ਸਾਕਾ ਜੱਲ੍ਹਿਆਂਵਾਲਾ ਬਾਗ: ਸ਼ਹੀਦਾਂ ਦੇ ਪਰਿਵਾਰ ਸੂਬਾ ਤੇ ਕੇਂਦਰ ਸਰਕਾਰ ਤੋਂ ਖਫ਼ਾ

ਅੰਮ੍ਰਿਤਸਰ (ਸਮਾਜ ਵੀਕਲੀ): ਕੇਂਦਰ ਅਤੇ ਸੂਬਾ ਸਰਕਾਰ ਤੋਂ ਨਿਰਾਸ਼ ਸਾਕਾ ਜੱਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਦੇ ਪਰਿਵਾਰਾਂ ਨੇ ਭਵਿੱਖ ਵਿੱਚ ਸਰਕਾਰੀ ਸਮਾਗਮਾਂ ਵਿੱਚ ਸ਼ਾਮਲ ਨਾ ਹੋਣ ਦਾ ਫ਼ੈਸਲਾ ਕੀਤਾ ਹੈ। ਇਹ ਪਰਿਵਾਰ ਤਾਮਰ ਪੱਤਰ ਅਤੇ ਸ਼ਹੀਦ ਪਰਿਵਾਰਾਂ ਵਾਲੀਆਂ ਸਹੂਲਤਾਂ ਦੀ ਮੰਗ ਕਰ ਰਹੇ ਹਨ।

ਜੱਲ੍ਹਿਆਂਵਾਲਾ ਬਾਗ ਫਰੀਡਮ ਫਾਈਟਰ ਫਾਊਂਡੇਸ਼ਨ ਦੇ ਮੁਖੀ ਸੁਨੀਲ ਕਪੂਰ ਨੇ ਆਖਿਆ ਕਿ ਜਦੋਂ ਤੱਕ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਜੱਲਿਆਂਵਾਲਾ ਬਾਗ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਮਾਨ-ਸਨਮਾਨ ਨਹੀਂ ਦਿੱਤਾ ਜਾਂਦਾ, ਉਦੋਂ ਤੱਕ ਉਹ ਸੂਬਾ ਅਤੇ ਕੇਂਦਰ ਸਰਕਾਰ ਦੇ ਕਿਸੇ ਵੀ ਸਮਾਗਮ ਵਿੱਚ ਸ਼ਾਮਲ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਬੀਤੇ ਦਿਨ ਜਦੋਂ ਪ੍ਰਧਾਨ ਮੰਤਰੀ ਵੱਲੋਂ ਜੱਲ੍ਹਿਆਂਵਾਲਾ ਬਾਗ ਦੇ ਨਵੀਨੀਕਰਨ ਤੋਂ ਬਾਅਦ ਇਸ ਦਾ ਉਦਘਾਟਨ ਕੀਤਾ ਗਿਆ ਤਾਂ ਉਸ ਵੇਲੇ ਸ਼ਹੀਦ ਪਰਿਵਾਰਾਂ ਨੂੰ ਉਮੀਦ ਸੀ ਕਿ ਉਹ ਸ਼ਹੀਦਾਂ ਦੇ ਪਰਿਵਾਰਾਂ ਦੀਆਂ ਇਹ ਮੰਗਾਂ ਮੰਨਣ ਬਾਰੇ ਐਲਾਨ ਕਰਨਗੇ ਪਰ ਅਜਿਹਾ ਨਹੀਂ ਹੋਇਆ। ਇਸ ਕਾਰਨ ਉਥੇ ਪੁੱਜੇ ਸ਼ਹੀਦਾਂ ਦੇ ਪਰਿਵਾਰ ਨਿਰਾਸ਼ ਪਰਤੇ ਹਨ। ਵਾਪਸੀ ਵੇਲੇ ਪਰਿਵਾਰਾਂ ਦੇ ਮੈਂਬਰਾਂ ਲਈ ਰਾਤ ਦੇੇ ਖਾਣੇ ਦਾ ਵੀ ਪ੍ਰਬੰੰਧ ਨਹੀਂ ਕੀਤਾ ਗਿਆ ਸੀ, ਜਿਸ ਕਾਰਨ ਦੂਰ ਤੋਂ ਆਏ ਪਰਿਵਾਰਾਂ ਨੂੰ ਭੁੱਖੇ ਹੀ ਜਾਣਾ ਪਿਆ।

ਉਨ੍ਹਾਂ ਦੱਸਿਆ ਕਿ ਉਹ ਇਸ ਸਬੰਧੀ ਦੇਸ਼ ਦੇ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਰਾਸ਼ਟਰਪਤੀ ਨੂੰ ਦੋ ਸਾਲ ਪਹਿਲਾਂ ਪੱਤਰ ਭੇਜ ਚੁੱਕੇ ਹਨ, ਜਿਸ ਵਿੱਚ ਸ਼ਹੀਦਾਂ ਦੇ ਪਰਿਵਾਰਾਂ ਨੂੰ ਤਾਮਰ ਪੱਤਰ, ਸਰਟੀਫਿਕੇਟ ਅਤੇ ਫਰੀਡਮ ਫਾਈਟਰ ਪਰਿਵਾਰਾਂ ਵਾਲੀਆਂ ਸਹੂਲਤਾਂ ਦੇਣ ਦੀ ਮੰਗ ਕੀਤੀ ਸੀ। ਰਾਸ਼ਟਰਪਤੀ ਨੇ ਇਹ ਪੱਤਰ ਅਗਲੀ ਕਾਰਵਾਈ ਲਈ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜ ਦਿੱਤਾ ਸੀ, ਜਿਸ ਦਾ ਉਤਾਰਾ ਉਨ੍ਹਾਂ ਨੂੰ ਵੀ ਭੇਜਿਆ ਗਿਆ ਸੀ। ਇਸੇ ਤਰ੍ਹਾਂ ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਅਗਲੀ ਕਾਰਵਾਈ ਲਈ ਇਹ ਪੱਤਰ ਪੰਜਾਬ ਸਰਕਾਰ ਨੂੰ ਭੇਜ ਦਿੱਤਾ ਗਿਆ ਸੀ ਪਰ ਅਫਸੋਸ ਹੈ ਕਿ ਇਸ ਪੱਤਰ ਬਾਰੇ ਪਿਛਲੇ ਦੋ ਸਾਲਾਂ ਵਿਚ ਕੋਈ ਵਿਚਾਰ ਨਹੀਂ ਕੀਤਾ ਗਿਆ।

ਸ਼ਹੀਦੀ ਸਮਾਰਕ ਵਿੱਚ ਕੀਤੇ ਗਏ ਨਵੀਨੀਕਰਨ ਤੇ ਸੁੰਦਰੀਕਰਨ ਬਾਰੇ ਸ਼ਹੀਦਾਂ ਦੇ ਪਰਿਵਾਰਾਂ ਨੇ ਤਸੱਲੀ ਪ੍ਰਗਟਾਈ ਹੈ। ਬੀਤੇ ਦਿਨ ਇੱਥੇ ਨਵੀਨੀਕਰਨ ਮਗਰੋਂ ਕੀਤੇ ਗਏ ਉਦਘਾਟਨੀ ਸਮਾਗਮ ਵਿੱਚ ਸ਼ਹੀਦਾਂ ਦੇ 31 ਪਰਿਵਾਰ ਪੁੱਜੇ ਸਨ।

ਦੱਸਣਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਜੱਲ੍ਹਿਆਂਵਾਲਾ ਬਾਗ ਸਾਕੇ ਦੀ ਸ਼ਤਾਬਦੀ ਨੂੰ ਸਮਰਪਿਤ ਇਸ ਸ਼ਹੀਦੀ ਯਾਦਗਾਰ ਦਾ ਨਵੀਨੀਕਰਨ ਤੇ ਸੁੰਦਰੀਕਰਨ ਕੀਤਾ ਗਿਆ ਹੈ, ਜਿਸ ’ਤੇ ਲਗਪਗ 20 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਸ ਦਾ ਉਦਘਾਟਨ ਬੀਤੀ ਸ਼ਾਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਵਰਚੁਅਲ ਤੌਰ ’ਤੇ ਕੀਤਾ ਗਿਆ ਸੀ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਅਮਰੀਕਾ ਵੱਲੋਂ ਕਾਬੁਲ ਵਿੱਚ ਰਹਿ ਗਏ ਫੌਜੀਆਂ ਨੂੰ ਸੁਰੱਖਿਅਤ ਕੱਢਣ ਲਈ ਯਤਨ
Next articleਮਾਝੇ-ਦੋਆਬੇ ਵਿੱਚ ਕਿਸਾਨਾਂ ਨੇ ਖੱਟਰ ਦੇ ਪੁਤਲੇ ਫੂਕੇ