ਨਵੀਂ ਦਿੱਲੀ — ਦਿੱਲੀ ਸ਼ਰਾਬ ਮਾਮਲੇ ‘ਚ ਤਿਹਾੜ ਜੇਲ ‘ਚ ਬੰਦ ਅਰਵਿੰਦ ਕੇਜਰੀਵਾਲ ਨੇ ਦਿੱਲੀ ਹਾਈਕੋਰਟ ਦਾ ਰੁਖ ਕੀਤਾ ਹੈ। ਕੇਜਰੀਵਾਲ ਨੇ ਸੀਬੀਆਈ ਦੀ ਗ੍ਰਿਫ਼ਤਾਰੀ ਨੂੰ ਦਿੱਲੀ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਦਿੱਲੀ ਸ਼ਰਾਬ ਘੁਟਾਲਾ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਸੀਬੀਆਈ ਦੇ ਰਿਮਾਂਡ ਨੂੰ ਵੀ ਚੁਣੌਤੀ ਦਿੱਤੀ ਹੈ। ਦੱਸ ਦੇਈਏ ਕਿ ਹਾਲ ਹੀ ਵਿੱਚ ਸੀਬੀਆਈ ਨੇ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਸੀ, ਜਿਸ ਵਿੱਚ ਅਰਵਿੰਦ ਕੇਜਰੀਵਾਲ ਨੇ ਸੀਬੀਆਈ ਦੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਦੱਸਿਆ ਹੈ। ਕੇਜਰੀਵਾਲ ਨੇ ਦਿੱਲੀ ਦੀ ਇੱਕ ਅਦਾਲਤ ਦੇ 26 ਜੂਨ ਦੇ ਉਸ ਹੁਕਮ ਨੂੰ ਵੀ ਚੁਣੌਤੀ ਦਿੱਤੀ ਹੈ, ਜਿਸ ਵਿੱਚ ਉਸ ਨੂੰ ਤਿੰਨ ਦਿਨਾਂ ਲਈ ਸੀਬੀਆਈ ਹਿਰਾਸਤ ਵਿੱਚ ਭੇਜਿਆ ਗਿਆ ਸੀ। ਅਰਵਿੰਦ ਕੇਜਰੀਵਾਲ ਨੂੰ ਦਿੱਲੀ ਸਰਕਾਰ ਦੀ ਆਬਕਾਰੀ ਨੀਤੀ ਵਿੱਚ ਬੇਨਿਯਮੀਆਂ ਦੇ ਮਾਮਲੇ ਵਿੱਚ ਸੀਬੀਆਈ ਨੇ ਗ੍ਰਿਫਤਾਰ ਕੀਤਾ ਸੀ, ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਸ਼ਨੀਵਾਰ ਨੂੰ ਰੌਸ ਐਵੇਨਿਊ ਅਦਾਲਤ ਨੇ 12 ਜੁਲਾਈ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। ਅਰਵਿੰਦ ਕੇਜਰੀਵਾਲ ਨੂੰ ਸੀਬੀਆਈ ਨੇ ਤਿੰਨ ਦਿਨਾਂ ਦੀ ਹਿਰਾਸਤੀ ਪੁੱਛਗਿੱਛ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ। ਸੀਬੀਆਈ ਨੇ ਕੇਜਰੀਵਾਲ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜਣ ਦੀ ਬੇਨਤੀ ਕਰਦਿਆਂ ਕਿਹਾ ਕਿ “ਜਾਂਚ ਅਤੇ ਨਿਆਂ ਦੇ ਹਿੱਤ ਵਿੱਚ” ਉਨ੍ਹਾਂ ਦੀ ਹਿਰਾਸਤ ਜ਼ਰੂਰੀ ਹੈ, ਸੀਬੀਆਈ ਦੀ ਪਟੀਸ਼ਨ ਨੂੰ ਸਵੀਕਾਰ ਕਰਦੇ ਹੋਏ, ਵਿਸ਼ੇਸ਼ ਜੱਜ ਸੁਨੈਨਾ ਸ਼ਰਮਾ ਨੇ ਕਿਹਾ ਸੀ ਕਿ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਭੇਜਿਆ ਜਾਣਾ ਚਾਹੀਦਾ ਹੈ। 12 ਜੁਲਾਈ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਈਡੀ ਇਸ ਮਾਮਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਨੂੰ ਪਹਿਲਾਂ ਹੀ ਗ੍ਰਿਫਤਾਰ ਕਰ ਚੁੱਕੀ ਹੈ। ਈਡੀ ਨੇ ਮਨੀ ਲਾਂਡਰਿੰਗ ਮਾਮਲੇ ‘ਚ 21 ਮਾਰਚ ਨੂੰ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਸੀ। ਅਰਵਿੰਦ ਕੇਜਰੀਵਾਲ ਨੂੰ ਹੇਠਲੀ ਅਦਾਲਤ ਤੋਂ ਜ਼ਮਾਨਤ ਮਿਲੀ ਸੀ, ਜਿਸ ‘ਤੇ ਦਿੱਲੀ ਹਾਈਕੋਰਟ ਨੇ ਰੋਕ ਲਗਾ ਦਿੱਤੀ ਸੀ। ਹੁਣ ਮਾਮਲਾ ਸੁਪਰੀਮ ਕੋਰਟ ਵਿੱਚ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly