ਬੰਗਲੂਰੂ (ਸਮਾਜ ਵੀਕਲੀ) : ਕਰਨਾਟਕ ਦੇ ਕਾਂਗਰਸ ਪ੍ਰਦੇਸ਼ ਪ੍ਰਧਾਨ ਡੀ ਕੇ ਸ਼ਿਵਕੁਮਾਰ ਨੇ ਅੱਜ ਇੱਥੇ ਕਿਹਾ ਕਿ ਸੂਬੇ ਵਿੱਚ ਆਗਾਮੀ ਅਸੈਂਬਲੀ ਚੋਣਾਂ ਦੇ ਮੱਦੇਨਜ਼ਰ ਭਾਜਪਾ ਅਤੇ ਜੇਡੀ (ਐਸ) ਦੇ ਕਈ ਆਗੂ ਕਾਂਗਰਸ ਵਿੱਚ ਸ਼ਾਮਲ ਹੋ ਰਹੇ ਹਨ। ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਲੋਕ ਪਾਰਟੀ ਦੇ ਹੱਕ ਵਿੱਚ ਨਿੱਤਰ ਆਏ ਹਨ ਅਤੇ ਇਹ ਸੱਤਾ ਹਾਸਲ ਕਰਨ ਦੀ ਦਿਸ਼ਾ ਵਿੱਚ ਵਧ ਰਹੀ ਹੈ। ਉਹ ਕੁਡਲਿਗੀ ਤੋਂ ਭਾਜਪਾ ਵਿਧਾਇਕ ਗੋਪਾਲਾਕ੍ਰਿਸ਼ਨ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਮਗਰੋਂ ਸੰਬੋਧਨ ਕਰ ਰਹੇ ਸਨ। ਜ਼ਿਕਰਯੋਗ ਹੈ ਕਿ ਉਨ੍ਹਾਂ ਸ਼ੁੱਕਰਵਾਰ ਨੂੰ ਵਿਧਾਇਕ ਵਜੋਂ ਅਸਤੀਫ਼ਾ ਦੇ ਦਿੱਤਾ ਸੀ। ਸ਼ਿਵਕੁਮਾਰ ਨੇ ਕਿਹਾ,‘ਭਾਜਪਾ ਤੇ ਜੇਡੀ (ਐਸ) ਦੇ ਆਗੂ ਸਾਡਾ ਦਰਵਾਜ਼ਾ ਖੜਕਾ ਰਹੇ ਹਨ, ਇਸ ਤੋਂ ਸਾਬਿਤ ਹੁੰਦਾ ਹੈ ਕਿ ਸੂਬੇ ਦੇ ਲੋਕ ਕਾਂਗਰਸ ਦੇ ਹੱਕ ਵਿੱਚ ਹਨ ਅਤੇ ਅਸੀਂ ਸੱਤਾ ਦੀ ਪ੍ਰਾਪਤੀ ਲਈ ਸਹੀ ਦਿਸ਼ਾ ਵਿੱਚ ਅੱਗੇ ਵਧ ਰਹੇ ਹਾਂ।’ ਉਨ੍ਹਾਂ ਕਿਹਾ ਕਿ ਗੋਪਾਲਾਕ੍ਰਿਸ਼ਨ ਭਾਜਪਾ ਵਿਧਾਇਕ ਵਜੋਂ ਅਸਤੀਫ਼ਾ ਦੇ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ। ਇਸ ਤਰ੍ਹਾਂ ਜੇਡੀ (ਐਸ) ਵਿਧਾਇਕ ਕੇ ਐਮ ਸ਼ਿਵਲਿੰਗ ਗੌੜਾ ਨੇ ਵੀ ਅਸਤੀਫ਼ਾ ਦੇ ਦਿੱਤਾ ਹੈ ਅਤੇ ਛੇਤੀ ਹੀ ਕਾਂਗਰਸ ਵਿੱਚ ਸ਼ਾਮਲ ਹੋਣਗੇ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly