ਮਾਨਸਾ, 7 ਅਗਸਤ ( ਔਲਖ ) ਸਿਹਤ ਵਿਭਾਗ ਦੀਆਂ ਹਦਾਇਤਾਂ ਅਤੇ ਡਾਕਟਰ ਅਸ਼ਵਨੀ ਕੁਮਾਰ ਸਿਵਲ ਸਰਜਨ ਮਾਨਸਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਸਿਹਤ ਕਰਮਚਾਰੀਆਂ ਵੱਲੋਂ ਡੇਂਗੂ-ਮਲੇਰੀਆ ਤੋਂ ਬਚਾਅ ਸਬੰਧੀ ਅਤੇ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਵਿਸ਼ੇਸ਼ ਹਫਤੇ ਤਹਿਤ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਡਾਕਟਰ ਹਰਦੀਪ ਸ਼ਰਮਾ ਐਸ ਐਮ ਓ ਸਿਹਤ ਬਲਾਕ ਖਿਆਲਾ ਕਲਾਂ ਦੀ ਦੇਖਰੇਖ ਹੇਠ ਅੱਜ ਆਮ ਆਦਮੀ ਕਲੀਨਿਕ ਭੈਣੀ ਬਾਘਾ ਵਿਖੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਡੇਂਗੂ ਤੋਂ ਬਚਾਅ ਦੇ ਤਰੀਕੇ ਦੱਸਦਿਆਂ ਸੁਖਪਾਲ ਸਿੰਘ ਸਿਹਤ ਸੁਪਰਵਾਈਜ਼ਰ ਨੇ ਕਿਹਾ ਕਿ ਕੂਲਰਾਂ ਅਤੇ ਗਮਲਿਆਂ ਦੀ ਟਰੇਆਂ ਵਿਚ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਕੱਪੜੇ ਅਜਿਹੇ ਪਾਓ, ਜਿਸ ਨਾਲ ਪੂਰਾ ਸਰੀਰ ਢਕਿਆ ਜਾਵੇ ਤਾਂ ਜੋ ਮੱਛਰ ਨਾ ਕੱਟੇ। ਸੌਣ ਵੇਲੇ ਮੱਛਰਦਾਨੀ ਆਦਿ ਦੀ ਵਰਤੋਂ ਕਰੋ। ਬੁਖਾਰ ਹੋਣ ’ਤੇ ਐਸਪਰੀਨ ਜਾਂ ਬਰੂਫਿਨ ਨਾ ਲਵੋ, ਬੁਖਾਰ ਹੋਣ ’ਤੇ ਸਿਰਫ ਪੈਰਾਸੀਟਾਮੋਲ ਡਾਕਟਰ ਦੀ ਸਲਾਹ ਨਾਲ ਹੀ ਲਵੋ। ਸੁਖਵਿੰਦਰ ਸਿੰਘ ਸਿਹਤ ਕਰਮਚਾਰੀ ਨੇ ਦੱਸਿਆ ਕਿ ਪਾਣੀ ਦੀਆਂ ਟੈਂਕੀਆਂ ਦੇ ਢੱਕਣ ਚੰਗੀ ਤਰ੍ਹਾਂ ਬੰਦ ਰੱਖੋ। ਟੁੱਟੇ ਬਰਤਨਾਂ, ਡਰੰਮਾਂ ਤੇ ਟਾਇਰਾਂ ਆਦਿ ਵਿਚ ਪਾਣੀ ਨਾ ਖੜ੍ਹਾ ਹੋਣ ਦਿਓ। ਉਨ੍ਹਾਂ ਦੱਸਿਆ ਕਿ ਡੇਂਗੂ ਦਾ ਮੱਛਰ ਹਫਤੇ ਵਿੱਚ ਅੰਡੇ ਤੋਂ ਪੂਰਾ ਮੱਛਰ ਬਣਦਾ ਹੈ, ਇਸ ਲਈ ਕੂਲਰਾਂ, ਗਮਲਿਆਂ, ਫਰਿੱਜਾਂ ਦੀਆਂ ਟਰੇਆਂ ਆਦਿ ਭਾਂਡਿਆਂ ਨੂੰ ਹਰ ਸ਼ੁੱਕਰਵਾਰ ਡਰਾਈ ਡੇਅ ਮਨਾਉਂਦੇ ਹੋਏ ਸੁੱਕਾ ਰੱਖਿਆ ਜਾਵੇ। ਇਸ ਮੌਕੇ ਸ਼ਿੰਦਰ ਕੌਰ ਐਲ ਐਚ ਵੀ ਨੇ ਮਾਂ ਦੇ ਦੁੱਧ ਦੀ ਮਹੱਤਤਾ ਹਫਤੇ ਬਾਰੇ ਦਸਦਿਆਂ ਕਿਹਾ ਕਿ ਮਾਂ ਦਾ ਦੁੱਧ ਬੱਚੇ ਲਈ ਪ੍ਰਮਾਤਮਾ ਵਲੋਂ ਬਖਸ਼ੀ ਬਹੁਤ ਵੱਡੀ ਨਿਆਮਤ ਹੈ, ਜਿਸ ਦਾ ਕੋਈ ਵੀ ਮੇਲ ਨਹੀਂ ਹੈ। ਜਣੇਪੇ ਤੋਂ ਤੁਰੰਤ ਬਾਅਦ ਮਾਂ ਦਾ ਦੁੱਧ ਬੱਚੇ ਨੂੰ ਪਿਲਾਉਣਾ ਜ਼ਰੁਰੀ ਹੈ। ਪਹਿਲੇ 6 ਮਹੀਨੇ ਤਾਂ ਕੇਵਲ ਮਾਂ ਦਾ ਦੁੱਧ ਬੱਚੇ ਲਈ ਸੰਪੂਰਨ ਖੁਰਾਕ ਹੈ।ਪਹਿਲਾ ਪੀਲਾ ਗਾੜ੍ਹਾ ਦੁੱਧ ਬੱਚੇ ਵਿੱਚ ਬਿਮਾਰੀਆਂ ਤੋਂ ਬਚਣ ਦਾ ਸੁਰੱਖਿਆ ਕਵਚ ਦਾ ਕੰਮ ਕਰਦਾ ਹੈ।ਉਨਾਂ ਨੇ ਆਈਆ ਹੋਈਆ ਮਾਵਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚੇ ਨੂੰ ਤੰਦਰੁਸਤ ਰੱਖਣ ਲਈ ਮਾਂ ਦਾ ਦੁੱਧ ਜ਼ਰੂਰ ਪਿਲਾਉਣ। ਇਸ ਮੌਕੇ ਡਾਕਟਰ ਭੁਪਿੰਦਰ ਸਿੰਘ ਮੈਡੀਕਲ ਅਫਸਰ, ਫਾਰਮੇਸੀ ਅਫ਼ਸਰ ਗੁਰਪ੍ਰੀਤ ਸਿੰਘ, ਹਰਪ੍ਰੀਤ ਕੌਰ, ਉਪਵੈਦ ਕਰਨਜੀਤ ਸਿੰਘ ਅਤੇ ਸਰਬਜੀਤ ਕੌਰ ਏ ਐਨ ਐਮ ਹਾਜ਼ਰ ਸਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly