ਫ਼ਰੀਦਕੋਟ (ਸਮਾਜ ਵੀਕਲੀ): ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਅੱਜ ਸਿੱਖ ਪ੍ਰਚਾਰਕ ਭਾਈ ਪੰਥਪ੍ਰੀਤ ਸਿੰਘ ਤੋਂ ਪੁੱਛ-ਪੜਤਾਲ ਕੀਤੀ। ਪੁੱਛ-ਪੜਤਾਲ ਤੋਂ ਬਾਅਦ ਭਾਈ ਪੰਥਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਘਟਨਾ ਬਾਰੇ ਪੁੱਛੇ ਗਏ ਸਾਰੇ ਸਵਾਲਾਂ ਦੇ ਜਵਾਬ ਦਿੱਤੇ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਬੇਅਦਬੀ ਅਤੇ ਕੋਟਕਪੂਰਾ ਤੇ ਬਹਿਬਲ ਗੋਲੀ ਕਾਂਡ ਦੇ ਦੋਸ਼ੀਆਂ ਦੀ ਸ਼ਨਾਖਤ ਕਰਕੇ ਸਜ਼ਾਵਾਂ ਦਿੱਤੀਆਂ ਜਾਣਗੀਆਂ।
ਜਾਂਚ ਟੀਮ ਨੇ ਘਟਨਾ ਵਾਲੇ ਦਿਨ ਜ਼ਖ਼ਮੀ ਹੋਏ ਪੁਲੀਸ ਮੁਲਾਜ਼ਮ ਰਛਪਾਲ ਸਿੰਘ, ਇੰਦਰਜੀਤ ਸਿੰਘ ਅਤੇ ਕੁਲਵਿੰਦਰ ਸਿੰਘ ਤੋਂ ਵੀ ਪੁੱਛ-ਪੜਤਾਲ ਕੀਤੀ। ਉਨ੍ਹਾਂ ਘਟਨਾ ਦੇ ਮੁੱਖ ਗਵਾਹ ਅਜੀਤ ਸਿੰਘ ਨੂੰ ਵੀ ਅੱਜ ਤਲਬ ਕੀਤਾ ਸੀ। ਸਿਟ ਅੱਗੇ 12 ਵਿਅਕਤੀ ਪੇਸ਼ ਹੋਏ ਜਿਨ੍ਹਾਂ 13 ਅਤੇ 14 ਅਕਤੂਬਰ 2015 ਨੂੰ ਵਾਪਰੀਆਂ ਘਟਨਾਵਾਂ ਬਾਰੇ ਜਾਣਕਾਰੀ ਦਿੱਤੀ। ਜਾਂਚ ਟੀਮ ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਤੋਂ ਵੀ ਪੁੱਛ-ਪੜਤਾਲ ਕਰਨਾ ਚਾਹੁੰਦੀ ਸੀ ਪਰ ਉਹ ਹਾਜ਼ਰ ਨਹੀਂ ਹੋਏ।
ਹੁਣ ਸਿਟ ਸਿੱਖ ਪ੍ਰਚਾਰਕ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਾ ਤੋਂ ਪੁੱਛ-ਪੜਤਾਲ ਕਰੇਗੀ। ਸੂਤਰਾਂ ਮੁਤਾਬਕ ਜਾਂਚ ਟੀਮ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਗੁਰਦੁਆਰਾ ਪ੍ਰਮੇਸ਼ਵਰ ਦਰਬਾਰ ਜਾ ਸਕਦੀ ਹੈ। ਕੋਟਕਪੂਰਾ ਗੋਲੀ ਕਾਂਡ ਵਿੱਚ ਹੁਣ ਤੱਕ 100 ਤੋਂ ਵੱਧ ਵਿਅਕਤੀਆਂ ਕੋਲੋਂ ਪੁੱਛ-ਪੜਤਾਲ ਕੀਤੀ ਜਾ ਚੁੱਕੀ ਹੈ ਜਿਨ੍ਹਾਂ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਡੀਜੀਪੀ ਸੁਮੇਧ ਸੈਣੀ ਆਦਿ ਸ਼ਾਮਲ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly