ਜੰਮੂ-ਕਸ਼ਮੀਰ ਦਾ ਵਿਸ਼ੇਸ਼ ਦਰਜਾ ਬਹਾਲ ਕਰਨ ਦੀ ਮੰਗ
ਬਰਨਾਲਾ (ਸਮਾਜ ਵੀਕਲੀ) ਤਰਕਸ਼ੀਲ ਸੁਸਾਇਟੀ ਪੰਜਾਬ ਨੇ ਜੰਮੂ-ਕਸ਼ਮੀਰ ਪ੍ਰਸ਼ਾਸਨ ਵੱਲੋਂ ਕੌਮਾਂਤਰੀ ਪ੍ਰਸਿੱਧ ਨਾਮਵਰ ਵਿਦਵਾਨਾਂ ਦੀਆਂ 25 ਕਿਤਾਬਾਂ ਉੱਪਰ ਗ਼ੈਰ ਸੰਵਿਧਾਨਿਕ ਪਾਬੰਦੀ ਲਾ ਕੇ ਉਨ੍ਹਾਂ ਨੂੰ ਜ਼ਬਤ ਕਰਨ ਦੇ ਆਦੇਸ਼ ਦੇਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਇਸਨੂੰ ਮੋਦੀ ਸਰਕਾਰ ਦੀ ਤਾਨਾਸ਼ਾਹੀ ਕਾਰਵਾਈ ਕਰਾਰ ਦਿੱਤਾ ਹੈ ਅਤੇ ਇਸ ਆਦੇਸ਼ ਨੂੰ ਤੁਰੰਤ ਰੱਦ ਕਰਨ ਦੀ ਜ਼ੋਰਦਾਰ ਮੰਗ ਕੀਤੀ ਹੈ। ਤਰਕਸ਼ੀਲ ਸੁਸਾਇਟੀ ਦੇ ਸੂਬਾ ਕਮੇਟੀ ਆਗੂਆਂ ਮਾਸਟਰ ਰਾਜਿੰਦਰ ਭਦੌੜ, ਰਾਜਪਾਲ ਬਠਿੰਡਾ, ਜਸਵਿੰਦਰ ਫਗਵਾੜਾ ਅਤੇ ਸੁਮੀਤ ਅੰਮ੍ਰਿਤਸਰ ਨੇ ਤਰਕਸ਼ੀਲ ਭਵਨ ਬਰਨਾਲਾ ਤੋਂ ਇਕ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਇਹ ਕਿਤਾਬਾਂ ਬੁੱਕਰ ਇਨਾਮ ਜੇਤੂ ਵਿਸ਼ਵ ਪ੍ਰਸਿੱਧ ਲੇਖਿਕਾ ਅਰੁੰਧਤੀ ਰਾਏ, ਤਾਰਿਕ ਅਲੀ, ਏ.ਜੇ. ਨੂਰਾਨੀ, ਅਨੁਰਾਧਾ ਭਸੀਨ, ਸੁਮਾਂਤਰਾ ਬੋਸ, ਕ੍ਰਿਸਟੋਫਰ ਸਨੇਡਨ, ਰਾਧਿਕਾ ਗੁਪਤਾ, ਸੀਮਾ ਕਾਜ਼ੀ, ਡਾ. ਅਬਦੁਲ ਜੱਬਰ ਗੋਕਖਾਨੀ ਵਰਗੇ ਉੱਘੇ ਲੇਖਕਾਂ, ਵਿਦਵਾਨਾਂ, ਸੰਪਾਦਕਾਂ ਅਤੇ ਇਤਿਹਾਸਕਾਰਾਂ ਦੀਆਂ ਲਿਖੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਆਕਸਫੋਰਡ ਯੂਨੀਵਰਸਿਟੀ ਪ੍ਰੈੱਸ, ਰੂਟਲੈਜ, ਵਾਈਕਿੰਗ ਪੈਂਗੂਇਨ, ਹਾਰਪਰ ਕੌਲਿਨਜ਼, ਕੈਂਬਰਿਜ਼ ਯੂਨੀਵਰਸਿਟੀ ਪ੍ਰੈੱਸ, ਪੈਨ ਮੈਕਮਿਲਨ ਇੰਡੀਆ ਵਰਗੇ ਅੰਤਰਰਾਸ਼ਟਰੀ ਪੱਧਰ ਦੇ ਮਿਆਰੀ ਪ੍ਰਕਾਸ਼ਨ ਸਮੂਹਾਂ ਵੱਲੋਂ ਪ੍ਰਕਾਸ਼ਿਤ ਕੀਤੀਆਂ ਡੂੰਘੀ ਖੋਜ ਅਤੇ ਇਤਿਹਾਸਕ ਤੱਥਾਂ ’ਤੇ ਆਧਾਰਤ ਇਨ੍ਹਾਂ ਕਿਤਾਬਾਂ ਨੂੰ “ਝੂਠੇ ਬਿਰਤਾਂਤ” ਅਤੇ “ਵੱਖਵਾਦ” ਨੂੰ ਪ੍ਰਚਾਰਨ ਵਾਲਾ ‘ਗੁੰਮਰਾਹਕੁਨ’ ਸਾਹਿਤ ਕਰਾਰ ਦੇ ਕੇ ਪਾਬੰਦੀ ਲਾਉਣਾ ਭਾਜਪਾ ਸਰਕਾਰ ਦੀ ਫਾਸ਼ੀਵਾਦੀ ਮਾਨਸਿਕਤਾ ਦਾ ਮੂੰਹ ਬੋਲਦਾ ਸਬੂਤ ਹੈ ਅਤੇ ਕਸ਼ਮੀਰੀ ਲੋਕਾਂ ਦੇ ਸਵੈਨਿਰਣੇ ਦੇ ਜਮਹੂਰੀ ਹੱਕ ਨੂੰ ਫ਼ੌਜੀ ਤਾਕਤ ਦੇ ਜ਼ੋਰ ਨਾਲ ਕੁਚਲਣ ਦੀ ਸਾਜਿਸ਼ੀ ਨੀਤੀ ਹੈ। ਤਰਕਸ਼ੀਲ ਸੁਸਾਇਟੀ ਨੇ ਸਮੂਹ ਲੋਕ ਪੱਖੀ ਅਤੇ ਇਨਸਾਫ਼ਪਸੰਦ ਜਮਹੂਰੀ ਤਾਕਤਾਂ ਨੂੰ ਇਸ ਫਾਸ਼ੀਵਾਦੀ ਫਰਮਾਨ ਦਾ ਡੱਟਕੇ ਵਿਰੋਧ ਕਰਨ ਦੀ ਅਪੀਲ ਕਰਦਿਆਂ ਜ਼ੋਰਦਾਰ ਮੰਗ ਕੀਤੀ ਕਿ ਜੰਮੂ-ਕਸ਼ਮੀਰ ਪ੍ਰਸ਼ਾਸਨ ਇਹ ਗ਼ੈਰ ਜਮਹੂਰੀ ਪਾਬੰਦੀ ਵਾਪਸ ਲਏ, ਵਿਚਾਰ ਪ੍ਰਗਟਾਵੇ ਦੇ ਹੱਕ ਉੱਪਰ ਹਮਲੇ ਬੰਦ ਕੀਤੇ ਜਾਣ ਅਤੇ ਕਸ਼ਮੀਰੀ ਲੋਕਾਂ ਦਾ ਸਵੈਨਿਰਣੇ ਦਾ ਹੱਕ ਤਸਲੀਮ ਕਰਦੇ ਹੋਏ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਦਰਜਾ ਬਹਾਲ ਕੀਤਾ ਜਾਵੇ। ਇਸ ਮੌਕੇ ਸੂਬਾ ਕਮੇਟੀ ਆਗੂ ਹੇਮ ਰਾਜ ਸਟੈਨੋਂ, ਰਾਜੇਸ਼ ਅਕਲੀਆ, ਰਾਮ ਸਵਰਨ ਲੱਖੇਵਾਲੀ, ਜਸਵੰਤ ਮੁਹਾਲੀ,ਗੁਰਪ੍ਰੀਤ ਸ਼ਹਿਣਾ, ਸੁਖਵਿੰਦਰ ਬਾਗਪੁਰ, ਜੋਗਿੰਦਰ ਕੁੱਲੇਵਾਲ, ਸੁਰਜੀਤ ਟਿੱਬਾ,ਜੁਝਾਰ ਲੌਂਗੋਵਾਲ, ਕੁਲਜੀਤ ਡੰਗਰਖੇੜਾ ਅਤੇ ਮੋਹਨ ਬਡਲਾ ਵੀ ਹਾਜ਼ਰ ਸਨ
ਸੁਮੀਤ ਅੰਮ੍ਰਿਤਸਰ
(ਸੂਬਾਈ ਮੀਡੀਆ ਮੁਖੀ) ਤਰਕਸ਼ੀਲ ਸੁਸਾਇਟੀ ਪੰਜਾਬ
7696030173
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



