ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਚੋਣਾਂ ਦਾ ਬਾਈਕਾਟ

 

  • ਕਾਂਗਰਸ, ਅਕਾਲੀ, ਭਾਜਪਾ ਤੇ ‘ਆਪ’ ਸਭ ਦੀਆਂ ਨੀਤੀਆਂ ਕਾਰਪੋਰੇਟ ਪੱਖੀ ਕਰਾਰ
  • ਕਿਸਾਨ ਜਥੇਬੰਦੀਆਂ ਸਣੇ ਕਿਸੇ ਨੂੰ ਹਮਾਇਤ ਨਾ ਦੇਣ ਦਾ ਐਲਾਨ

ਚੰਡੀਗੜ੍ਹ (ਸਮਾਜ ਵੀਕਲੀ): ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕਿਨਾਰਾ ਕਰਦਿਆਂ ਕਿਸੇ ਵੀ ਧਿਰ ਦੀ ਹਮਾਇਤ ਜਾਂ ਉਮੀਦਵਾਰ ਖੜ੍ਹੇ ਨਾ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਕਿਸਾਨ ਆਗੂਆਂ ਦੀ ਅਗਵਾਈ ਹੇਠਲੀ ਪਾਰਟੀ ਨੂੰ ਵੀ ਜਥੇਬੰਦੀ ਵੱਲੋਂ ਚੋਣਾਂ ’ਚ ਹਮਾਇਤ ਨਹੀਂ ਦਿੱਤੀ ਜਾਵੇਗੀ।

ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਅਤੇ ਝੰਡਾ ਸਿੰਘ ਜੇਠੂਕੇ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੇਸ਼ ਦਾ ਸਮੁੱਚਾ ਤੰਤਰ ਇੰਨਾ ਜ਼ਿਆਦਾ ਭ੍ਰਿਸ਼ਟ ਹੋ ਗਿਆ ਹੈ ਕਿ ਇਨ੍ਹਾਂ ਸੰਵਿਧਾਨਕ ਸੰਸਥਾਵਾਂ ਲਈ ਚੁਣੇ ਜਾਂਦੇ ਨੁਮਾਇੰਦਿਆਂ ਦੀ ਚੋਣ ਲੋਕ ਰਾਜੀ ਢੰਗ ਨਾਲ ਨਹੀਂ ਹੁੰਦੀ ਤੇ ਨਾ ਹੀ ਇਹ ਸੰਸਥਾਵਾਂ ਲੋਕ ਰਾਜੀ ਢੰਗ ਤਰੀਕਿਆਂ ਨਾਲ ਕਾਰ ਵਿਹਾਰ ਕਰਦੀਆਂ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਜਾਂ ਭਾਜਪਾ ਹੀ ਨਹੀਂ ਸਗੋਂ ਆਮ ਆਦਮੀ ਪਾਰਟੀ ਅਤੇ ਖੱਬੇਪੱਖੀ ਵੀ ਕਾਰਪੋਰੇਟ ਪੱਖੀ ਨੀਤੀਆਂ ਲਾਗੂ ਕਰਦੇ ਹਨ। ਉਨ੍ਹਾਂ ਕਿਹਾ ਕਿ ਸੰਵਿਧਾਨਕ ਸੰਸਥਾਵਾਂ ਦੀ ਕਾਰਗੁਜ਼ਾਰੀ ਤੋਂ ਸਪੱਸ਼ਟ ਹੁੰਦਾ ਹੈ ਕਿ ਲੋਕ ਭਲਾਈ ਦਾ ਰਾਹ ਵਿਧਾਨ ਸਭਾ ਜਾਂ ਸੰਸਦ ਰਾਹੀਂ ਨਹੀਂ ਜਾਂਦਾ। ਉਨ੍ਹਾਂ ਕਿਹਾ ਕਿ ਸੰਘਰਸ਼ਾਂ ਦਾ ਤਜਰਬਾ ਵੀ ਇਹੀ ਦੱਸਦਾ ਹੈ ਲੋਕਾਂ ਖ਼ਿਲਾਫ਼ ਸਾਰੇ ਕਾਨੂੰਨ ਇਨ੍ਹਾਂ ਵਿਧਾਨ ਸਭਾਵਾਂ ਜਾਂ ਸੰਸਦ ’ਚੋਂ ਬਣ ਕੇ ਆਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਸਿਆਸੀ ਵੋਟ ਪਾਰਟੀਆਂ ਨੇ ਲੋਕਾਂ ਨੂੰ ਤਰ੍ਹਾਂ ਤਰ੍ਹਾਂ ਦੇ ਲਾਰਿਆਂ ਤੇ ਵਾਅਦਿਆਂ ਦੇ ਗੱਫੇ ਵਰਤਾਉਣੇ ਸ਼ੁਰੂ ਕਰ ਦਿੱਤੇ ਹਨ।

ਉਨ੍ਹਾਂ ਕਿਹਾ ਕਿ ਜਥੇਬੰਦੀ ਨੇ ਜਿਸ ਤਰ੍ਹਾਂ ਪਿਛੋਕੜ ਵਿੱਚ ਸਰਕਾਰਾਂ ਦੇ ਲੋਕ ਵਿਰੋਧੀ ਫ਼ੈਸਲਿਆਂ ਨੂੰ ਲੋਕਾਂ ਦੇ ਸੰਘਰਸ਼ ਨਾਲ ਪਲਟਣ ’ਚ ਕਾਮਯਾਬੀ ਹਾਸਲ ਕੀਤੀ ਸੀ ਉਸੇ ਤਰ੍ਹਾਂ ਕਿਸਾਨਾਂ ਤੇ ਕਿਰਤੀਆਂ ਦੇ ਹੱਕ ’ਚ ਭਵਿੱਖ ਅੰਦਰ ਵੀ ਸੰਘਰਸ਼ਾਂ ਨਾਲ ਹੀ ਸਰਕਾਰਾਂ ਨੂੰ ਲੋਕ ਪੱਖੀ ਫ਼ੈਸਲੇ ਲੈਣ ਲਈ ਮਜਬੂਰ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਇਹ ਵੀ ਕਿਹਾ ਕਿ ਮੋਦੀ ਸਰਕਾਰ ਨੇ ਬੇਸ਼ੱਕ ਤਿੰਨ ਕਾਲੇ ਕਾਨੂੰਨ ਵਾਪਸ ਲੈ ਲਏ ਹਨ ਪਰ ਐੱਮਐੱਸਪੀ ਤੇ ਹੋਰਨਾਂ ਮੰਗਾਂ ਲਈ ਸੰਘਰਸ਼ ਦੀ ਜ਼ਰੂਰਤ ਪੈਣੀ ਹੈ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਪੰਜਾਬ ਦੀਆਂ ਸਿਆਸੀ ਧਿਰਾਂ ਕਿਸਾਨੀ ਦੀ ਸ਼ਾਹੂਕਾਰਾ ਕਰਜ਼ੇ ਤੋਂ ਮੁਕਤੀ ਦਿਵਾਉਣ ਲਈ ਕਾਨੂੰਨ ਲਿਆਉਣ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleTaliban’s acting FM meets Ahmad Massoud in Iran
Next articleਕੈਪਟਨ ਦੀ ਪੰਜਾਬ ਲੋਕ ਕਾਂਗਰਸ ਪਾਰਟੀ ਨੂੰ ਖਿੱਦੋ-ਖੂੰਡੀ ਚੋਣ ਨਿਸ਼ਾਨ ਅਲਾਟ