ਲੁਧਿਆਣਾ (ਸਮਾਜ ਵੀਕਲੀ): ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਪੰਜਾਬ ’ਚ ਮੁੱਖ ਮੰਤਰੀ ਅਹੁਦੇ ਦੇ ਚਿਹਰੇ ਨਾਲ ਸਬੰਧਤ ਸਵਾਲ ਨੂੰ ਅੱਜ ਫਿਰ ਟਾਲ ਗਏ। ਉਂਜ ਉਨ੍ਹਾਂ ਸਪੱਸ਼ਟ ਕਰ ਦਿੱਤਾ ਹੈ ਕਿ ਭਗਵੰਤ ਮਾਨ ਮੁੱਖ ਮੰਤਰੀ ਅਹੁਦੇ ਦਾ ਚਿਹਰਾ ਨਹੀਂ ਹੋਣਗੇ। ਕੇਜਰੀਵਾਲ ਨੇ ਕਿਹਾ,‘‘ਭਗਵੰਤ ਮਾਨ ਮੇਰੇ ਛੋਟੇ ਭਰਾ ਵਰਗੇ ਹਨ। ਉਨ੍ਹਾਂ ਪਾਰਟੀ ਲਈ ਬਹੁਤ ਕੁਝ ਕੀਤਾ ਹੈ, ਪਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਦੇ ਚਿਹਰੇ ਦਾ ਖੁਲਾਸਾ ਕਰ ਦਿੱਤਾ ਜਾਵੇਗਾ।’’ ਕੇਜਰੀਵਾਲ ਦੇ ਜਵਾਬ ਮਗਰੋਂ ਉਨ੍ਹਾਂ ਨਾਲ ਬੈਠੇ ਭਗਵੰਤ ਮਾਨ ਦੇ ਚਿਹਰੇ ’ਤੇ ਮਾਯੂਸੀ ਸਾਫ਼ ਦੇਖੀ ਜਾ ਸਕਦੀ ਸੀ।
ਜ਼ਿਕਰਯੋਗ ਹੈ ਕਿ ਸੰਸਦ ਮੈਂਬਰ ਭਗਵੰਤ ਮਾਨ ਕਾਫ਼ੀ ਸਮੇਂ ਤੋਂ ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਬਣਨ ਲਈ ਬੇਤਾਬ ਹਨ। ਕੇਜਰੀਵਾਲ ਨੇ ਇਹ ਵੀ ਕਿਹਾ ਕਿ ਉਹ ਪੰਜਾਬ ਨੂੰ ਬਹੁਤ ਵਧੀਆ ਸੀਐੱਮ ਦਾ ਚਿਹਰਾ ਦੇਣਗੇ। ਉਧਰ, ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਉਠਾਏ ਜਾ ਰਹੇ ਕਦਮਾਂ ’ਤੇ ਕੇਜਰੀਵਾਲ ਨੇ ਕਿਹਾ ਕਿ ਭਾਵੇਂ ਚੰਨੀ ‘ਆਪ’ ਦੀ ਨਕਲ ਕਰ ਰਹੇ ਹਨ, ਪਰ ਉਹ ਯੋਜਨਾਵਾਂ ਨੂੰ ਅਮਲੀ ਜਾਮਾ ਵੀ ਪਹਿਨਾਉਣ। ਉਨ੍ਹਾਂ ਕਿਹਾ ਕਿ ਚੰਨੀ ਸਰਕਾਰ ’ਤੇ ਦੋਸ਼ ਲੱਗ ਰਹੇ ਹਨ ਕਿ ਉਨ੍ਹਾਂ ਵੱਲੋਂ ਭ੍ਰਿਸ਼ਟ ਅਫ਼ਸਰਾਂ ਨੂੰ ਲਾਇਆ ਜਾ ਰਿਹਾ ਹੈ ਅਤੇ ਸਰਕਾਰ ’ਚ ਕਈ ਦਾਗ਼ੀ ਮੰਤਰੀ ਵੀ ਹਨ। ਉਨ੍ਹਾਂ ਦਿੱਲੀ ’ਚ ‘ਆਪ’ ਦੇ ਇੱਕ ਵਿਧਾਇਕ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਸ ’ਤੇ ਭ੍ਰਿਸ਼ਟਾਚਾਰ ਦਾ ਮਾਮਲਾ ਸਾਹਮਣੇ ਆਉਣ ਮਗਰੋਂ ਵਿਧਾਇਕ ਨੂੰ ਪਾਰਟੀ ’ਚੋਂ ਬਾਹਰ ਕੱਢ ਦਿੱਤਾ ਗਿਆ ਸੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly