ਡੀਸੀ ਮਾਨਸਾ ਨੂੰ ਦਿੱਤਾ ਮੰਗ ਪੱਤਰ, 15 ਦਿਨਾਂ ਵਿੱਚ ਮੀਟਿੰਗ ਸੱਦੀ ਜਾਵੇ :- ਆਗੂ
ਭੱਠਾ ਮਜ਼ਦੂਰ ਵੱਲੋਂ ਵੱਡੀ ਗਿਣਤੀ ਵਿੱਚ 12 ਫਰਵਰੀ ਦੀ ਦੇਸ਼ ਵਿਆਪੀ ਹੜਤਾਲ ਵਿੱਚ ਸ਼ਾਮਲ ਹੋਣ ਦਾ ਐਲਾਨ
ਮਾਨਸਾ (ਸਮਾਜ ਵੀਕਲੀ) (ਜਸਵੰਤ ਗਿੱਲ ਸਮਾਲਸਰ) ਅੱਜ ‘ਲਾਲ ਝੰਡਾ ਭੱਠਾ ਮਜ਼ਦੂਰ ਯੂਨੀਅਨ ਪੰਜਾਬ (ਏਕਟੂ)’ ਵੱਲੋਂ ਜ਼ਿਲ੍ਹਾ ਮਾਨਸਾ ਦੇ ਭੱਠਾ ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਮਾਨਸਾ ਨੂੰ ਇੱਕ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਸੈਂਕੜੇ ਮਜ਼ਦੂਰਾਂ ਨੇ ਰੈਲੀ ਕਰਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਸਰਕਾਰ ਤੇ ਭੱਠਾ ਮਾਲਕਾਂ ਦੇ ਮਜ਼ਦੂਰ ਵਿਰੋਧੀ ਰਵੱਈਏ ਖਿਲਾਫ਼ ਰੋਸ ਪ੍ਰਗਟਾਇਆ। ਯੂਨੀਅਨ ਦੇ ਆਗੂਆਂ ਨੇ ਮੰਗ ਕੀਤੀ ਕਿ 15 ਦਿਨਾਂ ਦੇ ਅੰਦਰ-ਅੰਦਰ ਪ੍ਰਸ਼ਾਸਨ, ਭੱਠਾ ਮਾਲਕਾਂ ਅਤੇ ਯੂਨੀਅਨ ਦੀ ਇੱਕ ਸਾਂਝੀ ਪੈਨਲ ਮੀਟਿੰਗ ਬੁਲਾਈ ਜਾਵੇ। ਉਹਨਾਂ ਸਪੱਸ਼ਟ ਚੇਤਾਵਨੀ ਦਿੱਤੀ ਕਿ ਜੇਕਰ ਮਜ਼ਦੂਰਾਂ ਦੀਆਂ ਜਾਇਜ਼ ਮੰਗਾਂ ‘ਤੇ ਤੁਰੰਤ ਕਾਰਵਾਈ ਨਾ ਹੋਈ, ਤਾਂ ਪੂਰੇ ਜ਼ਿਲ੍ਹੇ ਦੇ ਭੱਠਿਆਂ ‘ਤੇ ਸੰਪੂਰਨ ਹੜਤਾਲ ਕੀਤੀ ਜਾਵੇਗੀ ਅਤੇ ਡੀ.ਸੀ. ਦਫ਼ਤਰ ਅੱਗੇ ਪੱਕਾ ਮੋਰਚਾ ਲਗਾਇਆ ਜਾਵੇਗਾ। ਯੂਨੀਅਨ ਆਗੂਆਂ ਨੇ ਕਿਹਾ ਕਿ ਭੱਠਾ ਮਜ਼ਦੂਰਾਂ ਨੂੰ ਮਹਿੰਗਾਈ ਭੱਤੇ ਅਨੁਸਾਰ ਮਜ਼ਦੂਰੀ ਵਿੱਚ 50% ਵਾਧਾ ਕੀਤਾ ਜਾਵੇ। ਚਾਰ ਮਜ਼ਦੂਰ ਵਿਰੋਧੀ ਲੇਬਰ ਕੋਡ ਰੱਦ ਕੀਤੇ ਜਾਣ।ਹਰੇਕ ਭੱਠੇ ‘ਤੇ ਰਿਹਾਇਸ਼, ਸਾਫ਼ ਪੀਣ ਵਾਲਾ ਪਾਣੀ ਅਤੇ ਸਿਹਤ ਸਹੂਲਤਾਂ ਯਕੀਨੀ ਬਣਾਈਆਂ ਜਾਣ। ਮਜ਼ਦੂਰਾਂ ਨੂੰ ਈ.ਐਸ.ਆਈ (ESI) ਅਤੇ ਈ.ਪੀ.ਐਫ (EPF) ਦੀ ਸਹੂਲਤ ਦਿੱਤੀ ਜਾਵੇ। ਭੱਠਾ ਮਾਲਕਾਂ ਵੱਲੋਂ ਮਜ਼ਦੂਰਾਂ ਦੇ ਕੀਤੇ ਜਾ ਰਹੇ ਆਰਥਿਕ ਅਤੇ ਮਾਨਸਿਕ ਸ਼ੋਸ਼ਣ ‘ਤੇ ਤੁਰੰਤ ਰੋਕ ਲਗਾਈ ਜਾਵੇ। ਰੈਲੀ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਜੀਤ ਸਿੰਘ ਬੋਹਾ, ਜ਼ਿਲ੍ਹਾ ਸਕੱਤਰ ਵਿਜੈ ਕੁਮਾਰ ਭੀਖੀ ਅਤੇ ਕਾਰਜਕਾਰੀ ਮੈਂਬਰ ਗੁਰਮੀਤ ਸਿੰਘ ਨੰਦਗੜ੍ਹ ਨੇ ਕਿਹਾ ਕਿ ਮਜ਼ਦੂਰਾਂ ਨੂੰ ਅਣਮਨੁੱਖੀ ਹਾਲਤਾਂ ਵਿੱਚ ਕੰਮ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਐਲਾਨ ਕੀਤਾ ਕਿ ਜ਼ਿਲ੍ਹੇ ਦੇ ਸਮੂਹ ਭੱਠਾ ਮਜ਼ਦੂਰ 12 ਫਰਵਰੀ ਦੀ ਦੇਸ਼ ਵਿਆਪੀ ਹੜਤਾਲ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨਗੇ।ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਸੀ.ਪੀ.ਆਈ (ਐਮ.ਐਲ) ਲਿਬਰੇਸ਼ਨ ਦੇ ਕੇਂਦਰੀ ਆਗੂ ਕਾਮਰੇਡ ਰਾਜਵਿੰਦਰ ਸਿੰਘ ਰਾਣਾ ਅਤੇ ਮਜ਼ਦੂਰ ਆਗੂ ਦਰਸ਼ਨ ਸਿੰਘ ਦਾਨੇਵਾਲ ਨੇ ਵੀ ਮਜ਼ਦੂਰਾਂ ਦੇ ਸੰਘਰਸ਼ ਨੂੰ ਸਮਰਥਨ ਦਿੰਦਿਆਂ ਕਿਹਾ ਕਿ ਹੱਕਾਂ ਦੀ ਪ੍ਰਾਪਤੀ ਲਈ ਇੱਕਜੁੱਟਤਾ ਹੀ ਇੱਕੋ-ਇੱਕ ਰਸਤਾ ਹੈ।‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



