ਨਵੀਂ ਦਿੱਲੀ (ਸਮਾਜ ਵੀਕਲੀ) : ਪਾਕਿਸਤਾਨ ਸਥਿਤ ਸਿੱਖਾਂ ਦੇ ਸਭ ਤੋਂ ਵੱਡੇ ਧਾਰਮਿਕ ਸਥਾਨਾਂਂ ਤੱਕ ਜਾਣ ਲਈ ਕਰਤਾਰਪੁਰ ਲਾਂਘਾ ਭਲਕੇ 17 ਨਵੰਬਰ ਨੂੰ ਮੁੜ ਖੋਲ੍ਹ ਦਿੱਤਾ ਜਾਵੇਗਾ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਇਸ ਦਾ ਐਲਾਨ ਕੀਤਾ ਹੈ। ਕਰਤਾਰਪੁਰ ਲਾਂਘਾ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਨਾਲ ਸਬੰਧਤ ਗੁਰਦੁਆਰਾ ਦਰਬਾਰ ਸਾਹਿਬ, ਪਾਕਿਸਤਾਨ ਨੂੰ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਗੁਰਦੁਆਰੇ ਨਾਲ ਜੋੜਦਾ ਹੈ। ਕੋਵਿਡ-19 ਮਹਾਮਾਰੀ ਤੋਂ ਬਾਅਦ ਮਾਰਚ 2020 ਤੋਂ ਰੁਕੀ ਹੋਈ ਇਹ ਧਾਰਮਿਕ ਯਾਤਰਾ ਮੁੜ ਸ਼ੁਰੂ ਕਰਨ ਦਾ ਐਲਾਨ ਅੱਜ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਤੋਂ ਤਿੰਨ ਦਿਨ ਪਹਿਲਾਂ ਕੀਤਾ ਗਿਆ ਹੈ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਇਹ ਫ਼ੈਸਲਾ ਗੁਰੂ ਨਾਨਕ ਦੇਵ ਤੇ ਸਿੱਖ ਭਾਈਚਾਰੇ ਪ੍ਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸ਼ਰਧਾ ਨੂੰ ਦਰਸਾਉਂਦਾ ਹੈ। ਉਨ੍ਹਾਂ ਟਵੀਟ ਕੀਤਾ, ‘ਇੱਕ ਵੱਡਾ ਫ਼ੈਸਲਾ ਹੈ ਜੋ ਲੱਖਾਂ ਸਿੱਖ ਸ਼ਰਧਾਲੂਆਂ ਨੂੰ ਰਾਹਤ ਪਹੁੰਚਾਏਗਾ। ਨਰਿੰਦਰ ਮੋਦੀ ਸਰਕਾਰ ਨੇ ਭਲਕੇ 17 ਨਵੰਬਰ ਤੋਂ ਕਰਤਾਰਪੁਰ ਸਾਹਿਬ ਲਾਂਘਾ ਮੁੜ ਤੋਂ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ।’ ਗ੍ਰਹਿ ਮੰਤਰੀ ਨੇ ਕਿਹਾ, ‘ਇਹ ਫ਼ੈਸਲਾ ਗੁਰੂ ਨਾਨਕ ਦੇਵ ਜੀ ਤੇ ਸਿੱਖ ਭਾਈਚਾਰੇ ਪ੍ਰਤੀ ਮੋਦੀ ਸਰਕਾਰ ਦੀ ਅਥਾਹ ਸ਼ਰਧਾ ਨੂੰ ਦਰਸਾਉਂਦਾ ਹੈ।’ ਗ੍ਰਹਿ ਮੰਤਰੀ ਨੇ ਕਿਹਾ ਕਿ ਦੇਸ਼ 19 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਦੀ ਤਿਆਰੀ ਕਰ ਰਿਹਾ ਹੈ ਤੇ ਉਨ੍ਹਾਂ ਨੂੰ ਭਰੋਸਾ ਹੈ ਕਿ ਇਹ ਕਦਮ ਦੇਸ਼ ਭਰ ’ਚ ਖੁਸ਼ੀ ਤੇ ਉਤਸ਼ਾਹ ਨੂੰ ਹੋਰ ਵਧਾਏਗਾ। ਜ਼ਿਕਰਯੋਗ ਹੈ ਕਿ 24 ਅਕਤੂਬਰ 2019 ਨੂੰ ਭਾਰਤ ਨੇ ਪਾਕਿਸਤਾਨ ਨਾਲ ਕਰਤਾਰਪੁਰ ਲਾਂਘਾ ਸਮਝੌਤੇ ’ਤੇ ਦਸਤਖਤ ਕੀਤੇ ਸਨ। ਸਮਝੌਤੇ ਤਹਿਤ ਸਾਰੇ ਧਰਮਾਂ ਦੇ ਭਾਰਤੀ ਸ਼ਰਧਾਲੂਆਂ ਨੂੰ 4.5 ਕਿਲੋਮੀਟਰ ਲੰਮੇ ਮਾਰਗ ਰਾਹੀਂ ਸਾਲ ਭਰ ਬਿਨਾਂ ਵੀਜ਼ਾ ਮੁਫ਼ਤ ਯਾਤਰਾ ਦੀ ਇਜਾਜ਼ਤ ਦਿੱਤੀ ਗਈ ਸੀ। ਨਵੰਬਰ 2019 ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਗਲਿਆਰੇ ਦਾ ਉਦਘਾਟਨ ਕੀਤਾ ਸੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly