ਨਵੀਂ ਦਿੱਲੀ : ਦਿੱਲੀ ਵਿੱਚ ਅਗਲੇ ਸਾਲ ਫਰਵਰੀ ਵਿੱਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਨੇ ਵੱਡਾ ਐਲਾਨ ਕੀਤਾ ਹੈ। ਕੇਜਰੀਵਾਲ ਨੇ ਬੁੱਧਵਾਰ ਨੂੰ ਆਪਣੇ ਐਕਸ ਅਕਾਊਂਟ ‘ਤੇ ਪੋਸਟ ਕੀਤਾ ਕਿ ਉਹ ਦਿੱਲੀ ‘ਚ ਇਕੱਲੇ ਹੀ ਚੋਣ ਲੜਨਗੇ।
ਇਸ ਤੋਂ ਪਹਿਲਾਂ ਖ਼ਬਰਾਂ ਆ ਰਹੀਆਂ ਸਨ ਕਿ ਕਾਂਗਰਸ ਅਤੇ ‘ਆਪ’ ਵਿਚਾਲੇ ਗਠਜੋੜ ਲਈ ਸਮਝੌਤਾ ਅੰਤਿਮ ਪੜਾਅ ‘ਤੇ ਹੈ। ਕਾਂਗਰਸ ਨੂੰ 15 ਸੀਟਾਂ ਮਿਲ ਸਕਦੀਆਂ ਹਨ ਅਤੇ I.N.D.I.A ਗਠਜੋੜ ਦੇ ਹੋਰ ਮੈਂਬਰਾਂ ਨੂੰ 1 ਜਾਂ 2 ਸੀਟਾਂ ਮਿਲ ਸਕਦੀਆਂ ਹਨ। ਬਾਕੀ ਸੀਟਾਂ ‘ਤੇ ਆਮ ਆਦਮੀ ਪਾਰਟੀ ਖੁਦ ਚੋਣ ਲੜੇਗੀ। ਪਰ ਹੁਣ ‘ਆਪ’ ਨੇ ਤਸਵੀਰ ਸਪੱਸ਼ਟ ਕਰ ਦਿੱਤੀ ਹੈ ਕਿ ਆਮ ਆਦਮੀ ਪਾਰਟੀ ਦਿੱਲੀ ‘ਚ ਇਕੱਲਿਆਂ ਹੀ ਚੋਣਾਂ ਲੜੇਗੀ। ਦੱਸ ਦੇਈਏ ਕਿ ਗਠਜੋੜ ਨੂੰ ਲੈ ਕੇ ਮੰਗਲਵਾਰ ਰਾਤ ਨੂੰ I.N.D.I.A. ਦੇ ਨੇਤਾਵਾਂ ਵਿਚਾਲੇ ਬੈਠਕ ਹੋਈ ਸੀ। ਇਸ ਤੋਂ ਬਾਅਦ ਹੀ ਬੁੱਧਵਾਰ ਨੂੰ ਕੇਜਰੀਵਾਲ ਨੇ ਇਕੱਲੇ ਚੋਣ ਲੜਨ ਦਾ ਐਲਾਨ ਕੀਤਾ ਹੈ। ਦੱਸ ਦੇਈਏ ਕਿ ਦਿੱਲੀ ਚੋਣਾਂ ਲਈ ਸਾਰੀਆਂ ਪਾਰਟੀਆਂ ਨੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ (9 ਦਸੰਬਰ) ਨੂੰ ਆਪਣੇ 20 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ। ਇਸ ਤੋਂ ਪਹਿਲਾਂ ‘ਆਪ’ ਨੇ 11 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ।
‘ਆਪ’ ਨੇ 2015 ਦੀਆਂ ਚੋਣਾਂ ‘ਚ ਇਤਿਹਾਸ ਰਚਿਆ ਸੀ
ਇਸ ਦੇ ਨਾਲ ਹੀ ਦਿੱਲੀ ਵਿੱਚ 2015 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ 70 ਵਿੱਚੋਂ 67 ਸੀਟਾਂ ਮਿਲੀਆਂ ਸਨ, ਜਦਕਿ ਭਾਜਪਾ ਨੂੰ ਸਿਰਫ਼ ਤਿੰਨ ਸੀਟਾਂ ਮਿਲੀਆਂ ਸਨ। ਖਾਸ ਗੱਲ ਇਹ ਹੈ ਕਿ ਦਿੱਲੀ ‘ਚ ਕਾਂਗਰਸ ਨੂੰ ਇਕ ਵੀ ਸੀਟ ਨਹੀਂ ਮਿਲੀ।
2020 ਦੀਆਂ ਚੋਣਾਂ ‘ਚ ‘ਆਪ’ ਨੂੰ 62 ਸੀਟਾਂ ਮਿਲੀਆਂ ਸਨ
ਇਸ ਤੋਂ ਬਾਅਦ 2020 ‘ਚ ਹੋਈਆਂ ਵਿਧਾਨ ਸਭਾ ਚੋਣਾਂ ‘ਚ ‘ਆਪ’ ਨੂੰ 70 ‘ਚੋਂ 62 ਸੀਟਾਂ ਮਿਲੀਆਂ, ਜਦਕਿ ਭਾਰਤੀ ਜਨਤਾ ਪਾਰਟੀ ਨੇ 8 ਸੀਟਾਂ ‘ਤੇ ਕਬਜ਼ਾ ਕੀਤਾ। 2020 ਦੀਆਂ ਚੋਣਾਂ ਵਿੱਚ ਵੀ ਕਾਂਗਰਸ ਦਾ ਖਾਤਾ ਨਹੀਂ ਖੁੱਲ੍ਹਿਆ। ਹੁਣ ਦੇਖਣਾ ਇਹ ਹੋਵੇਗਾ ਕਿ ਜੇਕਰ ਕਾਂਗਰਸ ਇਸ ਵਾਰ ਵੀ ਇਕੱਲੇ ਚੋਣ ਲੜਦੀ ਹੈ ਤਾਂ ਉਸ ਨੂੰ ਕਿੰਨੀਆਂ ਸੀਟਾਂ ਮਿਲਣਗੀਆਂ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly