(ਸਮਾਜ ਵੀਕਲੀ) ਕਾਂਗਰਸ ਪਾਰਟੀ ਦੇ ਆਦਮਪੁਰ ਤੋਂ ਵਿਧਾਇਕ ਅਤੇ ਸਪੈਸ਼ਲ ਸਪੋਕਸਪਰਸਨ ਸ. ਸੁਖਵਿੰਦਰ ਸਿੰਘ ਕੋਟਲੀ ਨੇ ਅੱਜ ਵਿਧਾਨ ਸਭਾ ਦੇ ਸੈਸ਼ਨ ਨੂੰ ਸਿਰਫ਼ 11 ਮਿੰਟਾਂ ਵਿੱਚ ਮੁਲਤਵੀ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਪੰਜਾਬ ਦੇ ਲੋਕਾਂ ਦੇ ਟੈਕਸ ਦੇ ਪੈਸਿਆਂ ਦੀ ਬਰਬਾਦੀ ਕਰ ਰਹੀ ਹੈ ਅਤੇ ਨਿੱਤ ਨਵੇਂ ਕਰਜ਼ੇ ਲੈਕੇ ਜਸ਼ਨ ਮਨਾ ਰਹੀ ਹੈ ਜਦਕਿ ਪੰਜਾਬ ਦੇ ਅਹਿਮ ਮੁੱਦਿਆਂ ਨੂੰ ਸੰਜੀਦਗੀ ਨਾਲ ਨਾ ਲੈਕੇ ਪੰਜਾਬ ਦੀ ਵਿਧਾਨ ਸਭਾ ਵਿੱਚ ਚਰਚਾ ਤੋਂ ਭੱਜ ਰਹੀ ਹੈ। ਸ. ਕੋਟਲੀ ਨੇ ਕਿਹਾ ਕਿ ਪੰਜਾਬ ਵਿੱਚ ਦਿਨੋਂ ਦਿਨ ਕਾਨੂੰਨ ਵਿਵਸਥਾ ਵਿਗੜ ਰਹੀ ਹੈ ਲੋਕਾਂ ਨੂੰ ਗੋਲੀਆਂ ਦਾ ਨਿਸ਼ਾਨਾ ਬਣਾਇਆ ਜਾ ਰਿਹਾ ਨਸ਼ਿਆਂ ਦੀ ਭਰਮਾਰ ਹੈ ਅਤੇ ਪੰਜਾਬ ਦਾ ਬੱਚਾ ਬੱਚਾ ਕਰਜ਼ਾਈ ਤੇ ਨਸ਼ਈ ਹੋ ਰਿਹਾ ਹੈ ਕਿਸਾਨਾਂ ਦੀਆਂ ਜ਼ਮੀਨਾਂ ਚਿੱਟੇ ਦਿਨ ਲੁੱਟਣ ਦੀਆਂ ਸਕੀਮਾਂ-ਲੈਂਡ ਪੂਲਿੰਗ ਪਾਲਿਸੀ ਬਣਾਈਆਂ ਜਾ ਰਹੀਆਂ ਹਨ, ਕਰਜ਼ ਵੱਧ ਰਿਹਾ ਹੈ ਪੰਜਾਬ ਦੇ ਰੁਕੇ ਵਿਕਾਸ ਇਨ੍ਹਾਂ ਸਾਰੇ ਮੁੱਦਿਆਂ ਤੇ ਵਿਧਾਨ ਸਭਾ ਵਿੱਚ ਚਰਚਾ ਹੋਣੀ ਚਾਹੀਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਆਪ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦਾ ਇਨਸਾਫ਼ ਦੇਣ ਵਿੱਚ ਨਾਕਾਮ ਰਹੀ ਹੁਣ ਸਾਢੇ ਤਿੰਨ ਸਾਲ ਬੀਤ ਜਾਣ ਉਪਰੰਤ ਕਾਨੂੰਨ ਲਿਆ ਰਹੀ ਹੈ, ਵਿਧਾਇਕ ਕੋਟਲੀ ਨੇ ਸਖ਼ਤ ਕਾਨੂੰਨ ਬਣਾਉਣ ਸਮਰਥਨ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਭਾਰਤੀ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਸਟੈਂਚੂਆਂ ਦੀ ਵੀ ਬੇਅਦਬੀ ਹੋ ਰਹੀ ਹੈ ਉਸ ਲਈ ਵੀ ਸਖ਼ਤ ਕਾਨੂੰਨ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਪੰਜਾਬ ਵਿਧਾਨ ਸਭਾ ਵਿੱਚ ਇਨ੍ਹਾਂ ਸਾਰੇ ਮੁੱਦਿਆਂ ਤੇ ਚਰਚਾ ਕਰਵਾਵੇ ਤਾਂ ਜੋ ਪੰਜਾਬ ਦੇ ਲੋਕਾਂ ਦੇ ਸਾਹਮਣੇ ਸੱਚਾਈ ਆ ਸਕੇ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ਤੇ ਫੇਲ੍ਹ ਸਰਕਾਰ ਹੈ। ਸ. ਕੋਟਲੀ ਨੇ ਕਿਹਾ ਕਿ ਪੰਜਾਬ ਦੇ ਲੋਕ 2027 ਦਾ ਇੰਤਜ਼ਾਰ ਕਰ ਰਹੇ ਹਨ ਅਤੇ ਪੰਜਾਬ ਦੀ ਸੱਤਾ ਕਾਂਗਰਸ ਦੇ ਹੱਥਾਂ ਵਿੱਚ ਦੇਣ ਲਈ ਕਾਹਲੇ ਹਨ।
ਲੈਂਡ ਪੂਲਿੰਗ, ਬੇਅਦਬੀਆਂ, ਵਿਗੜਦੀ ਕਾਨੂੰਨ ਵਿਵਸਥਾ, ਵੱਧਦੇ ਕਰਜ਼ੇ ਅਤੇ ਨਸ਼ਿਆਂ ਦੇ ਮੁੱਦੇ ਤੇ ਪੰਜਾਬ ਦੀ ਵਿਧਾਨ ਸਭਾ ਵਿੱਚ ਚਰਚਾ ਕਰਵਾਏ ਆਪ ਸਰਕਾਰ – ਵਿਧਾਇਕ ਸੁਖਵਿੰਦਰ ਸਿੰਘ ਕੋਟਲੀ
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



