਕੇ ਪੀਐੱਸਯੂ ਦੀ ਆਗੂ ਅਨੁਹਾਰ ਕੌਰ ਅਤੇ ਕਿਰਨਦੀਪ ਕੌਰ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਨਿੱਜੀਕਰਨ ਦੀਆਂ ਨੀਤੀਆਂ ਤਹਿਤ ਸਰਕਾਰੀ ਅਦਾਰਿਆਂ ਨੂੰ ਵੇਚ ਰਹੀ ਹੈ। ਸਰਕਾਰੀ ਕਾਲਜਾਂ ਨੂੰ ਪ੍ਰਾਈਵੇਟ ਹੱਥਾਂ ਵਿੱਚ ਦਿੱਤਾ ਜਾ ਰਿਹਾ ਹੈ। ਇਨ੍ਹਾਂ ਕਾਲਜਾਂ ਵਿੱਚ ਲੰਮੇ ਸਮੇਂ ਤੋਂ ਅਸਾਮੀਆਂ ਨਹੀਂ ਭਰੀਆਂ ਗਈਆਂ ਅਤੇ ਨਾ ਹੀ ਕੋਈ ਪੱਕੀ ਭਰਤੀ ਕੀਤੀ ਗਈ ਹੈ। ਵਿੱਦਿਆ ਲਗਾਤਾਰ ਮਹਿੰਗੀ ਹੋ ਰਹੀ ਹੈ ਅਤੇ ਆਮ ਲੋਕਾਂ ਦੀ ਪਹੁੰਚ ਤੋਂ ਦੂਰ ਹੋ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਸੁਚਾਰੂ ਢੰਗ ਨਾਲ ਲਾਗੂ ਨਹੀਂ ਕੀਤਾ ਜਾ ਰਿਹਾ। ਇਸੇ ਤਰ੍ਹਾਂ ਹਰ ਸਾਲ ਯੂਨੀਵਰਸਿਟੀਆਂ ਵੱਲੋਂ ਫੀਸਾਂ ਫੰਡਾਂ ਆਦਿ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੁੜੀਆਂ ਨੂੰ ਪੀਐੱਚ ਡੀ ਤਕ ਮੁਫ਼ਤ ਵਿੱਦਿਆ ਦੇਣ ਵਾਲਾ ਬਿੱਲ ਵਿਧਾਨ ਸਭਾ ਵਿੱਚ ਪਾਸ ਹੋ ਚੁੱਕਾ ਹੈ ਪਰ ਇਸ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ।
ਵਿਦਿਆਰਥੀ ਆਗੂਆਂ ਨੇ ਮੰਗ ਕੀਤੀ ਕਿ ਸੂਬੇ ਵਿੱਚ ਬੰਦ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਖੋਲ੍ਹਿਆ ਜਾਵੇ, ਇਤਹਾਸਿਕ ਇਮਾਰਤਾਂ ਦੀ ਸਾਂਭ ਸੰਭਾਲ ਕੀਤੀ ਜਾਵੇ, ਲੜਕੀਆਂ ਲਈ ਸਮੁੱਚੀ ਵਿੱਦਿਆ ਮੁਫ਼ਤ ਕੀਤੀ ਜਾਵੇ, ਪੋਸਟਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਡੇਢ ਲੱਖ ਤੋਂ ਘੱਟ ਆਮਦਨ ਵਾਲੇ ਵਿਦਿਆਰਥੀਆਂ ਦੀ ਫੀਸ ਮੁਆਫ ਕੀਤੀ ਜਾਵੇ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly