ਬੇਅਦਬੀ ਦੀਆਂ ਘਟਨਾਵਾਂ ’ਤੇ ਆਧਾਰਿਤ ਜਸਟਿਸ ਰਣਜੀਤ ਸਿੰਘ ਦੀ ਕਿਤਾਬ ਰਿਲੀਜ਼

 

  • ‘ਕਿਤਾਬ ਇਸ ਮੌਕੇ ਰਿਲੀਜ਼ ਕਰਨ ਦਾ ਮਕਸਦ ਕਿਸੇ ਨੂੰ ਲਾਹਾ ਜਾਂ ਨੁਕਸਾਨ ਪਹੁੰਚਾਉਣਾ ਨਹੀਂ’

ਚੰਡੀਗੜ੍ਹ (ਸਮਾਜ ਵੀਕਲੀ): ਪੰਜਾਬ ’ਚ ਬੇਅਦਬੀ ਦੇ ਵੱਖ-ਵੱਖ ਮਾਮਲਿਆਂ ਦੀ ਨਿਆਂਇਕ ਜਾਂਚ ਲਈ ਬਣਾਏ ਗਏ ਕਮਿਸ਼ਨ ਦੀ ਅਗਵਾਈ ਕਰਨ ਵਾਲੇ ਜਸਟਿਸ ਰਣਜੀਤ ਸਿੰਘ (ਸੇਵਾਮੁਕਤ) ਨੇ ਬੇਅਦਬੀ ਦੀ ਸਾਜ਼ਿਸ਼ ਲਈ ਡੇਰਾ ਪੈਰੋਕਾਰਾਂ ਅਤੇ ਗੋਲੀਬਾਰੀ ਲਈ ਸੁਮੇਧ ਸੈਣੀ ਅਤੇ ਪ੍ਰਕਾਸ਼ ਸਿੰਘ ਬਾਦਲ ਦੀ ਭੂਮਿਕਾ ’ਤੇ ਸਵਾਲ ਉਠਾਏ ਹਨ। ਇਨ੍ਹਾਂ ਗੱਲਾਂ ਦਾ ਖੁਲਾਸਾ ਜਸਟਿਸ ਰਣਜੀਤ ਸਿੰਘ ਨੇ ਬੇਅਦਬੀ ਦੀਆਂ ਘਟਨਾਵਾਂ ’ਤੇ ਆਧਾਰਿਤ ਕਿਤਾਬ ‘ਦਿ ਸੈਕਰੀਲੇਜ’ ਵਿੱਚ ਕੀਤਾ ਹੈ। ਚੰਡੀਗੜ੍ਹ ਪ੍ਰੈੱਸ ਕਲੱਬ ਵਿੱਚ ਕਿਤਾਬ ਦੇ ਰਿਲੀਜ਼ ਸਮਾਗਮ ਮੌਕੇ ਜਸਟਿਸ ਐੱਸ ਐੱਸ ਸੋਢੀ, ਜਸਟਿਸ ਨਵਾਬ ਸਿੰਘ ਅਤੇ ਮਹੇਸ਼ ਗਰੋਵਰ ਵੀ ਹਾਜ਼ਰ ਸਨ।

ਜਸਟਿਸ ਰਣਜੀਤ ਸਿੰਘ ਨੇ ਕਿਹਾ ਕਿ ਚੋਣਾਂ ਤੋਂ ਇਕ ਮਹੀਨਾ ਪਹਿਲਾਂ ਇਸ ਕਿਤਾਬ ਨੂੰ ਰਿਲੀਜ਼ ਕਰਨ ਦਾ ਮਕਸਦ ਕਿਸੇ ਸਿਆਸੀ ਪਾਰਟੀ ਨੂੰ ਫਾਇਦਾ ਜਾਂ ਨੁਕਸਾਨ ਪਹੁੰਚਾਉਣਾ ਨਹੀਂ ਹੈ। ‘ਇਹ ਤਕਨੀਕੀ ਕਾਰਨਾਂ ਕਰਕੇ ਦੇਰੀ ਨਾਲ ਰਿਲੀਜ਼ ਕੀਤੀ ਜਾ ਰਹੀ ਹੈ।’ ਉਨ੍ਹਾਂ ਕਿਹਾ ਕਿ ਕਮਿਸ਼ਨ ਨੇ 14 ਮਹੀਨਿਆਂ ਦੇ ਸਮੇਂ ਵਿੱਚ ਬੇਅਦਬੀ ਦੇ ਸਾਰੇ ਮਾਮਲਿਆਂ ਦੀ ਜਾਂਚ ਪੂਰੀ ਕੀਤੀ ਅਤੇ 544 ਪੰਨਿਆਂ ਦੀ ਰਿਪੋਰਟ ਪੇਸ਼ ਕੀਤੀ ਸੀ। ਇਸ ਰਿਪੋਰਟ ’ਤੇ ਪੰਜਾਬ ਵਿਧਾਨ ਸਭਾ ਵਿੱਚ ਵੀ ਬਹਿਸ ਹੋਈ ਸੀ ਅਤੇ ਸਦਨ ਨੇ ਸਰਬਸੰਮਤੀ ਨਾਲ ਰਿਪੋਰਟ ਨੂੰ ਸਵੀਕਾਰ ਕਰ ਲਿਆ ਸੀ ਪਰ ਰਿਪੋਰਟ ਜਨਤਕ ਨਹੀਂ ਹੋਈ ਸੀ। ਉਨ੍ਹਾਂ ਉਸ ਸਮੇਂ ਦੀ ਅਕਾਲੀ ਦਲ-ਭਾਜਪਾ ਸਰਕਾਰ ਅਤੇ ਮੌਜੂਦਾ ਕਾਂਗਰਸ ਸਰਕਾਰ ’ਤੇ ਰਿਪੋਰਟ ਉਪਰ ਕਾਰਵਾਈ ਨਾ ਕਰਨ ਦਾ ਦੋਸ਼ ਲਗਾਇਆ ਹੈ।

ਆਪਣੀ ਕਿਤਾਬ ਬਾਰੇ ਗੱਲ ਕਰਦਿਆਂ ਜਸਟਿਸ ਰਣਜੀਤ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਜ਼ਿਲ੍ਹਾ ਫ਼ਰੀਦਕੋਟ ਵਿਖੇ 2015 ਵਿੱਚ ਵਾਪਰੀਆਂ ਸਨ। ਉਨ੍ਹਾਂ ਕਿਹਾ ਕਿ ਇਸ ਦੌਰਾਨ ਪੰਜਾਬ ਦੀ ਸ਼ਾਂਤੀ ਲਈ ਖ਼ਤਰਾ ਪੈਦਾ ਕਰਨ ਵਾਲੇ ਪੋਸਟਰ ਵੀ ਚਿਪਕਾਏ ਗਏ ਸਨ। ਉਨ੍ਹਾਂ ਮਹਿਸੂਸ ਕੀਤਾ ਕਿ ਕਈ ਐੱਸਆਈਟੀਜ਼ ਅਤੇ ਦੋ ਕਮਿਸ਼ਨਾਂ ਦੁਆਰਾ ਜਾਂਚ ਕਰਨ ਦੇ ਬਾਵਜੂਦ ਬੇਅਦਬੀ ਦੇ ਅਸਲ ਦੋਸ਼ੀਆਂ ਨੂੰ ਸਾਹਮਣੇ ਲਿਆਉਣ ਲਈ ਲੋੜੀਂਦਾ ਕੰਮ ਨਾ ਕਰਨ ਲਈ ਲੋਕਾਂ ਵਿੱਚ ਵੱਡੇ ਪੱਧਰ ’ਤੇ ਗੁੱਸਾ ਪਾਇਆ ਗਿਆ।

ਉਨ੍ਹਾਂ ਕਿਹਾ ਕਿ ‘ਦਿ ਸੈਕਰੀਲੇਜ’ ਕਿਤਾਬ ਵਿੱਚ ਬੇਅਦਬੀ ਮਾਮਲਿਆਂ ਦੇ ਵੱਖ-ਵੱਖ ਤੱਥਾਂ ਅਤੇ ਸੱਚਾਈ ਨੂੰ ਲੋਕਾਂ ਸਾਹਮਣੇ ਲਿਆਉਣ ਦਾ ਯਤਨ ਕੀਤਾ ਗਿਆ ਹੈ, ਜਿਸ ਨੇ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀਆਂ ਘਟਨਾਵਾਂ ਦੇ ਗਹਿਰੇ ਦਾਗ ਛੱਡੇ ਹਨ। ਇਸ ਮੌਕੇ ਜਸਟਿਸ ਸੋਢੀ ਨੇ ਕਿਹਾ ਕਿ ਬੇਅਦਬੀ ਦੇ ਇਨ੍ਹਾਂ ਮਾਮਲਿਆਂ ਦੀ ਕਈ ਸਿੱਟਾਂ ਵੱਲੋਂ ਕੀਤੀਆਂ ਗਈਆਂ ਜਾਂਚਾਂ ਵਿੱਚ ਬਹੁਤ ਘੱਟ ਸਫਲਤਾ ਹੱਥ ਲੱਗੀ ਹੈ, ਜਿਸ ਕਾਰਨ ਲੋਕ ਅਜੇ ਵੀ ਇਨਸਾਫ਼ ਮੰਗ ਰਹੇ ਹਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਰਾਹੁਲ ਨੇ ਪੈਂਗੌਂਗ ਝੀਲ ਉਤੇ ਪੁਲ ਦੇ ਮਾਮਲੇ ’ਤੇ ਮੋਦੀ ਨੂੰ ਘੇਰਿਆ
Next articleਸੰਯੁਕਤ ਸਮਾਜ ਮੋਰਚੇ ਨੇ 17 ਹੋਰ ਉਮੀਦਵਾਰ ਐਲਾਨੇ