ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਇਰਾਨ ਅਤੇ ਇਜ਼ਰਾਇਲ ਵਿਚਕਾਰ ਚੱਲ ਰਹੇ ਯੁੱਧ ਕਾਰਨ ਪੈਟਰੋਲ ਅਤੇ ਐਲ.ਪੀ.ਜੀ. ਗੈਸ ਦੀ ਸਪਲਾਈ ‘ਤੇ ਪਏ ਪ੍ਰਭਾਵ ਨਾਲ ਦੇਸ਼ ਭਰ ਵਿੱਚ ਗੈਸ ਸਿਲੰਡਰਾਂ ਦੀ ਕਮੀ ਮਹਿਸੂਸ ਕੀਤੀ ਜਾ ਰਹੀ ਹੈ। ਇਸ ਗੰਭੀਰ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਅਤੇ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਹੁਸ਼ਿਆਰਪੁਰ ਦੇ ਗੈਸ ਏਜੰਸੀ ਡੀਲਰਾਂ ਅਤੇ ਸਬੰਧਿਤ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ‘ਤੇ ਡਾ. ਪੰਕਜ ਸ਼ਿਵ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਮੀਟਿੰਗ ਦੌਰਾਨ ਐਲ.ਪੀ.ਜੀ. ਗੈਸ ਸਿਲੰਡਰ ਦੀ ਸਪਲਾਈ ਵਿੱਚ ਆ ਰਹੀਆਂ ਦਿੱਕਤਾਂ ਸਬੰਧੀ ਪ੍ਰਸ਼ਾਸ਼ਨਿਕ ਅਧਿਕਾਰੀਆਂ ਅਤੇ ਸਮੂਹ ਡੀਲਰਾਂ ਨਾਲ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਦੌਰਾਨ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਗੈਸ ਸਪਲਾਈ ਕਰ ਰਹੀਆਂ ਕੰਪਨੀਆਂ — ਇੰਡੀਅਨ ਆਇਲ, ਹਿੰਦੁਸਤਾਨ ਪੈਟਰੋਲੀਅਮ ਅਤੇ ਭਾਰਤ ਗੈਸ ਦੇ ਡੀ.ਜੀ.ਐਮ. ਅਤੇ ਹੋਰ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਹੁਸ਼ਿਆਰਪੁਰ ਜ਼ਿਲ੍ਹੇ ਲਈ ਗੈਸ ਸਿਲੰਡਰਾਂ ਦੀ ਸਪਲਾਈ ਵਧਾਉਣ ਦੀ ਮੰਗ ਕੀਤੀ। ਉਕਤ ਕੰਪਨੀਆਂ ਦੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਜ਼ਿਲ੍ਹਾ ਹੁਸ਼ਿਆਰਪੁਰ ਦੀ ਸਪਲਾਈ ਵਧਾਉਣ ਦਾ ਆਸ਼ਵਾਸਨ ਦਿੱਤਾ।ਇਸ ਮੌਕੇ ‘ਤੇ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਗੈਸ ਏਜੰਸੀ ਡੀਲਰਾਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਵੀ ਪ੍ਰਸ਼ਾਸ਼ਨ ਨੂੰ ਤੁਰੰਤ ਕਾਰਵਾਈ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਸ ਸਮੇਂ ਲੋਕਾਂ ਨੂੰ ਗੈਸ ਸਪਲਾਈ ਸਬੰਧੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਨਾਲ ਘਰਾਂ ਵਿੱਚ ਖਾਣਾ ਬਣਾਉਣ ਵਾਲੀਆਂ ਮਹਿਲਾਵਾਂ ਤੋਂ ਇਲਾਵਾ ਹੋਟਲਾਂ, ਛੋਟੇ ਦੁਕਾਨਦਾਰਾਂ, ਰੇੜ੍ਹੀ-ਫੜੀ ਵਾਲਿਆਂ, ਕੰਟੀਨਾਂ ਅਤੇ ਮਿਠਾਈ ਕਾਰੋਬਾਰ ਨਾਲ ਜੁੜੇ ਲੋਕਾਂ ਨੂੰ ਵੀ ਮੁਸ਼ਕਲਾਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਉਦਯੋਗਿਕ ਖੇਤਰ ਵੀ ਇਸ ਸਮੱਸਿਆ ਨਾਲ ਪ੍ਰਭਾਵਿਤ ਹੋ ਰਿਹਾ ਹੈ। ਇਸ ਮੌਕੇ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਵੀ ਸਬੰਧਿਤ ਸਰਕਾਰੀ ਅਧਿਕਾਰੀਆਂ ਅਤੇ ਚੱਬੇਵਾਲ ਖੇਤਰ ਵਿੱਚ ਸਪਲਾਈ ਕਰ ਰਹੀਆਂ ਗੈਸ ਏਜੰਸੀਆਂ ਦੇ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਜਨਤਾ ਨੂੰ ਇਸ ਮੁਸ਼ਕਲ ਸਮੇਂ ਵਿੱਚ ਪੂਰਾ ਸਹਿਯੋਗ ਦੇਣ ਅਤੇ ਹਰ ਸੰਭਵ ਤਰੀਕੇ ਨਾਲ ਲੋਕਾਂ ਦੀ ਮਦਦ ਕਰਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly


