ਚੰਡੀਗੜ੍ਹ (ਸਮਾਜ ਵੀਕਲੀ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਰੋਕ ਕੇ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਖਿਰ ਆਪਣੀ ਸਿੱਖ ਵਿਰੋਧੀ ਤੇ ਪੰਜਾਬ ਵਿਰੋਧੀ ਪਛਾਣ ਸਾਹਮਣੇ ਰੱਖ ਦਿੱਤੀ ਹੈ। ਇੱਕ ਬਿਆਨ ਰਾਹੀਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕੇਜਰੀਵਾਲ ਦਾ ਦੋਗਲਾਪਣ ਅਤੇ ਪੰਜਾਬ ਵਿਰੋਧੀ ਸਟੈਂਡ ਬੇਨਕਾਬ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਭਗਵੰਤ ਮਾਨ ਤੇ ਹਰਪਾਲ ਚੀਮਾ ਨੂੰ ਜਵਾਬ ਦੇਣੇ ਪੈਣਗੇ ਕਿ ਉਨ੍ਹਾਂ ਦੀ ਪਾਰਟੀ ਸਿੱਖ ਅਤੇ ਪੰਜਾਬੀ ਵਿਰੋਧੀ ਕਿਉਂ ਹੈ। ਦਿੱਲੀ ਸਰਕਾਰ ਦੇ ਸਜ਼ਾ ਸਮੀਖਿਆ ਬੋਰਡ ਵੱਲੋਂ ਪ੍ਰੋ. ਭੁੱਲਰ ਦੀ ਰਿਹਾਈ ਲਈ ਸਿਫਾਰਸ਼ ਕਰਨ ਤੋਂ ਇਨਕਾਰ ਕਰਨ ’ਤੇ ਪ੍ਰਤੀਕਰਮ ਦਿੰਦਿਆਂ ਸ੍ਰੀ ਬਾਦਲ ਨੇ ਕਿਹਾ ਕਿ ਇਹ ਪੰਜਾਬੀਆਂ ਲਈ ਅਸਲੀਅਤ ਪਰਖਣ ਦਾ ਪਹਿਲਾ ਮੌਕਾ ਹੈ, ਜਿਨ੍ਹਾਂ ਨੇ ਕੇਜਰੀਵਾਲ ਦੇ ਚੋਣਾਂ ਦੌਰਾਨ ਪ੍ਰੋ. ਭੁੱਲਰ ਨੂੰ ਰਿਹਾਅ ਕਰਨ ਦੇ ਵਾਅਦਿਆਂ ’ਤੇ ਭਰੋਸਾ ਕੀਤਾ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ‘ਆਪ’ ਦੇ ਕਨਵੀਨਰ ਅਤੇ ਇਸ ਦੇ ਕੌਮੀ ਮੁਖੀ ਖ਼ਿਲਾਫ਼ ਲਗਾਏ ਜਾ ਰਹੇ ਦੋਸ਼ ਸੱਚ ਸਾਬਤ ਹੋ ਰਹੇੇ ਹਨ। ਪਾਰਟੀ ਪ੍ਰਧਾਨ ਨੇ ਕਿਹਾ ਕਿ ਭਾਵੇਂ ਕੇਜਰੀਵਾਲ ਨੇ ਸਜ਼ਾ ਸਮੀਖਿਆ ਬੋਰਡ ਨੂੰ ਮੀਟਿੰਗ ਕਰ ਕੇ ਪ੍ਰੋ. ਭੁੱਲਰ ਦੀ ਰਿਹਾਈ ਬਾਰੇ ਫ਼ੈਸਲਾ ਲੈਣ ਨੂੰ ਕਿਹਾ ਸੀ ਪਰ ਜਿਵੇਂ ਹੀ ਚੋਣਾਂ ਮੁੱਕੀਆਂ, ਉਸ ਨੇ ਆਪਣਾ ਅਸਲੀ ਰੰਗ ਦਿਖਾ ਦਿੱਤਾ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਪ੍ਰੋ. ਭੁੱਲਰ ਦੀ ਰਿਹਾਈ ਲਈ ਯਤਨ ਜਾਰੀ ਰੱਖੇਗਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly