ਅੰਮ੍ਰਿਤਸਰ (ਸਮਾਜ ਵੀਕਲੀ): ਪ੍ਰਧਾਨ ਮੰਤਰੀ ਦੇ ਫਿਰੋਜ਼ਪੁਰ ਦੌਰੇ ਮੌਕੇ ਸੁਰੱਖਿਆ ਪ੍ਰਬੰਧਾਂ ਵਿੱਚ ਹੋਈ ਕੋਤਾਹੀ ਦੇ ਮਾਮਲੇ ਵਿੱਚ ਸਿੱਖਾਂ ਖ਼ਿਲਾਫ਼ ਭੰਡੀ ਪ੍ਰਚਾਰ ਕੀਤੇ ਜਾਣ ’ਤੇ ਸਖ਼ਤ ਇਤਰਾਜ਼ ਪ੍ਰਗਟਾਉਂਦਿਆਂ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਹਰਪ੍ਰੀਤ ਸਿੰਘ ਨੇ ਆਖਿਆ ਕਿ ਇਹ ਮਾਮਲਾ ਕੇਂਦਰ ਤੇ ਸੂਬਾ ਸਰਕਾਰਾਂ ਦੇ ਅਧਿਕਾਰੀਆਂ ’ਚ ਆਪਸੀ ਤਾਲਮੇਲ ਦੀ ਕਮੀ ਦਾ ਸਿੱਟਾ ਹੈ, ਪਰ ਇਸ ਵਿੱਚ ਜਾਣਬੁੱਝ ਕੇ ਸਿੱਖ ਕੌਮ ਨੂੰ ਨਿਸ਼ਾਨਾ ਬਣਾਇਆ ਜਾਣਾ ਮੰਦਭਾਗਾ ਹੈ। ਵੀਡਿਓ ਸੁਨੇਹੇ ਰਾਹੀਂ ਉਨ੍ਹਾਂ ਕਿਹਾ ਕਿ ਇਸ ਘਟਨਾਕ੍ਰਮ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਸਿੱਖ ਕੌਮ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਤੇ ਨਫ਼ਰਤ ਭਰੀਆਂ ਟਿੱਪਣੀਆਂ ਤੇ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਕਿਸੇ ਕੌਮ ਜਾਂ ਫਿਰਕੇ ਨੂੰ ਨਿਸ਼ਾਨਾ ਬਣਾ ਕੇ ਨਫ਼ਰਤ ਫੈ਼ਲਾਉਣ ਤੇ ਅਪਸ਼ਬਦ ਬੋਲਣਾ ਵੀ ‘ਅਤਿਵਾਦ’ ਹੈ। ਉਨ੍ਹਾਂ ਕਿਹਾ ਕਿ ਕਈ ਜ਼ਿੰਮੇਵਾਰ ਸ਼ਖ਼ਸੀਅਤਾਂ ਵੀ ਇਸ ਵਿੱਚ ਸ਼ਾਮਲ ਹੋ ਗਈਆਂ ਹਨ ਤੇ ਸਿੱਖਾਂ ਨੂੰ ਨਵੰਬਰ 1984 ਦੀ ਨਸਲਕੁਸ਼ੀ ਦੁਹਰਾਉਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸਭ ਕੁਝ ‘ਹੇਟ ਟੈਰਰਿਜ਼ਮ’ (ਨਫਰਤੀ ਅਤਿਵਾਦ) ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਨਫ਼ਰਤੀ ਅਪਰਾਧ ਕਰਨ ਵਾਲਿਆਂ ਖ਼ਿਲਾਫ਼ ਦੇਸ਼ਧ੍ਰੋਹ ਦਾ ਕੇਸ ਦਰਜ ਕਰੇ। ਉਨ੍ਹਾਂ ਮੁੜ ਕਿਹਾ ਕਿ ਇਸ ਘਟਨਾਕ੍ਰਮ ਨਾਲ ਸਿੱਖ ਕੌਮ ਦਾ ਕੋਈ ਸਬੰਧ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਭਾਜਪਾ ਅਤੇ ਕਾਂਗਰਸ ਦੋਵੇਂ ਸਰਕਾਰਾਂ ਦਾ ਆਪਸੀ ਮਾਮਲਾ ਹੈ। ਇਸ ਵਿਚ ਸਿੱਖਾਂ ਨੂੰ ਬੇਲੋੜਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly