ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਕਾਂਗਰਸ ਵਿੱਚ ਘਰ ਵਾਪਸੀ ਕਰਨ ਤੋਂ ਬਾਅਦ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਪ੍ਰੈਸ ਨੂੰ ਜਾਰੀ ਬਿਆਨ ਵਿੱਚ ਕਿਹਾ ਹੈ, ਕਿ ਉਹ ਡੇਢ ਸਾਲ ਪਹਿਲਾਂ ਭਾਜਪਾ ਵਿੱਚ ਸ਼ਾਮਲ ਹੋਏ ਸਨ ਅਤੇ ਇਸ ਲਈ ਉਹ ਪੰਜਾਬ ਅਤੇ ਪੰਜਾਬੀਆਂ ਤੋਂ ਮੁਆਫੀ ਮੰਗਦੇ ਹਨ। ਕਿਉਂਕਿ ਉਨ੍ਹਾਂ ਨੂੰ ਲੱਗਦਾ ਸੀ, ਕਿ ਕੇਂਦਰ ਵਿੱਚ ਭਾਜਪਾ ਦੀ ਸਰਕਾਰ ਹੈ ਅਤੇ ਇਹ ਪੰਜਾਬ ਦੇ ਹਿੱਤਾਂ ਲਈ ਬਿਹਤਰ ਕੰਮ ਕਰ ਸਕੇਗੀ। ਪਰ ਉਨ੍ਹਾਂ ਦੀ ਸੋਚ ਗਲਤ ਨਿਕਲੀ, ਇਸ ਲਈ ਉਨ੍ਹਾਂ ਕਾਂਗਰਸ ‘ਚ ਮੁੜ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਸ੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ ਵਿੱਚ ਭਾਰੀ ਸਮਰਥਨ ਦਿੱਤਾ ਹੈ ਅਤੇ ਲੋਕਾਂ ਦੇ ਪਿਆਰ ਨੇ ਇਹ ਦਰਸਾ ਦਿੱਤਾ ਹੈ, ਕਿ ਕਾਂਗਰਸ ਪੰਜਾਬ ਦੀ ਤਰੱਕੀ, ਸ਼ਾਂਤੀ ਦੀ ਸਥਾਪਨਾ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਯਤਨਸ਼ੀਲ ਹੈ ਅਤੇ ਕਰ ਰਹੀ ਹੈ। ਸ੍ਰੀ ਅਰੋੜਾ ਨੇ ਕਿਹਾ ਕਿ ਉਹ ਕਾਂਗਰਸ ਵਿੱਚ ਰਹਿ ਕੇ ਪੰਜਾਬੀ ਅਤੇ ਪੰਜਾਬੀਅਤ ਦੀ ਮਜ਼ਬੂਤੀ ਲਈ ਕੰਮ ਕਰਨਗੇ। ਕਾਂਗਰਸ ਨੇ ਹਮੇਸ਼ਾ ਧਰਮ ਨਿਰਪੱਖਤਾ ਨੂੰ ਅੱਗੇ ਵਧਾਇਆ ਹੈ ਅਤੇ ਧਰਮ ਨਿਰਪੱਖ ਲੋਕਾਂ ਨੂੰ ਮਹੱਤਵ ਦਿੱਤਾ ਹੈ। ਸ੍ਰੀ ਅਰੋੜਾ ਨੇ ਕਿਹਾ ਕਿ ਉਨ੍ਹਾਂ ਨੂੰ ਕਿਸੇ ਵੀ ਭਾਜਪਾ ਆਗੂ ਖ਼ਿਲਾਫ਼ ਕੋਈ ਸ਼ਿਕਾਇਤ ਨਹੀਂ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਭਾਰਤ ਦੇ ਸੰਵਿਧਾਨ ਅਨੁਸਾਰ ਪੰਜਾਬ ਨੂੰ ਉਸ ਦਾ ਬਣਦਾ ਹੱਕ ਦਿਵਾਉਣ ਲਈ ਸਖ਼ਤ ਮਿਹਨਤ ਕਰ ਰਹੇ ਹਨ ਅਤੇ ਉਨ੍ਹਾਂ ਦੀ ਅਗਵਾਈ ਹੇਠ ਉਹ ਵੀ ਪੂਰੀ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨਗੇ। ਸ੍ਰੀ ਅਰੋੜਾ ਨੇ ਸ਼ਹਿਰ ਵਾਸੀਆਂ ਨੂੰ ਵੀ ਸੱਦਾ ਦਿੱਤਾ ਕਿ ਉਹ ਸ਼ਹਿਰ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਉਨ੍ਹਾਂ ਦਾ ਸਾਥ ਦੇਣ। ਵਰਨਣਯੋਗ ਹੈ ਕਿ ਸ੍ਰੀ ਅਰੋੜਾ ਨੂੰ ਕਾਂਗਰਸ ਦੇ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਦਵਿੰਦਰ ਯਾਦਵ ਨੇ ਕਾਂਗਰਸ ਵਿੱਚ ਸ਼ਾਮਲ ਕੀਤਾ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly