ਖਾਲਸਾ ਸਾਜਨਾ ਦਿਵਸ: ਭਗਵੰਤ ਮਾਨ ਤਖ਼ਤ ਦਮਦਮਾ ਸਾਹਿਬ ਨਤਮਸਤਕ

ਤਲਵੰਡੀ ਸਾਬੋ (ਬਠਿੰਡਾ) (ਸਮਾਜ ਵੀਕਲੀ):  ਮੁੱਖ ਮੰਤਰੀ ਭਗਵੰਤ ਮਾਨ ਨੇ ‘ਖਾਲਸਾ ਸਾਜਨਾ ਦਿਵਸ’ ਅਤੇ ‘ਵਿਸਾਖੀ’ ਮੌਕੇ ’ਤੇ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਵਿਖੇ ਮੱਥਾ ਟੇਕਿਆ। ਮੁੱਖ ਮੰਤਰੀ ਬੀਤੀ ਦੇਰ ਸ਼ਾਮ ਬਠਿੰਡਾ ਪੁੱਜੇ ਅਤੇ ਇੱਥੇ ਰਾਤ ਭਰ ਠਹਿਰਨ ਤੋਂ ਬਾਅਦ ਅੱਜ ਸਵੇਰੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਮੁੱਖ ਮੰਤਰੀ ਨੇ ਸੰਗਤ ਨਾਲ ਜਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।

ਮੁੱਖ ਮੰਤਰੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿਧਾਨ ਸਭਾ ਚੋਣਾਂ ਮੌਕੇ ਪੰਜਾਬੀਆਂ ਨਾਲ ਕੀਤੇ ਵਾਅਦੇ ਹਰ ਹਾਲ ਵਿੱਚ ਪੂਰਾ ਕਰੇਗੀ। ਮੁੱਖ ਮੰਤਰੀ ਨੇ ਕਿਹਾ, ‘ਪ੍ਰਮਾਤਮਾ ਦੇ ਆਸ਼ੀਰਵਾਦ ਅਤੇ ਜਨਤਾ ਵੱਲੋਂ ਸਾਡੇ ਪ੍ਰਤੀ ਵਿਖਾਏ ਅਥਾਹ ਵਿਸ਼ਵਾਸ ਅਤੇ ਭਰੋਸੇ ਨਾਲ, ਅਸੀਂ ਪੰਜਾਬ ਦਾ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਾਂਗੇ।’ ਉਨ੍ਹਾਂ ਇਹ ਵੀ ਕਿਹਾ ਕਿ ਆਪਣੇ ਵਾਅਦਿਆਂ ਨੂੰ ਸਹੀ ਮਾਅਨਿਆਂ ਵਿੱਚ ਪੂਰਾ ਕਰਕੇ ਲੋਕਾਂ ਦੀਆਂ ਉਮੀਦਾਂ ’ਤੇ ਖ਼ਰੇ ਉੱਤਰਨ ਤੋਂ ਪਿੱਛੇ ਨਹੀਂ ਹਟਿਆ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਨਾਲ ਵਿਸ਼ੇਸ਼ ਤੌਰ ’ਤੇ ਮੌਜੂਦ ਸਿਹਤ ਮੰਤਰੀ ਡਾ. ਵਿਜੈ ਸਿੰਗਲਾ, ਤਲਵੰਡੀ ਸਾਬੋ ਦੇ ਵਿਧਾਇਕ ਪ੍ਰੋ. ਬਲਜਿੰਦਰ ਕੌਰ, ਮੌੜ ਤੋਂ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ, ਭੁੱਚੋ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ ਅਤੇ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਭਾਈ ਪਰਮਜੀਤ ਸਿੰਘ ਅਤੇ ਗੁਰਦੁਆਰਾ ਬੇਰ ਸਾਹਿਬ ਦੇਗਸਰ ਵਿਖੇ ਬੁੱਢਾ ਦਲ ਦੇ ਮੁਖੀ ਬਾਬਾ ਬਲਵੀਰ ਸਿੰਘ ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਕਈ ਸੀਨੀਅਰ ਆਗੂ ਅਤੇ ਵਰਕਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleCanada to send troops to Poland on humanitarian mission
Next articleਹੇਰਾਂ ਵਿੱਚ 350 ਏਕੜ ਕਣਕ ਸੜੀ