ਚੰਡੀਗੜ੍ਹ (ਸਮਾਜ ਵੀਕਲੀ): ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮ ਦੇ ਦਰਸ਼ਨ-ਦੀਦਾਰ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਅਪੀਲ ਕੀਤੀ ਹੈ। ਉਨ੍ਹਾਂ ਇਸ ਸਬੰਧੀ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਹੈ। ਮੁੱਖ ਮੰਤਰੀ ਨੇ ਆਖਿਆ ਕਿ ਕੋਵਿਡ ਦੀ ਸਥਿਤੀ ਵਿੱਚ ਹੁਣ ਕਾਫੀ ਸੁਧਾਰ ਹੋ ਗਿਆ ਹੈ, ਜਿਸ ਕਰਕੇ ਕਰਤਾਰਪੁਰ ਲਾਂਘਾ ਖੋਲ੍ਹਿਆ ਜਾਵੇ। ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚ ਕਿਹਾ ਕਿ ਪੰਜਾਬ ਸਰਕਾਰ ਨੂੰ ਲਾਂਘੇ ਦੀ ਵਰਤੋਂ ਕਰਨ ਵਾਲੇ ਸ਼ਰਧਾਲੂਆਂ ਦੀ ਟੈਸਟਿੰਗ ਅਤੇ ਟੀਕਾਕਰਨ ਸਮੇਤ ਕੋਵਿਡ-19 ਦੇ ਪ੍ਰੋਟੋਕੋਲ ਦੀ ਸਹੀ ਢੰਗ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਨਾਲ ਮਿਲ ਕੇ ਕੰਮ ਕਰਨ ਵਿੱਚ ਖੁਸ਼ੀ ਹੋਵੇਗੀ।
ਉਨ੍ਹਾਂ ਨੇ ਪ੍ਰਧਾਨ ਮੰਤਰੀ ਦੇ ਹਾਂ-ਪੱਖੀ ਹੁੰਗਾਰੇ ਲਈ ਉਮੀਦ ਜ਼ਾਹਿਰ ਕੀਤੀ। ਚੇਤੇ ਰਹੇ ਕਿ ਮੁੱਖ ਮੰਤਰੀ ਨੇ ਕੋਵਿਡ ਦੇ ਫੈਲਣ ਕਰਕੇ ਮਾਰਚ, 2020 ਵਿੱਚ ਲਾਂਘੇ ਰਾਹੀਂ ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਦੀ ਆਵਾਜਾਈ ਨੂੰ ਰੋਕ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਬਦਲੇ ਹੋਏ ਹਾਲਾਤ ਵਿੱਚ ਸੁਭਾਵਿਕ ਹੈ ਕਿ ਲੋਕਾਂ ਨੇ ਕਰਤਾਰਪੁਰ ਸਾਹਿਬ ਵਿਚ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨਾਂ ਦੀ ਤਾਂਘ ਮੁੜ ਜ਼ਾਹਰ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ, “ਅਸੀਂ ਭਾਗਾਂ ਵਾਲੇ ਹਾਂ ਕਿ ਨਵੰਬਰ, 2019 ਵਿਚ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਲਾਂਘਾ ਖੋਲ੍ਹਿਆ ਗਿਆ।”
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly