ਚੰਡੀਗੜ੍ਹ (ਸਮਾਜ ਵੀਕਲੀ): ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਮਗਰੋਂ ਵੱਖ-ਵੱਖ ਐਨਫੋਰਸਮੈਂਟ ਟੀਮਾਂ ਨੇ 4 ਫਰਵਰੀ ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 322.52 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ।
ਮੁੱਖ ਚੋਣ ਅਫਸਰ ਡਾ. ਐੱਸ. ਕਰੁਣਾ ਰਾਜੂ ਨੇ ਦੱਸਿਆ ਕਿ ਨਿਗਰਾਨ ਟੀਮਾਂ ਨੇ 16.93 ਕਰੋੜ ਰੁਪਏ ਦੀ 30.57 ਲੱਖ ਲਿਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਐਨਫੋਰਸਮੈਂਟ ਵਿੰਗਾਂ ਵੱਲੋਂ 279.62 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 21.97 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ। ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1227 ਵੱਧ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 2980 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨ੍ਹਾਂ ’ਚੋਂ 2284 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ’ਤੇ ਵੀ ਜਲਦੀ ਹੀ ਕੇਸ ਦਰਜ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀਆਰਪੀਸੀ ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 1409 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ 2861 ਗੈਰ ਜ਼ਮਾਨਤੀ ਵਾਰੰਟਾਂ ਦੇ ਕੇਸਾਂ ’ਤੇ ਕਾਰਵਾਈ ਕੀਤੀ ਜਾ ਚੁੱਕੀ ਹੈ, ਜਦਕਿ 24 ਕੇਸ ਕਾਰਵਾਈ ਅਧੀਨ ਹਨ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਕੁੱਲ 3,90,275 ਲਾਇਸੈਂਸੀ ਹਥਿਆਰਾਂ ਵਿੱਚੋਂ ਹੁਣ ਤੱਕ 3,77,729 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly