ਚੰਡੀਗੜ੍ਹ (ਸਮਾਜ ਵੀਕਲੀ): ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਚੰਡੀਗੜ੍ਹ ਨੂੰ ਮਰਿਆ ਹੋਇਆ ਮੁੱਦਾ ਦੱਸਦਿਆਂ ਵਿਅੰਗ ਕੀਤੇ| ਉਨ੍ਹਾਂ ਪੰਜਾਬ-ਹਰਿਆਣਾ ਦੇ ਲੋਕਾਂ ਨੂੰ ਚੌਕਸ ਕੀਤਾ ਕਿ ਉਹ ਸਵਾ ਚਾਲ ਚੱਲੇ ਕਿਸਾਨ ਘੋਲ ਦੌਰਾਨ ਬਣੀ ਭਾਈਚਾਰਕ ਸਾਂਝ ਨੂੰ ਇਸ ਸਿਆਸੀ ਮੁੱਦੇ ਦੀ ਭੇਟ ਨਾ ਚੜ੍ਹਨ ਦੇਣ| ਉਨ੍ਹਾਂ ਖਦਸ਼ਾ ਜ਼ਾਹਰ ਕੀਤਾ ਕਿ ਕਿਤੇ ਦੋਵਾਂ ਸੂਬਿਆਂ ਦੀਆਂ ਸਰਕਾਰਾਂ ਦੀ ਸਿਆਸੀ ਮਜਬੂਰੀ ਆਪਸੀ ਭਾਈਚਾਰੇ ਨੂੰ ਨਾ ਰੋਲ ਦੇਵੇ| ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ 750 ਕਿਸਾਨਾਂ ਦੀਆਂ ਕੁਰਬਾਨੀਆਂ ਨੇ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ’ਚ ਆਪਸੀ ਭਾਈਚਾਰੇ ਨੂੰ ਮਜ਼ਬੂਤੀ ਦਿੱਤੀ|
ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਅੱਜ 56 ਸਾਲ ਪੁਰਾਣੇ ਮੁੱਦੇ ਨੂੰ ਲੈ ਕੇ ਆਹਮੋ-ਸਾਹਮਣੇ ਆ ਗਏ ਹਨ| ਉਨ੍ਹਾਂ ਟਵੀਟ ਕਰ ਕੇ ਚੰਡੀਗੜ੍ਹ ਨੂੰ ‘ਬਿੱਲੀਆਂ’ ਦੀ ਲੜਾਈ ਦੱਸਦਿਆਂ ਕਿਹਾ ਕਿ ਪੰਜਾਬ ਤੇ ਹਰਿਆਣਾ ਦੀ ਆਪਸੀ ਲੜਾਈ ’ਚ ਕੇਂਦਰ ਦੀ ਭਾਜਪਾ ਸਰਕਾਰ ਬਾਜ਼ੀ ਮਾਰ ਜਾਵੇਗੀ| ਸ੍ਰੀ ਜਾਖੜ ਨੇ ਕਿਹਾ ਕਿ ਸਿੰਘੂ ਅਤੇ ਟਿਕਰੀ ਸਰਹੱਦ ’ਤੇ ਵਰ੍ਹਿਆਂ ਮਗਰੋਂ ਪੰਜਾਬ ਅਤੇ ਹਰਿਆਣਾ ਦੇ ਲੋਕਾਂ ਦੀ ਆਪਸੀ ਭਾਈਚਾਰਕ ਸਾਂਝ ਮਜ਼ਬੂਤ ਹੋਈ ਸੀ ਪਰ ਹੁਣ ਜਾਪ ਰਿਹਾ ਹੈ ਕਿ ਚੰਡੀਗੜ੍ਹ ਦੇ ਮੁੱਦੇ ਕਾਰਨ ਇਹ ਭਾਈਚਾਰਾ ਜਜ਼ਬਾਤਾਂ ਦੀ ਭੇਟ ਚੜ੍ਹ ਜਾਵੇਗਾ| ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਇਹ ਸਕ੍ਰਿਪਟ ਲਿਖੀ ਹੈ ਅਤੇ ਜਾਣ-ਬੁੱਝ ਕੇ ਅਜਿਹਾ ਬਿਖੇੜਾ ਖੜ੍ਹਾ ਕੀਤਾ ਗਿਆ ਹੈ ਤਾਂ ਜੋ ਪੰਜਾਬ ਅਤੇ ਹਰਿਆਣਾ ਨੂੰ ਆਪਸ ਵਿੱਚ ਲੜਾਇਆ ਜਾ ਸਕੇ| ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ ਡੀਜ਼ਲ ਅਤੇ ਖਾਦਾਂ ਦੇ ਭਾਅ ਵਧਾ ਦਿੱਤੇ ਹਨ ਅਤੇ ਨਾਲ ਹੀ ਕਿਸਾਨੀ ਲੀਡਰਸ਼ਿਪ ਵਿੱਚ ਵੀ ਬਿਖੇੜਾ ਖੜ੍ਹਾ ਕਰ ਦਿੱਤਾ ਹੈ|
ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਚੰੰਡੀਗੜ੍ਹ ਦੇ ਮੁੱਦੇ ’ਤੇ ਦੋ ਸੂਬਿਆਂ ਨੂੰ ਲੜਾਉਣ ਦੀ ਚਾਲ ਚੱਲੀ ਗਈ ਹੈ| ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਚੰਡੀਗੜ੍ਹ ਯੂਟੀ ਵਿੱਚ ਕੇਂਦਰੀ ਸੇਵਾ ਨਿਯਮ ਲਾਗੂ ਕਰ ਦਿੱਤੇ ਹਨ ਜਦਕਿ ਨਾ ਤਾਂ ਕਦੇ ਯੂਟੀ ਦੇ ਮੁਲਾਜ਼ਮਾਂ ਨੇ ਇਸ ਮੰਗ ਲਈ ਮੁਜ਼ਾਹਰੇ ਕੀਤੇ ਸਨ ਅਤੇ ਨਾ ਹੀ ਕਦੇ ਪੰਜਾਬ ਅਤੇ ਹਰਿਆਣਾ ਸਰਕਾਰ ਦੀ ਅਜਿਹੀ ਕੋਈ ਮੰਗ ਸੀ| ਸ੍ਰੀ ਜਾਖੜ ਨੇ ਕਿਹਾ ਕਿ ਬਿਨਾਂ ਕਿਸੇ ਠੋਸ ਕਾਰਨ ਤੋਂ ਇਹ ਨਿਯਮ ਲਾਗੂ ਕਰ ਕੇ ਅਸਲ ਵਿੱਚ ਭਾਜਪਾ ਸਰਕਾਰ ਪੰਜਾਬ ਦੀ ਨਵੀਂ ਲੀਡਰਸ਼ਿਪ ਨੂੰ ਪਰਖਣਾ ਵੀ ਚਾਹੁੰਦੀ ਹੈ| ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਜਿਹਾ ਕਰ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗਤਾ ਤੇ ਸਮਰੱਥਾ ਦੀ ਪਰਖ ਕਰਨਾ ਚਾਹੁੰਦੀ ਹੈ| ਉਨ੍ਹਾਂ ਕਿਹਾ ਕਿ ਅੱਜ ਪੰਜਾਬ ਨੂੰ ਮਜ਼ਬੂਤ ਲੀਡਰਸ਼ਿਪ ਦੀ ਲੋੋੜ ਹੈ|
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly