ਸਮਾਜ ਵੀਕਲੀ ਯੂ ਕੇ–
ਕਪੂਰਥਲਾ ,4 ਦਸੰਬਰ ( ਕੌੜਾ )- ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਿੰਘ ਸਾਹਿਬਾਨ ਵੱਲੋਂ ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੋਈਆਂ ਗਲਤੀਆਂ ਲਈ ਸਮੁੱਚੀ ਲੀਡਰਸ਼ਿਪ ਨੂੰ ਧਾਰਮਿਕ ਸਜ਼ਾ ਲ਼ਾਏ ਜਾਣ ਦਾ ਸਵਾਗਤ ਕਰਦਿਆਂ ਹਲਕਾ ਸੁਲਤਾਨਪੁਰ ਲੋਧੀ ਤੋਂ ਸੀਨੀਅਰ ਆਗੂ ਅਤੇ ਪਾਰਟੀ ਦੇ ਰਾਜਸ਼ੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਸੁਖਦੇਵ ਸਿੰਘ ਨਾਨਕਪੁਰ ਨੇ ਕਿਹਾ ਕਿ ਜਿਸ ਤਰ੍ਹਾਂ ਸਿੰਘ ਸਾਹਿਬਾਨ ਨੇ ਪਾਰਟੀ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਬਾਕੀ ਆਗੂਆਂ ਨੂੰ ਧਾਰਮਿਕ ਸਜ਼ਾ ਲਾਈ ਹੈ । ਇਸੇ ਤਰ੍ਹਾਂ ਦੂਜੀਆਂ ਰਾਜਸੀ ਪਾਰਟੀਆਂ ਦੇ ਸਿੱਖ ਲੀਡਰਾਂ ਨੂੰ ਉਨ੍ਹਾਂ ਵੱਲੋਂ ਸਮੇਂ ਸਮੇਂ ਤੇ ਕੀਤੇ ਗੁਨਾਹਾਂ ਅਤੇ ਕੌਮ ਨਾਲ ਕਮਾਏ ਧ੍ਰੋਹ ਬਦਲੇ ਸ੍ਰੀ ਆਕਾਲ ਤਖਤ ਸਾਹਿਬ ਤੇ ਤਲਬ ਕਰਕੇ ਸਜਾ ਸੁਣਾਈ ਜਾਵੇ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਸੱਤਾ ਵਿੱਚ ਰਹਿੰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਬਦੀ ਤੇ ਸਿਰਫ਼ ਸਿਆਸਤ ਖੇਡੀ ਹੈ।ਕਿਸੇ ਵੀ ਦੋਸ਼ੀ ਨੂੰ ਸਜ਼ਾ ਨਹੀਂ ਦਿਵਾ ਸਕੇ,ਜਦ ਕਿ ਵੋਟਾਂ ਤੋਂ ਪਹਿਲਾਂ ਵੱਡੇ ਦਾਅਵੇ ਕੀਤੇ ਗਏ ਸਨ ਕਿ ਸਰਕਾਰ ਆਉਣ ਤੇ ਸਖਤ ਸਜ਼ਾਵਾਂ ਦਿੱਤੀਆਂ ਜਾਣਗੀਆਂ।
ਇਸੇ ਤਰ੍ਹਾਂ ਆਮ ਆਦਮੀ ਪਾਰਟੀ ਨੇ ਵੀ ਹੁਣ ਇਹੋ ਕੁਝ ਕੀਤਾ ਹੈ। ਜਿਸ ਕਾਰਨ ਕੌਮ ਵਿੱਚ ਵੱਡਾ ਰੋਸ ਹੈ। ਉਨ੍ਹਾਂ ਨੇ ਕਿਹਾ ਕਿ ਸਿੱਖ ਨੌਜਵਾਨਾਂ ਦੇ ਕਾਤਲ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦਾ ਪੋਤਰਾ ਅਤੇ ਬੀ ਜੇ ਪੀ ਦੇ ਆਗੂ ਰਵਨੀਤ ਸਿੰਘ ਬਿੱਟੂ ਵੱਲੋਂ ਲਗਾਤਾਰ ਸਿੱਖ ਯੋਧਿਆਂ ਅਤੇ ਬੰਦੀ ਸਿੰਘਾਂ ਵਿਰੁੱਧ ਗ਼ਲਤ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਹੋਰ ਆਗੂਆਂ ਵੱਲੋਂ ਵੀ ਗ਼ਲਤ ਬਿਆਨਬਾਜ਼ੀ ਕੀਤੀ ਜਾਂਦੀ ਹੈ। ਉਨ੍ਹਾਂ ਨੇ ਸਿੰਘ ਸਾਹਿਬਾਨ ਨੂੰ ਬੇਨਤੀ ਕਰਦਿਆਂ ਕਿਹਾ ਰਵਨੀਤ ਸਿੰਘ ਬਿੱਟੂ ਅਤੇ ਹੋਰ ਸਿੱਖ ਆਗੂਆਂ ਨੂੰ ਆਕਾਲ ਤਖਤ ਸਾਹਿਬ ਤੇ ਤਲਬ ਕੀਤਾ ਜਾਵੇ। ਕਿਉਂਕਿ ਕਿ ਹਰ ਸਿੱਖ ਸ੍ਰੀ ਆਕਾਲ ਤਖਤ ਸਾਹਿਬ ਲਈ ਜਵਾਬਦੇਹ ਹੈ। ਉਨ੍ਹਾਂ ਨੇ ਕਿਹਾ ਕਿ ਸਿੱਖ ਧਰਮ ਵਿੱਚ ਸ੍ਰੀ ਆਕਾਲ ਤਖਤ ਸਾਹਿਬ ਸਰਵ ਉੱਚ ਸੰਸਥਾ ਹੈ।ਇਸ ਮੌਕੇ ਉਨ੍ਹਾਂ ਨੇ ਧਾਰਮਿਕ ਸੇਵਾ ਨਿਭਾ ਰਹੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਏ ਹਮਲੇ ਦੀ ਸਖਤ ਨਿੰਦਾ ਕਰਦਿਆਂ ਇਸ ਦੀ ਉੱਚ ਪੱਧਰੀ ਜਾਂਚ ਕਰਵਾਉਣ ਦੀ ਵੀ ਮੰਗ ਕੀਤੀ।ਇਸ ਮੌਕੇ ਯੂਥ ਆਗੂ ਦਰਬਾਰਾ ਸਿੰਘ ਵਿਰਦੀ, ਭੁਪਿੰਦਰ ਸਿੰਘ,ਸਤਨਾਮ ਸਿੰਘ ਰਾਮੇ, ਮਹਿੰਦਰ ਸਿੰਘ ਭਵਾਨੀਪੁਰ, ਅਵਤਾਰ ਸਿੰਘ ਮੀਰੇ, ਸੁਖਵਿੰਦਰ ਸਿੰਘ ਠੱਟਾ ਨਵਾਂ ਗੁਰਜੰਟ ਸਿੰਘ ਸੰਧੂ ਆਦਿ ਹਾਜ਼ਰ ਸਨ।