ਖਹਿਰਾ ਨੂੰ 7 ਦਿਨ ਦੇ ਰਿਮਾਂਡ ’ਤੇ ਭੇਜਿਆ

ਐਸ.ਏ.ਐਸ. ਨਗਰ (ਮੁਹਾਲੀ) (ਸਮਾਜ ਵੀਕਲੀ):  ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸੀਨੀਅਰ ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਅੱਜ ਦੁਬਾਰਾ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਦੇਰ ਸ਼ਾਮ ਉਸ ਨੂੰ ਸੱਤ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ।

ਇਸ ਤੋਂ ਪਹਿਲਾਂ ਦੁਪਹਿਰ ਤੱਕ ਇਹ ਕੇਸ ਮੁਹਾਲੀ ਦੀਆਂ ਤਿੰਨ ਅਦਾਲਤਾਂ ਵਿੱਚ ਘੁੰਮਦਾ ਰਿਹਾ। ਈਡੀ ਦੀ ਟੀਮ ਵੱਲੋਂ ਅੱਜ ਦੁਪਹਿਰੇ ਖਹਿਰਾ ਨੂੰ ਪੇਸ਼ ਕਰਨ ਲਈ ਸੀਬੀਆਈ-ਕਮ-ਈਡੀ ਦੇ ਵਿਸ਼ੇਸ਼ ਜੱਜ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਕੇਸ ਦੀ ਸੁਣਵਾਈ ਕਰਨ ਦੀ ਥਾਂ ਇਸ ਨੂੰ ਮੁਹਾਲੀ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਕੋਲ ਭੇਜ ਦਿੱਤਾ। ਉਨ੍ਹਾਂ ਅੱਗੇ ਇਹ ਕੇਸ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰੰਜਨ ਖੁੱਲਰ ਦੀ ਅਦਾਲਤ ਵਿੱਚ ਭੇਜ ਦਿੱਤਾ। ਇਥੇ ਸੁਣਵਾਈ ਦੌਰਾਨ ਈਡੀ ਅਤੇ ਬਚਾਅ ਪੱਖ ਦੇ ਵਕੀਲਾਂ ਵਿੱਚ ਜ਼ਬਰਦਸਤ ਬਹਿਸ ਹੋਈ। ਈਡੀ ਦੇ ਵਕੀਲ ਨੇ ਕਿਹਾ ਕਿ ਖਹਿਰਾ ਜਾਂਚ ਟੀਮ ਨੂੰ ਸਹਿਯੋਗ ਨਹੀਂ ਦੇ ਰਹੇ ਹਨ।

ਉਨ੍ਹਾਂ ਮੰਗ ਕੀਤੀ ਕਿ ਮੁਲਜ਼ਮ ਦਾ 14 ਦਿਨ ਦਾ ਪੁਲੀਸ ਰਿਮਾਂਡ ਦਿੱਤਾ ਜਾਵੇ ਤਾਂ ਜੋ ਉਸ ਕੋਲੋਂ ਬਾਰੀਕੀ ਨਾਲ ਪੁੱਛ-ਪੜਤਾਲ ਕੀਤੀ ਜਾ ਸਕੇ। ਉਧਰ, ਬਚਾਅ ਪੱਖ ਦੇ ਵਕੀਲਾਂ ਨੇ ਈਡੀ ਦੀ ਕਾਰਵਾਈ ਦਾ ਤਿੱਖਾ ਵਿਰੋਧ ਕਰਦਿਆਂ ਕਿਹਾ ਕਿ ਕਾਂਗਰਸ ਆਗੂ ਨੂੰ ਝੂਠੇ ਕੇਸ ਵਿੱਚ ਫਸਾਇਆ ਜਾ ਰਿਹਾ ਹੈ। ਦੇਰ ਸ਼ਾਮ ਕਰੀਬ ਸੱਤ ਵਜੇ ਅਦਾਲਤ ਨੇ ਖਹਿਰਾ ਨੂੰ ਦੁਬਾਰਾ 18 ਨਵੰਬਰ ਨੂੰ ਅਦਾਲਤ ਵਿੱਚ ਪੇਸ਼ ਕਰਨ ਲਈ ਕਿਹਾ ਹੈ। ਇਸ ਮਾਮਲੇ ਦੀ ਜਾਂਚ ਈਡੀ ਦੇ ਐੱਸਟੀਐੱਫ਼ ਵਿੰਗ ਨਵੀਂ ਦਿੱਲੀ ਵੱਲੋਂ ਕੀਤੀ ਜਾ ਰਹੀ ਹੈ।

ਦੋਸ਼ ਬੇਬੁਨਿਆਦ: ਮਹਿਤਾਬ

ਅਦਾਲਤ ਦੇ ਬਾਹਰ ਮੀਡੀਆ ਨਾਲ ਗੱਲਬਾਤ ਦੌਰਾਨ ਸੁਖਪਾਲ ਖਹਿਰਾ ਦੇ ਪੁੱਤਰ ਐਡਵੋਕੇਟ ਮਹਿਤਾਬ ਸਿੰਘ ਖਹਿਰਾ ਨੇ ਈਡੀ ਦੇ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਅਤੇ ਝੂਠ ਦਾ ਪੁਲੰਦਾ ਦੱਸਦਿਆਂ ਆਪਣੇ ਪਿਤਾ ਦੀ ਗ੍ਰਿਫ਼ਤਾਰੀ ਨੂੰ ਸਿਆਸੀ ਸਟੰਟ ਦੱਸਿਆ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆਉਣ ਕਾਰਨ ਕੇਂਦਰ ਸਰਕਾਰ ਦੇ ਇਸ਼ਾਰੇ ’ਤੇ ਈਡੀ ਵੱਲੋਂ ਝੂਠੇ ਕੇਸ ਵਿੱਚ ਫਸਾਇਆ ਜਾ ਰਿਹਾ ਹੈ। ਇਸ ਮਾਮਲੇ ਵਿੱਚ ਉਨ੍ਹਾਂ (ਖਹਿਰਾ) ਦੇ ਸਿਆਸੀ ਵਿਰੋਧੀ ਵੀ ਭਾਜਪਾ ਲੀਡਰਸ਼ਿਪ ਅਤੇ ਸਰਕਾਰ ਨਾਲ ਮਿਲੇ ਹੋਏ ਹਨ। ਉਨ੍ਹਾਂ ਕਿਹਾ ਕਿ ਜਦੋਂ ਉਸ ਦੇ ਪਿਤਾ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸਨ ਤਾਂ ਉਨ੍ਹਾਂ ਇਕ ਵੱਡੇ ਮੰਤਰੀ ’ਤੇ ਕਾਰਵਾਈ ਕਰਵਾਈ ਸੀ ਅਤੇ ਉਸ ਦਾ ਅਸਤੀਫ਼ਾ ਦਿਵਾਇਆ ਸੀ। ਮਹਿਤਾਬ ਨੇ ਕਿਹਾ ਕਿ ਇਸੇ ਕਾਰਨ ਉਸ ਦੇ ਪਿਤਾ ’ਤੇ ਕਾਰਵਾਈ ਹੋਈ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਆਮ ਆਦਮੀ ਪਾਰਟੀ ਨੇ ਅਗਾਮੀ ਚੋਣਾਂ ਲਈ 10 ਉਮੀਦਵਾਰ ਐਲਾਨੇ
Next articleS.Africa preparing for 4th Covid wave