ਹੁਸ਼ਿਆਰਪੁਰ, (ਸਮਾਜ ਵੀਕਲੀ) (ਤਰਸੇਮ ਦੀਵਾਨਾ ) ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਸਿਵਲ ਸਿਵਲ ਹਸਪਤਾਲ ਹੁਸ਼ਿਆਰਪੁਰ ਦਾ ਦੌਰਾ ਕੀਤਾ, ਜਿਥੇ ਉਨ੍ਹਾਂ ਨੇ ਹਸਪਤਾਲ ਦੀ ਸੁਰੱਖਿਆ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ ਅਤੇ ਡਾਕਟਰਾਂ ਦੇ ਨਾਲ ਇਕਜੁੱਟਤਾ ਦਿਖਾਈ। ਇਸ ਦੌਰਾਨ ਉਨ੍ਹਾਂ ਨੇ ਡਾਕਟਰਾਂ ਅਤੇ ਮੈਡੀਕਲ ਸਟਾਫ਼ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਮੈਡੀਕਲ ਸਟਾਫ਼ ਨੂੰ ਆ ਰਹੀਆਂ ਚੁਨੌਤੀਆਂ ’ਤੇ ਵੀ ਗੰਭੀਰ ਚਰਚਾ ਕੀਤੀ। ਡਾ.ਰਾਜ ਕੁਮਾਰ ਚੱਬੇਵਾਲ ਨੇ ਕੋਲਕਾਤਾ ਵਿਚ ਹਾਲ ਹੀ ਵਿਚ ਇਕ ਔਰਤ ਡਾਕਟਰ ਦੀ ਬੇਰਹਿਮੀ ਹੱਤਿਆ ਦੀ ਕਰੜੀ ਨਿੰਦਾ ਕੀਤੀ ਅਤੇ ਇਸ ਘਟਨਾ ਨੂੰ ਸਮਾਜ ਲਈ ਇਕ ਗੰਭੀਰ ਚਿਤਾਵਨੀ ਦੱਸਿਆ। ਇਸ ਦੌਰਾਨ ਸਿਵਲ ਸਰਜਨ ਡਾ. ਪਵਨ ਕੁਮਾਰ, ਤੇ ਈਸ਼ਾਨ ਕੁਮਾਰ ਵੀ ਮੌਜੂਦ ਸਨ। ਡਾ. ਚੱਬੇਵਾਲ ਨੇ ਹਸਪਤਾਲ ਵਿਚ ਡਾਕਟਰਾਂ ਅਤੇ ਸਿਹਤ ਕਰਮਚਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਚਿੰਤਾਵਾਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਮੈਡੀਕਲ ਭਾਈਚਾਰੇ ਦੀ ਸੁਰੱਖਿਆ ਅਤੇ ਉਨ੍ਹਾਂ ਦੇ ਦਫ਼ਤਰਾਂ ਵਿਚ ਸਨਮਾਨਜਨਕ ਵਾਤਾਵਰਨ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰਨਗੇ। ਵਿਸ਼ੇਸ਼ ਰੂਪ ਵਿਚ ਉਨ੍ਹਾਂ ਨੇ ਔਰਤ ਡਾਕਟਰਾਂ ਪ੍ਰਤੀ ਹੋ ਰਹੇ ਭੇਦਭਾਵ ਅਤੇ ਹਿੰਸਾ ਦੇ ਮੁੱਦਿਆਂ ’ਤੇ ਗਹਿਰੀ ਚਿਤਾ ਪ੍ਰਗਟਾਈ ਅਤੇ ਕਿਹਾ ਕਿ ਇਨ੍ਹਾਂ ਚੁਨੌਤੀਆਂ ਦੇ ਹੱਲ ਲਈ ਸਮਾਜ ਦੀ ਸਮੂਹਿਕ ਜ਼ਿੰਮੇਵਾਰੀ ਹੈ। ਕੋਲਕਾਤਾ ਦੀ ਘਟਨਾ ’ਤੇ ਬੋਲਦਿਆਂ ਡਾ. ਚੱਬੇਵਾਲ ਨੇ ਕਿਹਾ ਕਿ ’ਇਕ ਮਹਿਲਾ ਡਾਕਟਰ ਦੀ ਬੇਰਹਿਮੀ ਨਾਲ ਹੱਤਿਆ ਨੇ ਪੂਰੇ ਮੈਡੀਕਲ ਭਾਈਚਾਰੇ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਹ ਘਟਨਾ ਸਮਾਜ ਵਿਚ ਪ੍ਰਚਲਿਤ ਅਸੰਵੇਦਨਸ਼ੀਲਤਾ ਨੂੰ ਉਜਾਰ ਕਰਦੀ ਹੈ ਅਤੇ ਇਸ ਨੂੰ ਕਿਸੇ ਵੀ ਸੂਰਤ ਵਿਚ ਸਹਿਣ ਨਹੀਂ ਕੀਤਾ ਜਾ ਸਕਦਾ। ਅਸੀਂ ਸਾਰਿਆਂ ਨੂੰ ਇਕਜੁੱਟ ਹੋ ਕੇ ਇਸ ਤਰ੍ਹਾਂ ਦੇ ਕੰਮਾਂ ਦੀ ਨਿੰਦਾ ਕਰਨੀ ਚਾਹੀਦੀ ਹੈ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਸਾਡੇ ਡਾਕਟਰਾਂ ਨੂੰ ਸੁਰੱਖਿਅਤ ਅਤੇ ਸਨਮਾਨਜਨਕ ਵਾਤਾਵਰਨ ਮਿਲੇ। ਡਾ. ਚੱਬੇਵਾਲ ਨੇ ਵਿਸ਼ਵਾਸ ਦਿਵਾਇਆ ਕਿ ਉਹ ਸਿਹਤ ਖੇਤਰ ਵਿਚ ਸੁਧਾਰ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕਰਨਗੇ ਅਤੇ ਡਾਕਟਰਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਸਦਾ ਤੱਤਪਰ ਰਹਿਣਗੇ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਵਿਚ ਵਿਆਪਕ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਇਥੇ ਇਕ ਪੁਲਿਸ ਚੌਂਕੀ ਸਥਾਪਿਤ ਕਰਵਾਈ ਜਾਵੇਗੀ ਅਤੇ ਉਹ ਐਸ.ਐਸ.ਪੀ ਹੁਸ਼ਿਆਰਪੁਰ ਨਾਲ ਵੀ ਇਸ ਬਾਰੇ ਚਰਚਾ ਕਰਨਗੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly