ਚੰਡੀਗੜ੍ਹ (ਸਮਾਜ ਵੀਕਲੀ) : ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਚ ਹੋਈ ਹਿੰਸਾ ਦੇ ਸਬੰਧ ਵਿਚ ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਬਰਖ਼ਾਸਤ ਕਰਨ ਅਤੇ ਗ੍ਰਿਫ਼ਤਾਰ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ, ਹਰਿਆਣਾ, ਰਾਜਸਥਾਨ ਦੇ ਵੱਖ-ਵੱਖ ਜ਼ਿਲ੍ਹਿਆਂ ਅਤੇ ਹੋਰ ਸੂਬਿਆਂ ਜਿਵੇਂ ਕਿ ਬਿਹਾਰ, ਉੱਤਰ ਪ੍ਰਦੇਸ਼, ਕਰਨਾਟਕ ਆਦਿ ਵਿਚ ਵੀ ਕਿਸਾਨ ਅੱਜ ਸਵੇਰੇ ਸੰਯੁਕਤ ਕਿਸਾਨ ਮੋਰਚਾ ਦੇ ਛੇ ਘੰਟੇ ਦੇ ‘ਰੇਲ ਰੋਕੋ’ ਅੰਦੋਲਨ ਤਹਿਤ ਰੇਲ ਦੀਆਂ ਪਟੜੀਆਂ ’ਤੇ ਬੈਠ ਗਏ। ਰੇਲਵੇ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਪ੍ਰਦਰਸ਼ਨਕਾਰੀਆਂ ਨੇ ਫਿਰੋਜ਼ਪੁਰ ਮੰਡਲ ਦੇ ਚਾਰ ਸੈਕਸ਼ਨ ਰੋਕ ਦਿੱਤੇ ਹਨ। ਫਿਰੋਜ਼ਪੁਰ ਸ਼ਹਿਰ ਵਿਚ ਫਿਰੋਜ਼ਪੁਰਾ-ਫਾਜ਼ਿਲਕਾ ਸੈਕਸ਼ਨ ਅਤੇ ਮੋਗਾ ਦੇ ਅਜੀਤਵਾਲ ਵਿਚ ਫਿਰੋਜ਼ਪੁਰ-ਲੁਧਿਆਣਾ ਸੈਕਸ਼ਨ ਬੰਦ ਪਏ ਹਨ।
ਕੇਂਦਰੀ ਮੰਤਰੀ ਅਜੈ ਮਿਸ਼ਰਾ ਦੀ ਗ੍ਰਿਫ਼ਤਾਰੀ ਦੀ ਮੰਗ ਕਰਦੇ ਹੋਏ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸ਼ਰਵਣ ਸਿੰਘ ਪੰਧੇਰ ਨੇ ਅੱਜ ਕਿਹਾ ਕਿ ਕੇਐੱਮਐੱਸਸੀ ਸੂਬੇ ਦੇ 11 ਜ਼ਿਲ੍ਹਿਆਂ ਵਿਚ 20 ਥਾਵਾਂ ’ਤੇ ਪ੍ਰਦਰਸ਼ਨ ਕਰੇਗੀ। ਇਸੇ ਤਰ੍ਹਾਂ ਹਰਿਆਣਾ ਦੇ ਸਿਰਸਾ, ਸੋਨੀਪਤ ਤੇ ਹੋਰ ਜ਼ਿਲ੍ਹਿਆਂ ਵਿਚ ਵੀ ਕਿਸਾਨਾਂ ਵੱਲੋਂ ਰੇਲ ਆਵਾਜਾਈ ਠੱਪ ਕੀਤੀ ਗਈ। ਰਾਜਸਥਾਨ ਵਿਚ ਵੀ ਕਈ ਥਾਵਾਂ ’ਤੇ ਰੋਲ ਰੋਕੋ ਅੰਦੋਲਨ ਦਾ ਅਸਰ ਦੇਖਣ ਨੂੰ ਮਿਲਿਆ। ਕੇਂਦਰ ਦੇ ਤਿੰਨੋਂ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਦੀ ਅਗਵਾਈ ਕਰ ਰਹੀਆਂ ਕਿਸਾਨ ਐਸੋਸੀਏਸ਼ਨਾਂ ਦੇ ਸੰਗਠਨ ਸੰਯੁਕਤ ਕਿਸਾਨ ਮੋਰਚਾ ਨੇ ਇਕ ਬਿਆਨ ਵਿਚ ਕਿਹਾ ਸੀ ਕਿ ਲਖੀਮਪੁਰ ਖੀਰੀ ਘਟਨਾ ਦੇ ਸਬੰਧ ਵਿਚ ਕੇਂਦਰੀ ਰਾਜ ਮੰਤਰੀ ਦੀ ਗ੍ਰਿਫ਼ਤਾਰੀ ਤੇ ਬਰਖਾਸਤਗੀ ਦੀ ਮੰਗ ਨੂੰ ਲੈ ਕੇ 18 ਅਕਤੂਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲਾਂ ਰੋਕੀਆਂ ਜਾਣਗੀਆਂ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly