ਨਵਾਂਸ਼ਹਿਰ/ਰਾਹੋਂ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਕਾਨੂੰਨੀ ਸੇਵਾਵਾਂ ਦਿਵਸ ਦੇ ਮੌਕੇ ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਵਲੋਂ ‘ਲੀਗਲ ਏਡ ਕਲੀਨਿਕ’ ਪਿੰਡ ਸੋਢੀਆਂ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਤੇ ਪੈਰਾ ਲੀਗਲ ਵਲੰਟੀਅਰ ਬਲਦੇਵ ਭਾਰਤੀ ਸਟੇਟ ਐਵਾਰਡੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਥਾਰਟੀ ਵੱਲੋਂ ਆਰਥਿਕ ਤੌਰ ਤੇ ਕਮਜ਼ੋਰ ਲੋੜਵੰਦਾਂ ਨੂੰ ਅਨਿਆਂ ਦੇ ਖਿਲਾਫ਼ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ ਤਾਂ ਕਿ ਕੋਈ ਵੀ ਗਰੀਬ ਨਾਗਰਿਕ ਨਿਆਂ ਪ੍ਰਾਪਤੀ ਤੋਂ ਵਾਂਝਾ ਨਾ ਰਹਿ ਜਾਵੇ। ਮੁਫ਼ਤ ਕਾਨੂੰਨੀ ਸਹਾਇਤਾ ਵਿੱਚ ਵਕੀਲਾਂ ਦੀਆਂ ਸੇਵਾਵਾਂ ਮੁਫਤ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਮੁਫ਼ਤ ਕਾਨੂੰਨੀ ਸੇਵਾਵਾਂ ਲਈ ਟੋਲ ਫਰੀ ਨੰਬਰ-1968 ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਬੱਚਿਆਂ ਦੇ ਸ਼ੋਸ਼ਣ ਵਿਰੁੱਧ ਚਾਈਲਡ ਹੈਲਪ-ਲਾਈਨ-1098, ਔਰਤਾਂ ਨਾਲ ਹੋ ਰਹੀਆਂ ਵਧੀਕੀਆਂ ਵਿਰੁੱਧ ਵੋਮੈਨ ਹੈਲਪ-ਲਾਈਨ-1091 ਅਤੇ ਪੁਲਿਸ ਸਹਾਇਤਾ ਲਈ ਪੁਲਸ ਹੈਲਪ-ਲਾਈਨ-112 ਤੇ ਕਾਲ ਕੀਤੀ ਜਾ ਸਕਦੀ ਹੈ। ਇਸ ਕੈਂਪ ਦੌਰਾਨ ਬਲਦੇਵ ਭਾਰਤੀ ਨੇ ‘ਉਸਾਰੀ ਮਜ਼ਦੂਰ ਭਲਾਈ ਕਾਨੂੰਨ-1996’ ਅਤੇ ‘ਮਹਾਤਮਾ ਗਾਂਧੀ ਕੌਮੀ ਪੇਂਡੂ ਰੁਜ਼ਗਾਰ ਗ੍ਰੰਟੀ ਕਾਨੂੰਨ-2005’ ਤਹਿਤ ਗੈਰ ਸੰਗਠਿਤ ਖੇਤਰ ਦੇ ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਸਕੀਮਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਵੀ ਦਿੱਤੀ। ਉਨ੍ਹਾਂ ਇਹ ਵੀ ਦੱਸਿਆ ਕਿ 14 ਨਵੰਬਰ 2024 ਨੂੰ ਜ਼ਿਲ੍ਹਾ ਕੋਰਟ ਕੰਪਲੈਕਸ ਨਵਾਂਸ਼ਹਿਰ ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ। ਇਸ ਕੌਮੀ ਲੋਕ ਅਦਾਲਤ ਦਾ ਲਾਭ ਲੈਣ ਅਤੇ ਮੁਕੱਦਮੇ ਨਿਪਟਾਉਣ ਲਈ ਦਫਤਰ ਜ਼ਿਲ੍ਹਾ ਕਾਨੁੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਅਤੇ ਦਫਤਰ ਦੇ ਨੰਬਰ 01823223511 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly