ਜੱਲ੍ਹਿਆਂਵਾਲਾ ਬਾਗ ਯਾਦਗਾਰ ਸ਼ਾਂਤਮਈ ਸੰਘਰਸ਼ ਦੀ ਪ੍ਰਤੀਕ: ਕੈਪਟਨ

Jallianwala Bagh

ਚੰਡੀਗੜ੍ਹ (ਸਮਾਜ ਵੀਕਲੀ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੜ ਮੁਰੰਮਤ ਕੀਤੇ ਗਏ ਜੱਲ੍ਹਿਆਂਵਾਲਾ ਬਾਗ ਸਮਾਰਕ ਨੂੰ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਅਤੇ ਨੌਜਵਾਨਾਂ ਲਈ ਪ੍ਰੇਰਨਾ ਦਾ ਪ੍ਰਤੀਕ ਕਰਾਰ ਦਿੰਦਿਆਂ ਕਿਹਾ ਕਿ ਇਹ ਯਾਦਗਾਰ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਮਹੂਰੀ ਢੰਗ ਨਾਲ ਸ਼ਾਂਤਮਈ ਰੋਸ ਪ੍ਰਗਟਾਉਣ ਦੇ ਲੋਕਾਂ ਦੇ ਅਧਿਕਾਰ ਬਾਰੇ ਯਾਦ ਕਰਵਾਉਂਦੀ ਰਹੇਗੀ।

ਸ਼ਾਂਤਮਈ ਤਰੀਕੇ ਨਾਲ ਸੰਘਰਸ਼ੀਲ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮਾਰਕ ਦੇ ਨਾਲ-ਨਾਲ ਸੂਬਾ ਸਰਕਾਰ ਵੱਲੋਂ ਹਾਲ ਹੀ ਵਿੱਚ ਲੋਕਾਂ ਨੂੰ ਸਮਰਪਿਤ ਕੀਤੀ ਜੱਲ੍ਹਿਆਂਵਾਲਾ ਬਾਗ ਸ਼ਤਾਬਦੀ ਯਾਦਗਾਰ ਤੋਂ ਸਾਡੇ ਨੇਤਾਵਾਂ ਨੂੰ ਸਬਕ ਸਿੱਖਣਾ ਚਾਹੀਦਾ ਹੈ ਕਿ ਸ਼ਾਂਤਮਈ ਰਹਿ ਕੇ ਜਮਹੂਰੀ ਢੰਗ ਨਾਲ ਰੋਸ ਪ੍ਰਗਟਾਉਣਾ ਭਾਰਤੀਆਂ ਦਾ ਅਨਿੱਖੜਵਾਂ ਅਧਿਕਾਰ ਹੈ ਜਿਸ ਨੂੰ ਕੁਚਲਿਆ ਨਹੀਂ ਜਾ ਸਕਦਾ ਕਿਉਂਕਿ ਅੰਗੇਰਜ਼ਾਂ ਨੇ ਵੀ ਜੱਲ੍ਹਿਆਂਵਾਲਾ ਬਾਗ ਦੀ ਘਟਨਾ ਤੋਂ ਸਬਕ ਸਿੱਖਿਆ ਸੀ। ਪ੍ਰਧਾਨ ਮੰਤਰੀ ਵੱਲੋਂ ਜਲ੍ਹਿਆਂਵਾਲਾ ਬਾਗ ਕੌਮੀ ਯਾਦਗਾਰ (ਸਮਾਰਕ) ਨੂੰ ਰਿਮੋਟ ਰਾਹੀਂ ਰਾਸ਼ਟਰ ਨੂੰ ਸਮਰਪਿਤ ਕਰਨ ਤੋਂ ਪਹਿਲਾਂ ਆਪਣੇ ਸੰਖੇਪ ਭਾਸ਼ਣ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮਾਰਕ ਅਤੇ ਸੂਬਾ ਸਰਕਾਰ ਵੱਲੋਂ ਸਥਾਪਤ ਕੀਤੀ ਸ਼ਤਾਬਦੀ ਯਾਦਗਾਰ ਸਾਡੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਦੀ ਨਿਮਾਣੀ ਕੋਸ਼ਿਸ਼ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਭਾਰਤ ਸਰਕਾਰ ਨੂੰ ਆਪਣਾ ਅਸਰ-ਰਸੂਖ ਵਰਤ ਕੇ ਸ਼ਹੀਦ ਊਧਮ ਸਿੰਘ ਜਿਨ੍ਹਾਂ ਨੇ ਇਸ ਕਤਲੇਆਮ ਦੀ ਬੇਇਨਸਾਫੀ ਦਾ ਬਦਲਾ ਲਿਆ ਸੀ, ਦੇ ਪਿਸਤੌਲ ਅਤੇ ਨਿੱਜੀ ਡਾਇਰੀ ਵਰਗੀਆਂ ਨਿਸ਼ਾਨੀਆਂ ਨੂੰ ਯੂ.ਕੇ. ਤੋਂ ਭਾਰਤ ਲਿਆਉਣਾ ਚਾਹੀਦਾ ਹੈ। ਕੈਪਟਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਦੁਖਾਂਤ ਦੀ ਸ਼ਤਾਬਦੀ ਨੂੰ ਮਨਾਉਣ ਦੇ ਹਿੱਸੇ ਵਜੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਹਾਲ ਹੀ ਵਿੱਚ 14 ਅਗਸਤ, 2021 ਨੂੰ ਅੰਮ੍ਰਿਤਸਰ ਵਿੱਚ ਇੱਕ ਵੱਖਰੇ ਸਥਾਨ ’ਤੇ ਜਲ੍ਹਿਆਂਵਾਲਾ ਬਾਗ ਸ਼ਤਾਬਦੀ ਯਾਦਗਾਰ ਸਮਰਪਿਤ ਕੀਤੀ ਸੀ। ਉਨ੍ਹਾਂ ਦੱਸਿਆ ਕਿ ਇਸ ਯਾਦਗਾਰ ’ਤੇ ਰਿਕਾਰਡ ਅਨੁਸਾਰ ਉਪਲੱਬਧ ਸਾਰੇ 488 ਸ਼ਹੀਦਾਂ ਦੇ ਨਾਮ ਉੱਕਰੇ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੀ ਵਿਸ਼ੇਸ਼ ਖੋਜ ਟੀਮ ਵੀ ਗਠਿਤ ਕੀਤੀ ਸੀ ਤਾਂ ਜੋ ਉਨ੍ਹਾਂ ਸ਼ਹੀਦਾਂ ਦੇ ਲਾਪਤਾ ਨਾਵਾਂ ਦਾ ਪਤਾ ਲਗਾਇਆ ਜਾ ਸਕੇ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਤ੍ਰਿਣਮੂਲ ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ਈਡੀ ਵੱਲੋਂ ਤਲਬ
Next articleਘਰੇਲੂ ਹਿੰਸਾ ਮਾਮਲਾ: ਅਦਾਲਤ ਿਵੱਚ ਪੇਸ਼ ਨਾ ਹੋਇਆ ਹਨੀ ਸਿੰਘ