ਕੁਲਤਾਰ ਸਿੰਘ ਸੰਧਵਾਂ ਬਣੇ ਪੰਜਾਬ ਵਿਧਾਨ ਸਭਾ ਦੇ ਸਪੀਕਰ

ਚੰਡੀਗੜ੍ਹ  (ਸਮਾਜ ਵੀਕਲੀ):  ‘ਆਪ’ ਵੱਲੋਂ ਦੂਜੀ ਵਾਰੀ ਵਿਧਾਇਕ ਚੁਣੇ ਗਏ ਕੁਲਤਾਰ ਸਿੰਘ ਸੰਧਵਾਂ ਨੂੰ ਅੱਜ ਸਰਬਸੰਮਤੀ ਨਾਲ 16ਵੀਂ ਪੰਜਾਬ ਵਿਧਾਨ ਸਭਾ ਦਾ ਸਪੀਕਰ ਚੁਣਿਆ ਗਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੀਕਰ ਵਜੋਂ ਸ੍ਰੀ ਸੰਧਵਾਂ ਦੇ ਨਾਂ ਦੀ ਤਜਵੀਜ਼ ਰੱਖੀ ਜਿਸ ਦੀ ਹਮਾਇਤ ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਕੀਤੀ। ਇਸ ਤੋਂ ਬਾਅਦ ਪ੍ਰੋਟੈੱਮ ਸਪੀਕਰ ਇੰਦਰਬੀਰ ਸਿੰਘ ਨਿੱਝਰ ਨੇ ਸ੍ਰੀ ਸੰਧਵਾਂ ਨੂੰ ਬਿਨਾਂ ਮੁਕਾਬਲੇ ਚੁਣ ਲਏ ਜਾਣ ਦਾ ਐਲਾਨ ਕੀਤਾ। ਨਵੇਂ ਚੁਣੇ ਸਪੀਕਰ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਸਦਨ ਵਿੱਚ ਆਪਣੇ ਪਹਿਲੇ ਭਾਸ਼ਣ ਦੌਰਾਨ ਭਰੋਸਾ ਦਿੱਤਾ ਕਿ ਸਦਨ ਦੀ ਕਾਰਵਾਈ ਦੇ ਸਿੱਧੇ ਪ੍ਰਸਾਰਨ ਨੂੰ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ ਮੈਂਬਰਾਂ ਦੀ ਆਡੀਓ ਅਤੇ ਵੀਡੀਓ ਰਿਕਾਰਡਿੰਗ ਵੀ ਮੁਹੱਈਆ ਕਰਵਾਈ ਜਾਵੇਗੀ ਤਾਂ ਜੋ ਸਦਨ ਦੀ ਕਾਰਵਾਈ ਜਨਤਕ ਕੀਤੀ ਜਾ ਸਕੇ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਭਵਿੱਖ ਵਿੱਚ ਸਦਨ ਦੀ ਆਡੀਓ ਅਤੇ ਵੀਡੀਓ ਰਿਕਾਰਡਿੰਗ ਪੱਤਰਕਾਰਾਂ ਨੂੰ ਵੀ ਮੁਹੱਈਆ ਕਰਵਾਈ ਜਾਵੇਗੀ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਵਿਰੋਧੀ ਧਿਰ ਵੀ ਪੰਜਾਬ ਵਿਧਾਨ ਸਭਾ ਨੂੰ ਦੇਸ਼ ਭਰ ਵਿੱਚ ਮਾਡਲ ਹਾਊਸ ਬਣਾਉਣ ਲਈ ਉਸਾਰੂ ਭੂਮਿਕਾ ਨਿਭਾਏਗੀ। ਉਨ੍ਹਾਂ ਇਹ ਵੀ ਕਿਹਾ ਕਿ ਸਦਨ ਦੇ ਸਾਰੇ ਮੈਂਬਰ ‘ਰੰਗਲੇ ਪੰਜਾਬ’ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ਸਰਕਾਰ ਸਦਨ ਵਿੱਚ ਵਿਰੋਧੀ ਧਿਰ ਦੇ ਮੈਂਬਰਾਂ ਦੀ ਤਸੱਲੀ ਹੋਣ ਤੱਕ ਉਨ੍ਹਾਂ ਦੇ ਸਾਰੇ ਸਵਾਲਾਂ ਦੇ ਵਿਸਥਾਰਪੂਰਵਕ ਜਵਾਬ ਦੇਵੇਗੀ।

ਮੁੱਖ ਮੰਤਰੀ ਮਾਨ ਨੇ ਅਫ਼ਸੋਸ ਜ਼ਾਹਿਰ ਕੀਤਾ ਕਿ ਬਦਕਿਸਮਤੀ ਨਾਲ ਪਹਿਲਾਂ ਜਦੋਂ ਕੋਈ ਵੀ ਸਦਨ ਦੀ ਕਾਰਵਾਈ ਰਿਕਾਰਡ ਕਰ ਰਿਹਾ ਹੁੰਦਾ ਸੀ ਤਾਂ ਵਿਸ਼ੇਸ਼ ਅਧਿਕਾਰ ਪ੍ਰਸਤਾਵ ਦੀ ਵਰਤੋਂ ਕਰਕੇ ਸਿਆਸੀ ਵਿਰੋਧੀਆਂ ਨੂੰ ਨਿਸ਼ਾਨਾ ਬਣਾਇਆ ਜਾਂਦਾ ਸੀ। ਉਨ੍ਹਾਂ ਕਿਹਾ ਕਿ ਅਜਿਹਾ ਕਰਨਾ ਮੈਂਬਰਾਂ ਦੀ ਆਜ਼ਾਦੀ ਦੇ ਅਧਿਕਾਰ ਦੀ ਉਲੰਘਣਾ ਹੈ, ਇਸ ਲਈ ‘ਆਪ’ ਸਰਕਾਰ ਨੇ ਸਿਧਾਂਤਕ ਤੌਰ ’ਤੇ ਫੈਸਲਾ ਕੀਤਾ ਹੈ ਕਿ ਭਵਿੱਖ ਵਿੱਚ ਅਜਿਹਾ ਕਦੇ ਨਹੀਂ ਹੋਵੇਗਾ ਅਤੇ ਸਦਨ ਦੀ ਸਾਰੀ ਕਾਰਵਾਈ ਜਨਤਕ ਕੀਤੀ ਜਾਵੇਗੀ। ਸ੍ਰੀ ਸੰਧਵਾਂ ਦੇਸ਼ ਦੇ ਰਾਸ਼ਟਰਪਤੀ ਰਹੇ ਮਰਹੂਮ ਗਿਆਨੀ ਜ਼ੈਲ ਸਿੰਘ ਦੇ ਖਾਨਦਾਨ ਨਾਲ ਸਬੰਧ ਰੱਖਦੇ ਹਨ ਤੇ ਕੋਟਕਪੂਰਾ ਹਲਕੇ ਤੋਂ ਦੂਜੀ ਵਾਰੀ ਵਿਧਾਇਕ ਬਣ ਕੇ ਵਿਧਾਨ ਸਭਾ ਪਹੁੰਚੇ ਹਨ। ਵਿਧਾਨ ਸਭਾ ’ਚ ਵਿਰੋਧੀ ਧਿਰ ਕਾਂਗਰਸ ਦੇ ਆਗੂਆਂ ਪ੍ਰਤਾਪ ਸਿੰਘ ਬਾਜਵਾ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਪਾਲ ਸਿੰਘ ਖਹਿਰਾ ਤੇ ਪਰਗਟ ਸਿੰਘ ਨੇ ਨਵੇਂ ਚੁਣੇ ਸਪੀਕਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਜ਼ਾਦੀ ਘੁਲਾਟੀਆਂ ਦੇ ਪਰਿਵਾਰ ਨਾਲ ਸਬੰਧ ਰੱਖਦੇ ਸ੍ਰੀ ਸੰਧਵਾਂ ਤੋਂ ਨਿਰਪੱਖ ਤੇ ਲੋਕਤੰਤਰ ਪੱਖੀ ਵਿਹਾਰ ਦੀ ਉਮੀਦ ਕੀਤੀ ਜਾ ਸਕਦੀ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਦੇ ਸੱਤਾ ਵਿੱਚ ਹੁੰਦਿਆਂ ਵਿਰੋਧੀ ਧਿਰ ਨੂੰ ਜਿਸ ਤਰ੍ਹਾਂ ਦਾ ਰਵੱਈਆ ਅਖ਼ਤਿਆਰ ਕਰਨ ਲਈ ਮਜਬੂਰ ਹੋਣਾ ਪੈਂਦਾ ਸੀ, ਉਮੀਦ ਹੈ ਕਿ ਆਮ ਆਦਮੀ ਪਾਰਟੀ ਦੇ ਸੱਤਾ ’ਚ ਹੁੰਦਿਆਂ ਪਹਿਲਾਂ ਵਾਲੀ ਨੌਬਤ ਨਹੀਂ ਆਵੇਗੀ। ਵਿਰੋਧੀ ਧਿਰ ਨੇ ਮੰਗ ਕੀਤੀ ਕਿ ਜਦੋਂ ਆਮ ਆਦਮੀ ਪਾਰਟੀ ਵਿਰੋਧੀ ਧਿਰ ਵਿੱਚ ਸੀ ਤਾਂ ਸਦਨ ਦੀਆਂ ਬੈਠਕਾਂ ਵਧਾਉਣ ਦੀ ਮੰਗ ਕੀਤੀ ਜਾਂਦੀ ਸੀ। ਇਸ ਲਈ ਹੁਣ ਜਦੋਂ ‘ਆਪ’ ਸੱਤਾ ਵਿੱਚ ਆ ਗਈ ਹੈ ਤਾਂ ਸਦਨ ਦੀਆਂ ਬੈਠਕਾਂ ਵਧਾਉਣ ਅਤੇ ਲੋਕਾਂ ਦੇ ਮਸਲੇ ਚੁੱਕਣ ਲਈ ਵਿਰੋਧੀ ਧਿਰ ਨੂੰ ਵੀ ਬਰਾਬਰ ਦੇ ਮੌਕੇ ਦਿੱਤੇ ਜਾਣ ਦੀ ਉਮੀਦ ਕਰਦੇ ਹਾਂ। ਵਿਰੋਧੀ ਧਿਰ ਦੇ ਮੈਂਬਰਾਂ ਨੇ ਇਹ ਵੀ ਕਿਹਾ ਕਿ ਸਦਨ ਦਾ ਮਾਹੌਲ ਸਾਜ਼ਗਾਰ ਰਹਿਣ ਦੀ ਉਮੀਦ ਕੀਤੀ ਜਾ ਸਕਦੀ ਹੈ। ਮੰਤਰੀ ਗੁਰਮੀਤ ਸਿੰਘ ਹੇਅਰ, ‘ਆਪ’ ਵਿਧਾਇਕਾਂ ਅਮਨ ਅਰੋੜਾ, ਇੰਦਰਬੀਰ ਸਿੰਘ ਨਿੱਝਰ, ਪ੍ਰਿੰਸੀਪਲ ਬੁੱਧ ਰਾਮ, ਇੰਦਰਜੀਤ ਕੌਰ, ਬਸਪਾ ਦੇ ਇਕਲੌਤੇ ਮੈਂਬਰ ਨਛੱਤਰ ਪਾਲ, ਭਾਜਪਾ ਦੇ ਅਸ਼ਵਨੀ ਸ਼ਰਮਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮਨਪ੍ਰੀਤ ਸਿੰਘ ਇਯਾਲੀ ਨੇ ਵੀ ਨਵੇਂ ਸਪੀਕਰ ਨੂੰ ਵਧਾਈ ਦਿੱਤੀ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਉੱਤਰਾਖੰਡ ’ਚ ਧਾਮੀ ਅਤੇ ਗੋਆ ’ਚ ਸਾਵੰਤ ਬਣੇ ਰਹਿਣਗੇ ਮੁੱਖ ਮੰਤਰੀ
Next articleਰਾਜ ਸਭਾ ਚੋਣਾਂ: ‘ਆਪ’ ਦੇ ਪੰਜ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ