ਮਾਨਸਾ, 26 ਸਤੰਬਰ ( ਚਾਨਣ ਦੀਪ ਸਿੰਘ ਔਲਖ) ਸਿਵਲ ਸਰਜਨ ਮਾਨਸਾ ਡਾਕਟਰ ਅਸ਼ਵਨੀ ਕੁਮਾਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਖਿਆਲਾਂ ਕਲਾਂ ਡਾਕਟਰ ਹਰਦੀਪ ਸ਼ਰਮਾ ਜੀ ਦੀ ਰਹਿਨੁਮਾਈ ਹੇਠ ਅੱਜ ਪਿੰਡ ਭੈਣੀਬਾਘਾ ਵਿਖੇ ਪਿੰਡ ਵਾਸੀਆਂ ਨੂੰ ਮਲੇਰੀਆ ਡੇਂਗੂ ਦੀ ਰੋਕਥਾਮ ਅਤੇ ਹੋਰ ਸਿਹਤ ਸੁਵਿਧਾਵਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸਿਹਤ ਕਰਮਚਾਰੀ ਸੁਖਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਲੇਰੀਆ ਤੇ ਡੇਂਗੂ ਦੀ ਬਿਮਾਰੀ ਤੋਂ ਡਰਨ ਦੀ ਲੋੜ ਨਹੀਂ, ਬਲਕਿ ਇਸ ਤੋਂ ਬਚਣ ਲਈ ਲੋੜੀਂਦੀਆਂ ਸਾਵਧਾਨੀਆਂ ਵਰਤਣ ਦੀ ਜ਼ਰੂਰਤ ਹੈ। ਉਨ੍ਹਾਂ ਦੱਸਿਆ ਕਿ ਡੇਂਗੂ ਬੁਖਾਰ ਏਡੀਜ਼ ਅਜੈਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ‘ਚ ਪੈਦਾ ਹੁੰਦਾ ਹੈ। ਇਸ ਲਈ ਸਾਰਿਆਂ ਨੂੰ ਮੱਛਰ ਪੈਦਾ ਹੋਣ ਵਾਲੇ ਸੋਮਿਆਂ ਨੂੰ ਨਸ਼ਟ ਕਰਨਾ ਚਾਹੀਦਾ ਹੈ। ਘਰਾਂ ਵਿਚ ਵਾਧੂ ਪਏ ਸਮਾਨ ਜਿਵੇਂ ਟਾਇਰ, ਟੁੱਟੇ ਘੜੇ ਅਤੇ ਗਮਲੇ ਵਿਚ ਪਾਣੀ ਖੜਣ ਨਹੀਂ ਦੇਣਾ ਚਾਹੀਦਾ। ਉਨ੍ਹਾਂ ਮੱਛਰਦਾਨੀਆਂ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਵਰਤੋਂ ਕਰਨ, ਸਾਰੇ ਸਰੀਰ ਨੂੰ ਢੱਕ ਕੇ ਰੱਖਣ ਵਾਲੇ ਕੱਪੜੇ ਪਾਉਣ, ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦੇਣ, ਘਰ ‘ਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖਣ ਦੀ ਸਲਾਹ ਵੀ ਦਿੱਤੀ। ਸਿਹਤ ਸੁਪਰਵਾਈਜ਼ਰ ਸੁਖਪਾਲ ਸਿੰਘ ਨੇ ਕਿਹਾ ਕਿ ਬੁਖ਼ਾਰ ਹੋਣ ‘ਤੇ ਨੇੜੇ ਦੇ ਸਿਹਤ ਕੇਂਦਰ ਵਿੱਚ ਖੂਨ ਦਾ ਟੈੱਸਟ ਜ਼ਰੂਰ ਕਰਵਾਇਆ ਜਾਵੇ ਅਤੇ ਡੇਂਗੂ ਮਲੇਰੀਆ ਪਾਜ਼ੇਟਿਵ ਆਉਣ ਦੀ ਸੂਰਤ ਵਿਚ ਮਾਹਿਰ ਡਾਕਟਰ ਤੋਂ ਸੰਪੂਰਨ ਇਲਾਜ ਕਰਵਾਇਆ ਜਾਵੇ। ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਕੀਤਾ ਜਾਂਦਾ ਹੈ। ਕਰਨਜੀਤ ਸਿੰਘ ਉਪਵੈਦ ਨੇ ਆਯੂਸ਼ਮਾਨ ਭਵ ਮੁਹਿੰਮ ਤਹਿਤ ਆਭਾ ਆਈ ਡੀ ਅਤੇ ਆਯੂਸ਼ਮਾਨ ਕਾਰਡ ਬਣਾਉਣ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਗੁਰਸੇਵਕ ਸਿੰਘ ਫਾਰਮੇਸੀ ਅਫ਼ਸਰ , ਸਿਹਤ ਕਰਮਚਾਰੀ ਲਵਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly