ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਸਦੀਆਂ ਤੱਕ ਪ੍ਰੇਰਨਾ ਸਰੋਤ ਰਹੇਗੀ- ਸੀਚੇਵਾਲ
ਕਪੂਰਥਲਾ / ਸੁਲਤਾਨਪੁਰ ਲੋਧੀ ਲੋਧੀ (ਸਮਾਜ ਵੀਕਲੀ) (ਕੌੜਾ)- ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕਵੀ ਦਰਬਾਰ ਗੁਰਦੁਆਰਾ ਗੁਰ ਪ੍ਕਾਸ਼ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵਿਖੇ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਹੇਠ ਸਾਹਿਤ ਸਭਾ ਸੁਲਤਾਨਪੁਰ ਲੋਧੀ ਦੇ ਸਹਿਯੋਗ ਕਰਵਾਇਆ ਗਿਆ। ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿੱਚ ਸਜਾਏ ਗਏ ਕਵੀ ਦਰਬਾਰ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਸਦੀਆਂ ਤੱਕ ਮਨੁੱਖਤਾ ਲਈ ਪ੍ਰੇਰਨਾ ਸਰੋਤ ਬਣੀ ਰਹੇਗੀ। ਉਨ੍ਹਾਂ ਨੇ ਕਿਹਾ ਕਿ ਦੁਨੀਆਂ ਦੇ ਇਤਿਹਾਸ ਵਿੱਚ ਇਹ ਪਹਿਲੀ ਸ਼ਹਾਦਤ ਹੈ ਜ਼ੋ ਜ਼ਾਤ ਪਾਤ ਤੋਂ ਉਪਰ ਉੱਠ ਕੇ ਇੱਕ ਧਰਮ ਨੂੰ ਬਚਾਉਣ ਦੀ ਖਾਤਰ ਕੀਤੀ ਗਈ ਹੈ।
ਅੱਜ ਸਾਨੂੰ ਆਪਣਾ ਵਾਤਾਵਰਨ, ਨਸਲਾਂ ਅਤੇ ਫ਼ਸਲਾਂ ਬਚਾਉਣ ਲਈ ਅੱਗੇ ਆਉਣਾ ਚਾਹੀਦਾ ਹੈ ਤਾਂ ਜ਼ੋ ਆਉਣ ਵਾਲਾ ਭਵਿੱਖ ਸੁਰੱਖਿਅਤ ਰਹਿ ਸਕੇ।ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਵੀ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਕ੍ਰਾਂਤੀਕਾਰੀ ਮਹਾਂਪੁਰਖ ਦਸਦਿਆਂ ਉਨ੍ਹਾਂ ਵੱਲੋਂ ਦਿੱਤੀ ਸ਼ਹਾਦਤ ਨੂੰ ਦੁਨੀਆਂ ਦੀ ਸਭ ਤੋਂ ਮਹਾਨ ਸ਼ਹਾਦਤ ਦੱਸਿਆ। ਇਸ ਮੌਕੇ ਕਵੀ ਦਰਬਾਰ ਦੀ ਸ਼ੁਰੂਆਤ ਉੱਘੇ ਕਵੀ ਸੰਤ ਸੰਧੂ ਵੱਲੋਂ ਕੀਤੀ ਗਈ, ਉਨ੍ਹਾਂ ਤੋਂ ਬਾਅਦ ਮਾਸਟਰ ਦੇਸ ਰਾਜ,ਡਾ.ਰਾਮ ਮੂਰਤੀ, ਕੁਲਵਿੰਦਰ ਕੰਵਲ, ਜਸਵਿੰਦਰ ਫਗਵਾੜਾ, ਗੁਰਕੀਰਤ ਜੱਜ, ਮੁਖਤਾਰ ਚੰਦੀ ਅਤੇ ਸੰਤ ਸੁਖਜੀਤ ਸਿੰਘ ਸੀਚੇਵਾਲ ਵੱਲੋਂ ਆਪਣੀਆਂ ਰਚਨਾਵਾਂ ਪੇਸ਼ ਕਰਕੇ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕੀਤਾ ਗਿਆ।ਇਸ ਮੌਕੇ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਵੱਲੋਂ ਪਹੁੰਚੇ ਕਵੀਆਂ ਦਾ ਸਿਰੋਪਾਉ ਭੇਂਟ ਕਰਕੇ ਸਨਮਾਨ ਕੀਤਾ ਗਿਆ। ਸਟੇਜ ਸੰਚਾਲਨ ਦੀ ਸੰਤ ਸੁਖਜੀਤ ਸਿੰਘ ਸੀਚੇਵਾਲ ਵੱਲੋਂ ਨਿਭਾਈ ਗਈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly