ਜੰਮੂ (ਸਮਾਜ ਵੀਕਲੀ) : ਜੰਮੂ ਕਸ਼ਮੀਰ ਦੀ ਪੀਪਲਜ਼ ਡੈਮੋਕਰੇਟਿਕ ਪਾਰਟੀ (ਪੀਡੀਪੀ) ਦੀ ਪ੍ਰਧਾਨ ਮਹਿਬੂਬਾ ਮੁਫ਼ਤੀ ਨੇ ਸ੍ਰੀਨਗਰ ਵਿੱਚ ਸੁਰੱਖਿਆ ਬਲਾਂ ਤੇ ਅਤਿਵਾਦੀਆਂ ਵਿਚਾਲੇ ਸੋਮਵਾਰ ਨੂੰ ਹੋਏ ਮੁਕਾਬਲੇ ਵਿੱਚ ਮਾਰੇ ਗਏ ਮਕਾਨ ਮਾਲਕ ਤੇ ਡਾਕਟਰ ਦੀ ਮੌਤ ’ਤੇ ਦੁੱਖ ਜ਼ਾਹਰ ਕਰਦਿਆਂ ਕਿਹਾ,‘ਇਹ ਦੇਖ ਕੇ ਬਹੁਤ ਦੁੱਖ ਹੁੰਦਾ ਹੈ ਕਿ ਅਤਿਵਾਦੀਆਂ ਨਾਲ ਲੜਦਿਆਂ ਤੁਸੀਂ ਆਮ ਨਾਗਰਿਕਾਂ ਨੂੰ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ।’ ਜ਼ਿਕਰਯੋਗ ਹੈ ਕਿ ਸ੍ਰੀਨਗਰ ਦੇ ਹੈਦਰਪੁਰਾ ਇਲਾਕੇ ਵਿੱਚ ਸੋਮਵਾਰ ਸ਼ਾਮ ਨੂੰ ਹੋਈ ਦੁਵੱਲੀ ਗੋਲੀਬਾਰੀ ਵਿੱਚ ਮਾਰੇ ਗਏ ਚਾਰ ਵਿਅਕਤੀਆਂ ਵਿੱਚ ਇਕ ਮਕਾਨ ਮਾਲਕ ਤੇ ਡਾਕਟਰ ਵੀ ਸ਼ਾਮਲ ਹਨ। ਪੁਲੀਸ ਨੇ ਇਨ੍ਹਾਂ ਨੂੰ ਅਤਿਵਾਦੀਆਂ ਦਾ ਸਹਿਯੋਗੀ ਗਰਦਾਨਿਆ ਹੈ। ਦੂਜੇ ਪਾਸੇ ਪਰਿਵਾਰਕ ਜੀਆਂ ਨੇ ਅਜਿਹੇ ਦੋਸ਼ਾਂ ਨੂੰ ਖਾਰਜ ਕੀਤਾ ਹੈ।
ਪਾਰਟੀ ਦਫ਼ਤਰ ਵਿੱਚ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਮਹਿਬੂਬਾ ਨੇ ਕਿਹਾ,‘ ਮੈਨੂੰ ਹੈਦਰਪੁਰਾ ਵਿੱਚ ਹੋਏ ਮੁਕਾਬਲੇ ਬਾਰੇ ਖ਼ਬਰ ਪੜ੍ਹ ਕੇ ਪਤਾ ਲੱਗਿਆ। ਦਹਿਸ਼ਤਗਰਦਾਂ ਨੂੰ ਮਾਰਨਾ ਤਾਂ ਸਮਝ ਆਉਂਦਾ ਹੈ ਪਰ ਪਰਿਵਾਰ ਦੇ ਦੋਸ਼ ਹਨ ਕਿ ਘਰ ਦੇ ਮਾਲਕ ਨੂੰ ਮਨੁੱਖੀ ਢਾਲ ਵਜੋਂ ਵਰਤਿਆ ਗਿਆ ਅਤੇ ਇਕ ਡਾਕਟਰ ਨੂੰ ਵੀ ਮਾਰ ਦਿੱਤਾ ਗਿਆ।’ ਉਨ੍ਹਾਂ ਕਿਹਾ,‘ਮੈਨੂੰ ਨਹੀਂ ਪਤਾ ਕਿ ਉਨ੍ਹਾਂ ਨੂੰ (ਮਕਾਨ ਮਾਲਕ ਤੇ ਡਾਕਟਰ) ਕਿਸ ਵਰਗ ਵਿੱਚ ਰੱਖਿਆ ਗਿਆ ਪਰ ਇਸ ਨਾਲ ਦਿਲ ਦੁਖਦਾ ਹੈ। ਇਹ ਦੇਖ ਕੇ ਦੁੱਖ ਹੁੰਦਾ ਹੈ ਕਿ ਤੁਸੀਂ ਦਹਿਸ਼ਤਗਰਦਾਂ ਨਾਲ ਮੁਕਾਬਲਾ ਕਰਦਿਆਂ ਆਮ ਨਾਗਰਿਕਾਂ ਨੂੰ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ ਜੋ ਕਿ ਗ਼ਲਤ ਗੱਲ ਹੈ।’ ਜੰਮੂ ਦਾ ਪੰਜ ਰੋਜ਼ਾ ਦੌਰਾ ਕਰ ਰਹੀ ਮਹਿਬੂਬਾ ਨੇ ਦੋਸ਼ ਲਾਇਆ ਕਿ ਅਗਲੇ ਸਾਲ ਹੋ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਦੇਸ਼ ਦਾ ਧਰੁਵੀਕਰਨ ਕਰ ਰਹੀ ਹੈ। ਉਨ੍ਹਾਂ ਕਿਹਾ, ‘ਪਹਿਲਾਂ ਸਰਕਾਰਾਂ ਆਪਣੀਆਂ ਪ੍ਰਾਪਤੀਆਂ ਦੇ ਆਧਾਰ ’ਤੇ ਵੋਟਾਂ ਮੰਗਦੀਆਂ ਹੁੰਦੀਆਂ ਸਨ ਪਰ ਭਾਜਪਾ ਹਿੰਦੂਆਂ ਤੇ ਮੁਸਲਮਾਨਾਂ ਦੀ ਲੜਾਈ ਕਰਵਾ ਕੇ ਵੋਟਾਂ ਬਟੋਰਦੀ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly